ਐਕਸਪ੍ਰੈਸ ਵੇਅ ਦੇ ਕੰਮ ਰੋਕ ਕੇ ਰੋਡ ਸੰਘਰਸ਼ ਕਮੇਟੀ ਵੱਲੋਂ ਅਣਮਿੱਥੇ ਸਮੇਂ ਲਈ ਦਿੱਤਾ ਜਾ ਰਿਹਾ ਧਰਨਾ ਸੱਤਵੇਂ ਦਿਨ ਵੀ ਜਾਰੀ

ਕਿਸਾਨਾਂ ਨੇ ਨੈਸ਼ਨਲ ਹਾਈਵੇ ਅਥਾਰਟੀ ਤੇ ਪ੍ਰਸ਼ਾਸਨ ਵਿਰੁੱਧ ਕੀਤੀ ਜ਼ੋਰਦਾਰ ਨਾਅਰੇਬਾਜ਼ੀ
ਕਿਸਾਨਾਂ ਦੀਆਂ ਜ਼ਮੀਨਾਂ ਬਰਬਾਦ ਕਰਕੇ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰ ਰਹੀ : ਟਿੱਬਾ
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਹਲਕਾ ਸੁਲਤਾਨਪੁਰ ਲੋਧੀ ਦੇ 22 ਪਿੰਡਾਂ ਦੇ ਕਿਸਾਨਾਂ ਦੀਆਂ ਉਪਜਾਊ ਜਮੀਨਾਂ ਉੱਪਰ ਉਸਾਰੇ ਜਾ ਰਹੇ ਐਕਸਪ੍ਰੈਸ ਵੇ ਦੇ ਵਿਰੋਧ ਵਿਚ ਰੋਡ ਸੰਘਰਸ਼ ਕਮੇਟੀ ਕਪੂਰਥਲਾ ਦੀ ਅਗਵਾਈ ਹੇਠ ਪ੍ਰਭਾਵਿਤ ਕਿਸਾਨਾਂ ਵੱਲੋਂ ਅਣਮਿਥੇ ਸਮੇਂ ਲਈ ਨਿਰਮਾਣ ਕਾਰਜ ਰੋਕ ਕੇ ਦਿੱਤਾ ਜਾ ਰਿਹਾ ਧਰਨਾ ਅੱਜ ਸੱਤਵੇਂ ਦਿਨ ਵੀ ਲਗਾਤਾਰ ਜਾਰੀ ਰਿਹਾ। ਅੱਜ ਪ੍ਰਸ਼ਾਸਨ ਅਤੇ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਕਿਸਾਨਾਂ ਨਾਲ ਚੱਲ ਰਹੀ ਗੱਲਬਾਤ ਨੂੰ ਅੱਗੇ ਨਹੀਂ ਵਧਾਇਆ ਗਿਆ। ਧਰਨੇ ਵਿਚ ਪੁੱਜੇ ਕਿਸਾਨਾਂ ਨੇ ਅੱਜ ਪ੍ਰਸ਼ਾਸਨ ਅਤੇ ਨੈਸ਼ਨਲ ਹਾਈਵੇ ਥਾਰਟੀ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਤੇ ਜ਼ਮੀਨਾਂ ਦਾ ਯੋਗ ਮੁਆਵਜ਼ਾ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਇਸ ਐਕਸਪ੍ਰੈਸ ਵੇ ’ਤੇ ਕਿਸੇ ਤਰ੍ਹਾਂ ਦਾ ਵੀ ਕੰਮ ਨਹੀਂ ਹੋਣ ਦਿੱਤਾ ਜਾਵੇਗਾ। ਧਰਨੇ ਨੂੰ ਸੰਬੋਧਨ ਕਰਦਿਆਂ ਕੁਲ ਹਿੰਦ ਕਿਸਾਨ ਸਭਾ ਦੇ ਆਗੂ ਅਮਰਜੀਤ ਸਿੰਘ ਟਿੱਬਾ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਕਿਸਾਨਾਂ ਦੀਆਂ ਉਪਜਾਊ ਜ਼ਮੀਨਾਂ ਉਜਾੜ ਕੇ ਇਹ ਨੈਸ਼ਨਲ ਹਾਈਵੇ ਉਸਾਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦਾ ਹਲਕਾ ਸੁਲਤਾਨਪੁਰ ਲੋਧੀ ਦੇ ਕਿਸਾਨਾਂ ਨੂੰ ਕੋਈ ਵੀ ਫਾਇਦਾ ਨਹੀਂ ਹੈ। ਇਹ ਤਾਂ ਸਿਰਫ ਕਾਰਪੋਰੇਟ ਘਰਾਣਿਆਂ ਦੇ ਵਪਾਰ ਲਈ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇ ਅੱਜ ਕਿਸਾਨ ਲਾਮਬੰਦ ਹੋਣਗੇ ਤਾਂ ਇਹ ਲੋਟੂ ਸਰਕਾਰਾਂ ਤੋਂ ਆਪਣੇ-ਆਪ ਨੂੰ ਬਚਾ ਸਕਦੇ ਹਨ। ਅੱਜ ਕਿਸਾਨਾਂ ਨੂੰ ਜਾਗਣ ਦੀ ਲੋੜ ਹੈ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਸਾਬਕਾ ਐੱਸਡੀਓ ਸੁਖਦੇਵ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਭਰੋਸੇ ਵਿਚ ਲੈਣ ਤੋਂ ਬਗੈਰ ਹੀ ਪ੍ਰਸ਼ਾਸਨ ਅਤੇ ਨੈਸ਼ਨਲ ਹਾਈਵੇ ਅਥਾਰਟੀ ਨੇ ਜ਼ਮੀਨਾਂ ਐਕਵਾਇਰ ਕਰ ਲਈਆਂ। ਉਨ੍ਹਾਂ ਕਿਹਾ ਕਿ ਜੇ ਦੂਜੇ ਸੂਬਿਆਂ ਵਿਚ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਮੁਆਵਜ਼ਾ 1 ਕਰੋੜ ਤੋਂ ਵੱਧ ਦਿੱਤਾ ਗਿਆ ਹੈ ਤਾਂ ਪੰਜਾਬ ਨਾਲ ਕਿਉਂ ਵਿਤਕਰਾ ਕੀਤਾ ਗਿਆ। ਇਸ ਮੌਕੇ ਬੋਲਦਿਆਂ ਤਰਕਸ਼ੀਲ ਆਗੂ ਕਾਮਰੇਡ ਸੁਰਜੀਤ ਸਿੰਘ ਟਿੱਬਾ ਨੇ ਕਿਹਾ ਮੋਦੀ ਸਰਕਾਰ ਕਿਸਾਨ ਵਿਰੋਧੀ ਸਾਬਿਤ ਹੋਈ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਲਾਮਬੰਦ ਕਰਦਿਆਂ ਕਿਹਾ ਕਿ ਇਹ ਕਾਰਪੋਰੇਟ ਘਰਾਣੇ ਦੇਸ਼ ਦੇ ਅਨਾਜ ਭੰਡਾਰ ’ਤੇ ਕਬਜ਼ਾ ਕਰਨ ਦੇ ਨਾਲ-ਨਾਲ ਸਾਡੀਆਂ ਜ਼ਮੀਨਾਂ ਵੀ ਹੜੱਪ ਲੈਣਗੇ। ਇਸ ਮੌਕੇ ਰੋਡ ਸੰਘਰਸ਼ ਕਮੇਟੀ ਦੇ ਪ੍ਰਧਾਨ ਪ੍ਰਭਦਿਆਲ ਸਿੰਘ ਜੋਸਨ ਨੇ ਐਲਾਨ ਕੀਤਾ ਕਿ ਜਦੋਂ ਤੱਕ ਨੈਸ਼ਨਲ ਹਾਈਵੇ ਅਥਾਰਟੀ ਸੈਕਸ਼ਨ 34 ਤਹਿਤ ਆਰਬੀਟਰੇਸ਼ਨ ਟ੍ਰਿਬਿਊਨਲ ਦੇ ਫੈਸਲੇ ਨੂੰ ਚੈਲੰਜ ਕਰਨ ਵਾਲਾ ਕੇਸ ਵਾਪਸ ਨਹੀਂ ਲੈਂਦੀ, ਉਦੋਂ ਤੱਕ ਕਿਸੇ ਤਰ੍ਹਾਂ ਦੇ ਨਿਰਮਾਣ ਕਾਰਜ ਨਹੀਂ ਹੋਣ ਦਿੱਤੇ ਜਾਣਗੇ। ਇਸ ਮੌਕੇ ਰਣਜੀਤ ਸਿੰਘ ਰਾਣਾ, ਜਸਵਿੰਦਰ ਸਿੰਘ ਟਿੱਬਾ, ਜਸਵਿੰਦਰ ਸਿੰਘ ਬਈ, ਮਾਸਟਰ ਸ਼ਿੰਗਾਰਾ ਸਿੰਘ, ਮਾਸਟਰ ਮਨਪ੍ਰੀਤ ਸਿੰਘ,ਆਪ ਆਗੂ ਅਮਰੀਕ ਸਿੰਘ ਜੱਫਾ,ਸੀਤਲ ਸਿੰਘ ਮੌਲੂ, ਮਲਕੀਤ ਸਿੰਘ ਕਾਲਰੂ, ਬਲਜਿੰਦਰ ਸਿੰਘ ਮਿੰਟੂ, ਭਜਨ ਸਿੰਘ, ਜਗਦੀਪ ਸਿੰਘ ਗਾਂਧਾ ਸਿੰਘ ਵਾਲਾ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਨੰਬਰਦਾਰ ਮਲਕੀਤ ਸਿੰਘ ਮੈਰੀਪੁਰ ਆਦਿ ਹਾਜ਼ਰ ਸਨ ।