ਦਿੱਲੀ ਪੁਲਸ ਗ੍ਰਿਫਤਾਰ ਕੀਤੇ ਆਗੂਆਂ ਨੂੰ ਰਿਹਾਅ ਕਰੇ ਦਿੱਲੀ ਪੁਲਸ ਵਲੋਂ ਗ੍ਰਿਫਤਾਰ ਕੀਤੇ ਆਗੂਆਂ ਅਤੇ ਵਰਕਰਾਂ ਨੂੰ ਰਿਹਾਅ ਕੀਤਾ ਜਾਵੇ
Publish Date: Sat, 10 Oct 2026 09:33 PM (IST)
Updated Date: Sat, 10 Oct 2026 09:35 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਨਿਰਮਲ ਸਿੰਘ ਸ਼ੇਰਪੁਰ ਸੱਧਾ ਤੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾਪੁਰ ਨੇ ਦਿੱਲੀ ਪੁਲਸ ਵੱਲੋਂ ਇਫਟੂ ਦੇ ਕੇਂਦਰੀ ਕਮੇਟੀ ਮੈਂਬਰ ਡਾਕਟਰ ਅਨਿਮੇਸ਼ ਦਾਸ , ਨੌਜਵਾਨ ਭਾਰਤ ਸਭਾ ਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂਆਂ ਸਮੇਤ ਹੋਰ ਬਹੁਤ ਸਾਰੇ ਆਗੂਆਂ ਤੇ ਵਰਕਰਾਂ ਨੂੰ ਗ੍ਰਿਫਤਾਰ ਕਰਨ ਦੀ ਸਖ਼ਤ ਨਿੰਦਾ ਕਰਦਿਆਂ ਉਨ੍ਹਾਂ ਨੂੰ ਫੌਰੀ ਤੌਰ ’ਤੇ ਰਿਹਾਅ ਕਰਨ ਦੀ ਮੰਗ ਕੀਤੀ ਹੈ। ਇਕ ਪ੍ਰੈੱਸ ਬਿਆਨ ਰਾਹੀਂ ਇਹ ਮੰਗ ਕਰਦਿਆਂ ਮਜ਼ਦੂਰ ਆਗੂਆਂ ਨੇ ਕਿਹਾ ਹੈ ਕਿ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈਕੇ ਜੰਤਰ ਮੰਤਰ ਦਿੱਲੀ ਵਿਖੇ ਪ੍ਰਦਰਸ਼ਨ ਕੀਤਾ ਜਾਣਾ ਸੀ, ਜਿਸਨੂੰ ਰੋਕਣ ਲਈ ਭਾਜਪਾ ਦੀ ਦਿੱਲੀ ਪੁਲਸ ਨੇ ਸਾਰੀਆਂ ਹੱਦਾਂ ਪਾਰ ਕਰਦਿਆਂ ਸਖ਼ਤ ਰੋਕਾਂ ਲਾ ਦਿੱਤੀਆਂ, ਕਈ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਹਿਰਾਸਤ ਵਿਚ ਲੈ ਲਿਆ, ਮੁਜਾਹਰਿਆਂ ਦੇ ਰੂਪ ਵਿਚ ਅੱਗੇ ਵਧਦਿਆਂ ਨੂੰ ਗ੍ਰਿਫਤਾਰ ਕਰ ਲਿਆ। ਕਈ ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਅਤੇ ਮੈਟਰੋ ਬੰਦ ਕਰ ਦਿੱਤੀਆਂ। ਆਗੂਆਂ ਨੇ ਕਿਹਾ ਕਿ ਅੱਜ ਦਾ ਦਿਨ ਇਤਹਾਸ ਵਿੱਚ ਕਾਲੇ ਦਿਨ ਵਜੋਂ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਸ ਜਬਰ ਨਾਲ ਲੋਕ ਰੋਹ ਨੂੰ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਨੇ ਗ੍ਰਿਫਤਾਰ ਕੀਤੇ ਗਏ ਆਗੂਆਂ ਤੇ ਵਰਕਰਾਂ ਨੂੰ ਫੌਰੀ ਰਿਹਾਅ ਕਰਨ ਦੀ ਮੰਗ ਕੀਤੀ ਹੈ।