ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਅਤੇ ਡੀ ਆਰ ਓ ਕਪੂਰਥਲਾ ਨਾਲ਼ ਸੰਘਰਸ਼ ਕਮੇਟੀ ਦੀ ਮੀਟਿੰਗ ਰਹੀ ਬੇਸਿੱਟਾ

-ਧਰਨਾ ਪੰਜਵੇਂ ਦਿਨ ਵੀ ਜਾਰੀ, ਮੰਗਾਂ ਨਾ ਮੰਨੀਆਂ ਤਾਂ ਅਣਮਿੱਥੇ ਸਮੇਂ ਲਈ ਲੱਗੇਗਾ
-ਐੱਨਐੱਚਏ ਦੇ ਅਧਿਕਾਰੀਆਂ ਤੇ ਡੀਆਰਓ ਨਾਲ਼ ਸੰਘਰਸ਼ ਕਮੇਟੀ ਦੀ ਮੀਟਿੰਗ ਰਹੀ ਬੇਸਿੱਟਾ
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਹਲਕਾ ਸੁਲਤਾਨਪੁਰ ਲੋਧੀ ’ਚ ਉਸਾਰੇ ਜਾ ਰਹੇ ਜਾਮਨਗਰ-ਬਠਿੰਡਾ ਅਤੇ ਦਿੱਲੀ-ਕਟੜਾ ਐਕਸਪ੍ਰੈੱਸ ਵੇਅ ਦੇ ਟਿੱਬਾ ਜੰਕਸ਼ਨ ’ਤੇ ਰੋਡ ਸੰਘਰਸ਼ ਕਮੇਟੀ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਲਾ ਕੇ ਬੀਤੇ ਦਿਨਾਂ ਤੋਂ ਕੰਮ ਰੋਕੇ ਜਾਣ ਤੋਂ ਬਾਅਦ ਡਿਪਟੀ ਕਮਿਸ਼ਨਰ ਕਪੂਰਥਲਾ ਵੱਲੋਂ ਬੀਤੀ ਰਾਤ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੇ ਯਤਨਾਂ ਤੋਂ ਬਾਅਦ ਅੱਜ ਰੋਡ ਸੰਘਰਸ਼ ਕਮੇਟੀ ਦੇ ਆਗੂਆਂ ਦੀ ਡੀਆਰਓ ਕਪੂਰਥਲਾ ਮਨਦੀਪ ਸਿੰਘ ਮਾਨ ਅਤੇ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨਾਲ਼ ਰੈਸਟ ਹਾਊਸ ਸੁਲਤਾਨਪੁਰ ਲੋਧੀ ਵਿਖੇ ਹੋਈ ਮੀਟਿੰਗ ਬੇਸਿੱਟਾ ਰਹੀ। ਇਸ ਤੋਂ ਬਾਅਦ ਰੋਡ ਸੰਘਰਸ਼ ਕਮੇਟੀ ਦੇ ਪ੍ਰਧਾਨ ਪ੍ਰਭਦਿਆਲ ਸਿੰਘ, ਸੀਨੀਅਰ ਮੀਤ ਪ੍ਰਧਾਨ ਬਖਸ਼ੀਸ਼ ਸਿੰਘ ਤਲਵੰਡੀ ਚੌਧਰੀਆਂ, ਇੰਦਰਜੀਤ ਸਿੰਘ ਲਿਫਟਰ, ਅਮਰਜੀਤ ਸਿੰਘ ਜੇ ਈ, ਹਰਿੰਦਰ ਸਿੰਘ ਕਾਲੇਵਾਲ, ਤਰਸੇਮ ਸਿੰਘ, ਰਣਜੀਤ ਸਿੰਘ ਰਾਣਾ, ਜਸਵਿੰਦਰ ਸਿੰਘ ਬਈ ਆਦਿ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਮੰਨ ਕੇ ਉਨ੍ਹਾਂ ਦੇ ਖਾਤਿਆਂ ਵਿਚ ਪੈਸੇ ਨਹੀਂ ਆ ਜਾਂਦੇ, ਉਦੋਂ ਤੱਕ ਐਕਸਪ੍ਰੈਸ ਵੇਅ ਦੇ ਨਿਰਮਾਣ ਕਾਰਜ ਨਹੀਂ ਹੋਣ ਦਿੱਤੇ ਜਾਣਗੇ। ਮੀਟਿੰਗ ਦੌਰਾਨ ਰੋਡ ਸੰਘਰਸ਼ ਕਮੇਟੀ ਅਤੇ ਨੈਸ਼ਨਲ ਹਾਈਵੇ ਅਥਾਰਟੀ, ਡੀਆਰਓ ਕਪੂਰਥਲਾ ਵਿਚਕਾਰ ਭਾਵੇਂ ਕੁੱਝ ਮੰਗਾਂ ’ਤੇ 15 ਦਿਨਾਂ ਅੰਦਰ ਲਾਗੂ ਕਰਨ ਦੀ ਸਹਿਮਤੀ ਬਣੀ ਪਰ ਸੈਕਸ਼ਨ 34 ਤਹਿਤ ਆਰਬੀਟਰੇਸ਼ਨ ਟ੍ਰਿਬਿਊਨਲ ਦੇ ਫੈਸਲੇ ਨੂੰ ਚੈਲੰਜ ਕਰਨ ਵਾਲੇ ਮੁੱਦੇ ’ਤੇ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀ ਉਸ ਨੂੰ ਵਾਪਸ ਲੈਣ ਤੋਂ ਪਿੱਛੇ ਹਟ ਗਏ, ਜਿਸ ’ਤੇ ਰੋਡ ਸੰਘਰਸ਼ ਕਮੇਟੀ ਦੇ ਆਗੂਆਂ ਨੇ ਭਾਰੀ ਰੋਸ ਜਤਾਇਆ। ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਕੁੱਝ ਸਮਾਂ ਪਹਿਲਾਂ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਹੋਈਆਂ ਮੀਟਿੰਗਾਂ ਦੌਰਾਨ ਮੰਨਿਆ ਸੀ ਕਿ ਨੈਸ਼ਨਲ ਹਾਈਵੇ ਅਥਾਰਟੀ ਆਰਬੀਟਰੇਸ਼ਨ ਟ੍ਰਿਬਿਊਨਲ ਦੇ ਫੈਸਲੇ ਨੂੰ ਚੁਣੌਤੀ ਨਹੀਂ ਦੇਵੇਗੀ ਪਰ ਨੈਸ਼ਨਲ ਹਾਈਵੇ ਅਥਾਰਟੀ ਨੇ ਚੈਲੰਜ ਕਰਕੇ ਕਿਸਾਨਾਂ ਨਾਲ਼ ਧੋਖਾ ਕੀਤਾ। ਮੀਟਿੰਗ ਵਿਚ ਨੈਸ਼ਨਲ ਹਾਈਵੇ ਅਥਾਰਟੀ ਦੇ ਡਿਪਟੀ ਮੈਨੇਜਰ ਸ਼ਾਂਤਨੂੰ ਉਪਾਧਿਆਇ, ਜੀਆਰ ਇੰਨਫਰਾ ਦੇ ਪ੍ਰੋਜੈਕਟ ਮੈਨੇਜਰ ਸੁਸ਼ੀਲ ਕੁਮਾਰ, ਨਾਇਬ ਤਹਿਸੀਲਦਾਰ ਗੌਰਵ ਬਾਂਸਲ ਤੇ ਹੋਰ ਅਧਿਕਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਰੋਡ ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ ਜਦੋਂ ਤੱਕ ਸਾਡੇ ਖਾਤਿਆਂ ਵਿਚ ਪੈਸੇ ਨਹੀਂ ਪਾ ਦਿੱਤੇ ਜਾਂਦੇ, ਉਦੋਂ ਤੱਕ ਐਕਸਪ੍ਰੈਸ ਵੇਅ ਦੇ ਨਿਰਮਾਣ ਕਾਰਜ ਬੰਦ ਰਹਿਣਗੇ।ਉੱਧਰ ਰੋਡ ਸੰਘਰਸ਼ ਕਮੇਟੀ ਵੱਲੋਂ ਟਿੱਬਾ ਵਿਖੇ ਅਣਮਿੱਥੇ ਸਮੇਂ ਲਈ ਦਿੱਤਾ ਜਾ ਰਿਹਾ ਧਰਨਾ ਅੱਜ ਪੰਜਵੇਂ ਦਿਨ ਵੀ ਜਾਰੀ ਰਿਹਾ। ਰੋਡ ਸੰਘਰਸ਼ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਖਸ਼ੀਸ਼ ਸਿੰਘ ਤਲਵੰਡੀ ਚੌਧਰੀਆਂ ਦੀ ਅਗਵਾਈ ਹੇਠ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਬਿਆਸ ਪੁਲ ’ਤੇ ਉਸਾਰੇ ਜਾ ਰਹੇ ਪੁੱਲ ਦੇ ਨਿਰਮਾਣ ਕਾਰਜ ਬੰਦ ਕਰਵਾ ਦਿੱਤੇ। ਇਸ ਮੌਕੇ ਉਨ੍ਹਾਂ ਨੇ ਪ੍ਰਸ਼ਾਸਨ ਅਤੇ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਜੇ ਇਨ੍ਹਾਂ ਨੇ ਆਪਣੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਿਭਾਈ ਹੁੰਦੀ ਤਾਂ ਅੱਜ ਸਾਨੂੰ ਸੜਕਾਂ ’ਤੇ ਨਾ ਆਉਣਾ ਪੈਂਦਾ। ਇਸ ਮੌਕੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਕਪੂਰਥਲਾ ਦੇ ਪ੍ਰਧਾਨ ਹਰਵਿੰਦਰ ਸਿੰਘ ਅੱਲੂਵਾਲ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਆਗੂ ਤਰਮਿੰਦਰ ਸਿੰਘ ਮੱਲ੍ਹੀ, ਨਿਰਮਲ ਸਿੰਘ ਬੂਲਪੁਰ, ਨੰਬਰਦਾਰ ਯੂਨੀਅਨ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਸਤਵਿੰਦਰ ਸਿੰਘ ਸੱਤਾ, ਪੈਨਸ਼ਨਰ ਐਸੋਸੀਏਸ਼ਨ ਵੱਲੋਂ ਮਾਸਟਰ ਸੁੱਚਾ ਸਿੰਘ ਮਿਰਜ਼ਾਪੁਰ, ਚਰਨ ਸਿੰਘ ਹੈਬਤਪੁਰ ਵੱਲੋਂ ਧਰਨੇ ਨੂੰ ਸਮਰਥਨ ਦਿੱਤਾ ਗਿਆ। ਇਸ ਮੌਕੇ ਨੰਬਰਦਾਰ ਮਲਕੀਤ ਸਿੰਘ ਮੈਰੀਪੁਰ, ਰੇਸ਼ਮ ਸਿੰਘ ਅਮਾਨੀਪੁਰ, ਜਸਵਿੰਦਰ ਸਿੰਘ ਟਿੱਬਾ, ਗੁਰਪ੍ਰੀਤ ਸਿੰਘ ਹੈਬਤਪੁਰ, ਭਜਨ ਸਿੰਘ ਟਿੱਬਾ, ਜਗਮੋਹਣ ਸਿੰਘ, ਜਗਦੀਪ ਸਿੰਘ ਗਾਂਧਾ ਸਿੰਘ ਵਾਲਾ ਅਤੇ ਹੋਰ ਕਿਸਾਨ ਵੱਡੀ ਗਿਣਤੀ ਵਿਚ ਹਾਜ਼ਰ ਸਨ।