ਵੀਬੀ-ਜੀ ਰਾਮਜੀ ਤਹਿਤ ਰੁਜ਼ਗਾਰ ਕਾਰਜ ਯਕੀਨੀ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਸਰਪੰਚ : ਡਾ. ਚੱਬੇਵਾਲ ਐਮ.ਪੀ. ਨੇ ਸਰਪੰਚਾਂ ਨੂੰ ਵੀ.ਬੀ.-ਜੀ ਰਾਮ ਜੀ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਦਾ ਸੱਦਾ ਦਿੱਤਾ
Publish Date: Tue, 21 Jul 2026 06:50 PM (IST)
Updated Date: Tue, 21 Jul 2026 06:52 PM (IST)
ਵਿਜੇ ਸੋਨੀ, ਪੰਜਾਬੀ ਜਾਗਰਣ ਫਗਵਾੜਾ : ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਪਿੰਡਾਂ ਦੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ‘ਵਿਕਸਿਤ ਭਾਰਤ- ਗਾਰੰਟੀ ਫਾਰ ਰੁਜ਼ਗਾਰ ਐਂਡ ਆਜੀਵਿਕਾ ਮਿਸ਼ਨ ਗ੍ਰਾਮੀਣ’ (ਵੀਬੀ-ਜੀ ਰਾਮਜੀ) ਸਕੀਮ ਤਹਿਤ ਰੁਜ਼ਗਾਰ ਉਤਪਾਦਨ ਦੇ ਕੰਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਨਿਰਮਾਣ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਤਾਂ ਜੋ ਗ੍ਰਾਮੀਣ ਮਜ਼ਦੂਰਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਸਕਣ। ਸੋਮਵਾਰ ਨੂੰ ਸਰਪੰਚਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੇ ਵੀਬੀ-ਜੀ ਰਾਮਜੀ ਪ੍ਰੋਗਰਾਮ ਦੇ ਕੁਝ ਪਹਿਲੂਆਂ ਸਬੰਧੀ ਭਾਰਤ ਸਰਕਾਰ ਕੋਲ ਆਪਣਾ ਇਤਰਾਜ਼ ਦਰਜ ਕਰਵਾਇਆ ਹੈ, ਪਰ ਉਹ ਇਸ ਸਕੀਮ ਤਹਿਤ ਦਿਹਾਤੀ ਮਜ਼ਦੂਰਾਂ ਨੂੰ ਰੁਜ਼ਗਾਰ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਗ੍ਰਾਮੀਣ ਮਜ਼ਦੂਰਾਂ ਦੀ ਰੋਜ਼ੀ-ਰੋਟੀ ਦੀ ਰਾਖੀ ਲਈ ਇਸ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ। ਗ੍ਰਾਮ ਰੁਜ਼ਗਾਰ ਸੇਵਕਾਂ ਵੱਲੋਂ ਕੀਤੀ ਜਾ ਰਹੀ ਹੜਤਾਲ ’ਤੇ ਚਿੰਤਾ ਪ੍ਰਗਟ ਕਰਦਿਆਂ ਡਾ. ਚੱਬੇਵਾਲ ਨੇ ਕਿਹਾ ਕਿ ਇਸ ਸਕੀਮ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਬਾਰੇ ਮਜ਼ਦੂਰਾਂ ਵਿੱਚ ਗਲਤ ਪ੍ਰਚਾਰ ਕੀਤਾ ਜਾ ਰਹਾ ਹੈ। ਉਨ੍ਹਾਂ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਮਜ਼ਦੂਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਂਦੇ ਰਹਿਣ ਦੇ ਸਰਕਾਰ ਦੇ ਦ੍ਰਿੜ ਸੰਕਲਪ ਤੋਂ ਜਾਣੂ ਕਰਵਾਉਣ ਅਤੇ ਇਹ ਯਕੀਨੀ ਬਣਾਉਣ ਕਿ ਉਹ ਝੂਠੇ ਪ੍ਰਚਾਰ ਤੋਂ ਗੁਮਰਾਹ ਨਾ ਹੋਣ। ਉਨ੍ਹਾਂ ਦੱਸਿਆ ਕਿ ਨਵੇਂ ਜੌਬ ਕਾਰਡ ਜਾਰੀ ਕਰਨ, ਮਸਟਰ ਰੋਲ ਤਿਆਰ ਕਰਨ ਅਤੇ ਹੋਰ ਨਿਯਮਤ ਗਤੀਵਿਧੀਆਂ ਨੂੰ ਸੁਚਾਰੂ ਬਣਾਉਣ ਲਈ ਵਾਧੂ ਸਟਾਫ ਵੀ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਰੁਜ਼ਗਾਰ ਦੇ ਕੰਮ ਪ੍ਰਭਾਵਿਤ ਨਾ ਹੋਣ। ਸਰਪੰਚਾਂ ਨੂੰ ਤੁਰੰਤ ਕਾਰਵਾਈ ਕਰਨ ਦਾ ਸੱਦਾ ਦਿੰਦਿਆਂ ਡਾ. ਚੱਬੇਵਾਲ ਨੇ ਉਨ੍ਹਾਂ ਨੂੰ ਮਨਰੇਗਾ ਮਜ਼ਦੂਰਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਕੰਮ ਸ਼ੁਰੂ ਕਰਨ ਲਈ ਪ੍ਰੇਰਿਤ ਕਰਨ ਲਈ ਕਿਹਾ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਮਸਟਰ ਰੋਲ ਤੁਰੰਤ ਜਾਰੀ ਕੀਤੇ ਜਾਣ ਅਤੇ ਮਜ਼ਦੂਰਾਂ ਦੀ ਹਾਜ਼ਰੀ ਦੀ ਪੁਸ਼ਟੀ ਕਰਕੇ ਸਹੀ ਰਿਕਾਰਡ ਰੱਖਿਆ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਹਰੇਕ ਪਿੰਡ ਵਿੱਚ ਇਸ ਪ੍ਰੋਗਰਾਮ ਤਹਿਤ ਘੱਟੋ-ਘੱਟ ਦੋ ਕੰਮ ਸ਼ੁਰੂ ਕੀਤੇ ਜਾਣ ਅਤੇ ਘੱਟੋ-ਘੱਟ 20 ਮਜ਼ਦੂਰਾਂ ਨੂੰ ਰੋਜ਼ਗਾਰ ਦਿੱਤਾ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਵੀ.ਬੀ.-ਜੀ ਰਾਮਗ ਪਹਿਲਕਦਮੀ ਤਹਿਤ ਸ਼ੁਰੂ ਕੀਤੇ ਗਏ ਕੰਮਾਂ ਲਈ ਸਮੱਗਰੀ ਦੀ ਅਦਾਇਗੀ ਨਾਲੋ-ਨਾਲ ਜਾਰੀ ਕੀਤੀ ਜਾਵੇਗੀ, ਕਿਉਂਕਿ ਸਾਰੀਆਂ ਜ਼ਰੂਰੀ ਮਨਜ਼ੂਰੀਆਂ ਪਹਿਲਾਂ ਹੀ ਦਿੱਤੀਆਂ ਜਾ ਚੁੱਕੀਆਂ ਹਨ। ਸੰਸਦ ਮੈਂਬਰ ਨੇ ਸਰਪੰਚਾਂ ਨੂੰ ਚੱਲ ਰਹੇ ਅਤੇ ਅਧੂਰੇ ਕੰਮਾਂ, ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਨਿਰਮਾਣ ਗਤੀਵਿਧੀਆਂ, ਪੌਦੇ ਲਗਾਉਣ ਦੀਆਂ ਮੁਹਿੰਮਾਂ, ਸਿੰਚਾਈ ਨਾਲਿਆਂ ਦੇ ਨਿਰਮਾਣ ਅਤੇ ਆਂਗਨਵਾੜੀ ਕੇਂਦਰਾਂ ਨਾਲ ਸਬੰਧਤ ਵਿਕਾਸ ਕਾਰਜਾਂ ਨੂੰ ਪਹਿਲ ਦੇਣ ਲਈ ਕਿਹਾ।