- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਮਿੰਦਰ ਸਿੰਘ ਝੋਟਾ ਦਾ ਕਤਲ ਹੋਣਾ ਸਰਕਾਰ ਦੀ ਨਾਕਾਮੀ -ਆਹਲੀ

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਬੇਰਹਿਮੀ ਨਾਲ ਹੋਏ ਕਤਲ ਨੂੰ ਲੈ ਕੇ ਪੰਜਾਬ ਦੀ ਆਪ ਸਰਕਾਰ ਨੂੰ ਕਰੜੇ ਹੱਥੀਂ ਲੈਂਦੀਆਂ ਸ਼੍ਰੋਮਣੀ ਅਕਾਲੀ ਦਲ ਹਲਕਾ ਸੁਲਤਾਨਪੁਰ ਲੋਧੀ ਦੇ ਸੀਨੀਅਰ ਆਗੂ ਕਰਨਜੀਤ ਸਿੰਘ ਆਹਲੀ ਨੇ ਕਿਹਾ ਕਿ ਇਸ ਘਟਨਾ ਨੇ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਅਭਿਆਨ ਦੇ ਦਾਅਵਿਆਂ ਦਾ ਅਸਲ ਸੱਚ ਉਜਾਗਰ ਕਰ ਦਿੱਤਾ ਹੈ। ਉਨ੍ਹਾਂ ਡਰੱਗ ਇੰਸਪੈਕਟਰਾਂ ਦੀ ਭੂਮਿਕਾ ’ਤੇ ਵੀ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਮੈਡੀਕਲ ਨਸ਼ੇ ਨੂੰ ਰੋਕਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਜਾਂ ਨਹੀਂ। ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਦਿਆਂ ਆਹਲੀ ਨੇ ਕਿਹਾ ਕਿ ਭਾਵੇਂ ਉਹ ਕਾਗ਼ਜ਼ੀ ਮੁੱਖ ਮੰਤਰੀ ਬਣੇ ਰਹਿਣ, ਪਰ ਪੰਜਾਬ ਪ੍ਰਤੀ ਜਵਾਬਦੇਹੀ ਉਨ੍ਹਾਂ ਦੀ ਹੀ ਬਣਦੀ ਹੈ। ਆਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਸੰਭਾਲਣ ਵਿੱਚ ਨਾਕਾਮ ਰਹੇ ਹਨ। ਉਨ੍ਹਾਂ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਦੇ ਕਾਰਜਕਾਲ ਦੌਰਾਨ ਸੂਬੇ ਦੀ ਕਾਨੂੰਨ-ਵਿਵਸਥਾ ਬਦਤਰ ਹੋ ਗਈ ਹੈ ਤੇ ਨਸ਼ਿਆਂ ਦੀ ਸਮੱਸਿਆ ਬੇਕਾਬੂ ਹੋ ਚੁੱਕੀ ਹੈ।
ਆਹਲੀ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਵਾਜ਼ ਉਠਾ ਰਹੇ ਸਨ। ਉਨ੍ਹਾਂ ਦਾ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਦੇ ਦਲਦਲ ਵਿੱਚੋਂ ਬਾਹਰ ਕੱਢਣਾ ਸੀ,ਪਰ ਨਸ਼ਾ ਤਸਕਰਾਂ ਨੂੰ ਇਹ ਗੱਲ ਰਾਸ ਨਹੀਂ ਆਈ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਨਸ਼ਿਆਂ ਵਿਰੁੱਧ ਲੜਨ ਵਾਲੇ ਲੋਕ ਹੀ ਸੁਰੱਖਿਅਤ ਨਹੀਂ ਹਨ,ਤਾਂ ਆਮ ਜਨਤਾ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੌਣ ਨਿਭਾਏਗਾ? ਉਨ੍ਹਾਂ ਕਿਹਾ ਕਿ ਅਪਰਾਧੀਆਂ ਵਿੱਚੋਂ ਕਾਨੂੰਨ ਦਾ ਡਰ ਖ਼ਤਮ ਹੋ ਚੁੱਕਾ ਹੈ। ਉਨ੍ਹਾਂ ਮੌਜੂਦਾ ਸਰਕਾਰ ਨੂੰ ਪੰਜਾਬ ਦੇ ਇਤਿਹਾਸ ਦੀ ਸਭ ਤੋਂ ਨਿਕੰਮੀ ਸਰਕਾਰ ਕਰਾਰ ਦਿੱਤਾ। ਇਸ ਮੌਕੇ ਸੋਨੂੰ ਸਿੰਘ, ਪੰਚਾਇਤ ਮੈਂਬਰ ਬਲਕਾਰ ਸਿੰਘ, ਸੁਰਿੰਦਰ ਸਿੰਘ, ਗੁਰਵਿੰਦਰ ਸਿੰਘ, ਸੁਖਪਾਲ ਸਿੰਘ, ਗੁਰਦੇਵ ਸਿੰਘ, ਮਹਿੰਦਰ ਸਿੰਘ, ਜੋਗਿੰਦਰ ਸਿੰਘ, ਸਿੰਦਰ ਸਿੰਘ, ਮਨਜੀਤ ਸਿੰਘ, ਲੰਬਰਦਾਰ ਸ਼ਮਸ਼ੇਰ ਸਿੰਘ, ਹਰਵਿੰਦਰ ਸਿੰਘ, ਸਰਬਜੀਤ ਸਿੰਘ, ਕੁਲਦੀਪ ਸਿੰਘ, ਅਮਰਦੀਪ ਸਿੰਘ, ਪੀਏ ਗੁਰਪਿਆਰ ਸਿੰਘ ਆਦਿ ਹਾਜ਼ਰ ਸਨ।