ਬਾਬੇ ਨਾਨਕ ਦੇ ਸਿਧਾਂਤਾਂ ’ਤੇ ਚੱਲਣ ਦੀ ਲੋੜ : ਸੰਤ ਗੁਰਚਰਨ ਸਿੰਘ ਜੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਅਤੇ ਸਿਧਾਂਤਾਂ ’ਤੇ ਚੱਲਣ ਦੀ ਲੋੜ : ਸੰਤ ਬਾਬਾ ਗੁਰਚਰਨ ਸਿੰਘ ਜੀ
Publish Date: Mon, 23 Nov 2026 08:21 PM (IST)
Updated Date: Mon, 23 Nov 2026 08:22 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੂਹ ਸੰਗਤਾਂ ਨੂੰ ਕੋਟਨ-ਕੋਟ ਵਧਾਈ ਦਿੰਦਿਆਂ ਤਪ ਅਸਥਾਨ ਨਿਰਮਲ ਕੁਟੀਆ ਛੰਭ ਵਾਲੀ, ਪਿੰਡ ਪੰਡਵਾ ਦੇ ਮੁੱਖ ਸੰਚਾਲਕ ਸੰਤ ਬਾਬਾ ਗੁਰਚਰਨ ਸਿੰਘ ਜੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ, ਸਿਧਾਂਤਾਂ ਤੇ ਮਹਾਨ ਸਿੱਖਿਆਵਾਂ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਸੰਤ ਬਾਬਾ ਗੁਰਚਰਨ ਸਿੰਘ ਜੀ ਮਹਾਰਾਜ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਆਪਸੀ ਭਾਈਚਾਰੇ, ਸੱਚਾਈ, ਇਮਾਨਦਾਰੀ ਤੇ ਨਿਮਰਤਾ ਦਾ ਮਾਰਗ ਦਿਖਾਇਆ। ਗੁਰੂ ਸਾਹਿਬ ਨੇ ਸਮਾਜ ਵਿੱਚ ਫੈਲੀਆਂ ਕੁਰੀਤੀਆਂ, ਜਾਤ-ਪਾਤ, ਊਚ-ਨੀਚ ਅਤੇ ਵਹਿਮਾਂ-ਭਰਮਾਂ ਦਾ ਵਿਰੋਧ ਕਰਦਿਆਂ ਮਨੁੱਖ ਨੂੰ ਇੱਕ ਅਕਾਲ ਪੁਰਖ ਦੀ ਬੰਦਗੀ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਤਿੰਨ ਮਹਾਨ ਸਿੱਖਿਆਵਾਂ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਅੱਜ ਵੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਗੁਰੂ ਸਾਹਿਬ ਨੇ ਸਾਨੂੰ ਹੱਕ-ਸੱਚ ਦੀ ਕਿਰਤ ਕਰਨ, ਪਰਮਾਤਮਾ ਦਾ ਨਾਮ ਸਿਮਰਨ ਕਰਨ ਤੇ ਆਪਣੀ ਕਮਾਈ ਵਿੱਚੋਂ ਲੋੜਵੰਦਾਂ ਦੀ ਮਦਦ ਕਰਨ ਦੀ ਸਿੱਖਿਆ ਦਿੱਤੀ ਹੈ। ਅੱਜ ਲੋੜ ਹੈ ਕਿ ਅਸੀਂ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਿਰਫ਼ ਸਮਾਗਮਾਂ ਤੱਕ ਸੀਮਤ ਨਾ ਰੱਖੀਏ, ਸਗੋਂ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਈਏ। ਸੰਤਾਂ-ਮਹਾਂਪੁਰਸ਼ਾਂ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਪਿਆਰ, ਸਦਭਾਵਨਾ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਆਪਣਾ ਯੋਗਦਾਨ ਪਾਉਣ। ਲੋੜਵੰਦਾਂ ਦੀ ਸਹਾਇਤਾ ਕਰਨ, ਨੌਜਵਾਨ ਪੀੜ੍ਹੀ ਨੂੰ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਅਤੇ ਸਮਾਜ ਵਿੱਚੋਂ ਨਸ਼ਿਆਂ ਤੇ ਬੁਰਾਈਆਂ ਨੂੰ ਖ਼ਤਮ ਕਰਨ ਲਈ ਸਾਂਝੇ ਯਤਨ ਕਰਨ।