ਗੁਰਦੁਆਰਾ ਸਿੰਘ ਸਭਾ ਅਰਬਨ ਅਸਟੇਟ ’ਚ ਪ੍ਰਕਾਸ਼ ਪੁਰਬ ਮਨਾਇਆ ਗੁਰਦੁਆਰਾ ਸਿੰਘ ਸਭਾ ਅਰਬਨ ਅਸਟੇਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
Publish Date: Tue, 24 Nov 2026 08:34 PM (IST)
Updated Date: Tue, 24 Nov 2026 08:37 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਗੁਰਦੁਆਰਾ ਸਿੰਘ ਸਭਾ ਅਰਬਨ ਅਸਟੇਟ ਫਗਵਾੜਾ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕੀਰਤਨੀ ਜਥਿਆਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੇ ਨਾਲ ਹੀ ਗੁਰੂ ਸਾਹਿਬ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਤੇ ਮਹਾਨ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ। ਜਥਿਆਂ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਸਰਬ ਸਾਂਝੀਵਾਲਤਾ, ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਪ੍ਰੇਰਨਾ ਦਿੱਤੀ ਗਈ। ਇਸ ਮੌਕੇ ਗੁਰੂ ਘਰ ਦੇ ਸੇਵਾਦਾਰ ਹਰਵਿੰਦਰ ਸਿੰਘ ਲਵਲੀ ਵਾਲੀਆ ਤੇ ਸ਼ਰਨਜੀਤ ਸਿੰਘ ਵੱਲੋਂ ਪਹੁੰਚੇ ਰਾਗੀ, ਢਾਡੀ ਤੇ ਕੀਰਤਨੀ ਜਥਿਆਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਮੈਂਬਰ ਪਾਰਲੀਮੈਂਟ ਤੇ ਹਲਕਾ ਇੰਚਾਰਜ ਡਾ. ਰਾਜ ਕੁਮਾਰ ਚੱਬੇਵਾਲ, ਮਾਰਕੀਟ ਕਮੇਟੀ ਦੇ ਚੇਅਰਮੈਨ ਅਨੁਰਾਗ ਮਾਨਖੰਡ, ਸੰਗਠਨ ਇੰਚਾਰਜ ਗੁਰਸ਼ਰਨ ਸਿੰਘ, ਐਡਵੋਕੇਟ ਕਸ਼ਮੀਰ ਸਿੰਘ ਮੱਲ੍ਹੀ, ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਇੰਚਾਰਜ ਰਣਜੀਤ ਸਿੰਘ ਖੁਰਾਣਾ, ਬਹਾਦਰ ਸਿੰਘ, ਸੁਖਬੀਰ ਸਿੰਘ, ਕੌਂਸਲਰ ਤਰਨਜੀਤ ਸਿੰਘ ਬੰਟੀ ਵਾਲੀਆ, ਡਾ. ਬੀਐੱਸ ਭਾਟੀਆ, ਦਵਿੰਦਰ ਵੀਰ ਸਾਹਨੀ, ਇੰਸਪੈਕਟਰ ਅਮਰਜੀਤ ਸਿੰਘ, ਜਗਤਾਰ ਸਿੰਘ, ਇਕਬਾਲ ਸਿੰਘ ਪਰਮਾਰ, ਪ੍ਰਿੰਸੀਪਲ ਐੱਸਪੀ ਸਿੰਘ, ਭਾਈ ਗੁਰਕਾਰਜ ਸਿੰਘ ਹੈੱਡ ਗ੍ਰੰਥੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਗੁਰੂ ਘਰ ਵਿਖੇ ਹਾਜ਼ਰੀ ਭਰੀ। ਸਮੁੱਚਾ ਸਮਾਗਮ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ, ਸਰਬੱਤ ਦੇ ਭਲੇ ਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦਾ ਹੋਇਆ ਸ਼ਰਧਾ ਤੇ ਉਤਸ਼ਾਹ ਨਾਲ ਸੰਪੰਨ ਹੋਇਆ।