ਲੋਕਾਂ ਨੇ ਸਾਢੇ ਚਾਰ ਸਾਲ ਸੰਤਾਪ ਹੀ ਭੋਗਿਆ : ਜੀਤੀ ਖੇੜਾ ਸੂਬੇ ਦੇ ਲੋਕਾਂ ਨੇ ਪਿਛਲੇ ਸਾਢੇ ਚਾਰ ਸਾਲ ਭੋਗਿਆ ਸੰਤਾਪ :ਜੀਤੀ ਖੇੜਾ
Publish Date: Fri, 04 Sep 2026 07:13 PM (IST)
Updated Date: Fri, 04 Sep 2026 07:16 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਪੰਜਾਬ ਅੰਦਰੋਂ ਨਸ਼ਾ ਖ਼ਤਮ ਕਰਨ ਦੇ ਵਾਅਦੇ ਨਾਲ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ੇ ਦੀ ਸਮੱਸਿਆ ਖ਼ਤਮ ਹੋਣ ਦੀ ਬਜਾਏ ਹੋਰ ਗੰਭੀਰ ਹੋਣ ਦਾ ਦੋਸ਼ ਲਗਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਦਿਹਾਤੀ ਯੂਥ ਪ੍ਰਧਾਨ ਰਣਜੀਤ ਸਿੰਘ ਜੀਤੀ ਖੇੜਾ ਤੇ ਐੱਸੳਆਈ ਜ਼ਿਲ੍ਹਾ ਪ੍ਰਧਾਨ ਗੁਰਸਿਮਰ ਸਿੰਘ ਨੇ ਪੰਜਾਬ ਸਰਕਾਰ ਨੂੰ ਸਖ਼ਤ ਨਿਸ਼ਾਨੇ ’ਤੇ ਲਿਆ ਹੈ। ਜੀਤੀ ਖੇੜਾ ਤੇ ਗੁਰਸਿਮਰ ਸਿੰਘ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸੰਤਾਪ ਹੀ ਭੋਗਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਵਿੱਚੋਂ ਬਹੁਤ ਸਾਰੇ ਵਾਅਦੇ ਅਜੇ ਤੱਕ ਪੂਰੇ ਨਹੀਂ ਹੋ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਦੇ ਦਾਅਵਿਆਂ ਦੇ ਬਾਵਜੂਦ ਨਸ਼ੇ ਦੀ ਸਮੱਸਿਆ ਪੰਜਾਬ ਲਈ ਗੰਭੀਰ ਚੁਣੌਤੀ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ, ਜਿਸ ’ਤੇ ਕਦੇ ਪੂਰੀ ਦੁਨੀਆ ਮਾਣ ਕਰਦੀ ਸੀ, ਅੱਜ ਨਸ਼ਿਆਂ ਦੀ ਮਾਰ ਨਾਲ ਪ੍ਰਭਾਵਿਤ ਹੋ ਰਹੀ ਹੈ। ਨਸ਼ੇ ਕਾਰਨ ਕਈ ਪਰਿਵਾਰਾਂ ਦੀ ਆਰਥਿਕ ਤੇ ਸਮਾਜਿਕ ਹਾਲਤ ਵਿਗੜ ਰਹੀ ਹੈ ਤੇ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਭਵਿੱਖ ਦੀ ਚਿੰਤਾ ਸਤਾ ਰਹੀ ਹੈ। ਜੀਤੀ ਖੇੜਾ ਤੇ ਗੁਰਸਿਮਰ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਰੁਜ਼ਗਾਰ, ਖੇਡਾਂ, ਸਿੱਖਿਆ ਤੇ ਹੁਨਰ ਵਿਕਾਸ ਦੇ ਮੌਕੇ ਵਧਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਨਸ਼ਿਆਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਪੰਜਾਬ ਦੀ ਆਉਣ ਵਾਲੀ ਪੀੜ੍ਹੀ ਨੂੰ ਇਸ ਦੇ ਭਾਰੀ ਨਤੀਜੇ ਭੁਗਤਣੇ ਪੈ ਸਕਦੇ ਹਨ। ਅਕਾਲੀ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਰਕਾਰ ਤੋਂ ਸਿਰਫ਼ ਵਾਅਦੇ ਨਹੀਂ, ਸਗੋਂ ਠੋਸ ਨਤੀਜੇ ਤੇ ਜਵਾਬਦੇਹੀ ਦੀ ਉਮੀਦ ਕਰ ਰਹੇ ਹਨ।