ਫੋਟੋ ਖਿਚਵਾਉਣ ਦੀ ਨੀਤੀ ਤੁਰੰਤ ਬੰਦ ਕੀਤੀ ਜਾਵੇ : ਮਹੀਂਵਾਲ ਝੋਨੇ ਦੀ ਖਰੀਦ ਸਮੇਂ ਫੋਟੋ ਖਿਚਵਾਉਣ ਦੀ ਨੀਤੀ ਤੁਰੰਤ ਬੰਦ ਕੀਤੀ ਜਾਵੇ : ਸ਼ੇਰ ਸਿੰਘ ਮਹੀਂਵਾਲ
Publish Date: Fri, 02 Oct 2026 08:51 PM (IST)
Updated Date: Fri, 02 Oct 2026 08:52 PM (IST)
ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਦੇ ਹੱਲ ਦੀ ਕੀਤੀ ਮੰਗ ਮੰਗਾਂ ਨਾ ਮੰਨਣ ’ਤੇ ਸੰਘਰਸ਼ ਦੀ ਦਿੱਤੀ ਚਿਤਾਵਨੀ ਪਰਮਜੀਤ ਸਿੰਘ, ਪੰਜਾਬੀ ਜਾਗਰਣ ਡਡਵਿੰਡੀ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਸਕੱਤਰ ਸ਼ੇਰ ਸਿੰਘ ਮਹੀਂਵਾਲ ਦੀ ਅਗਵਾਈ ਹੇਠ ਇੱਕ ਅਹਿਮ ਮੀਟਿੰਗ ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਵਿਖੇ ਚੇਅਰਮੈਨ ਅਕਾਸ਼ਦੀਪ ਸਿੰਘ ਨਾਲ ਹੋਈ। ਇਸ ਮੌਕੇ ਮੀਟਿੰਗ ਦੌਰਾਨ ਝੋਨੇ ਦੀ ਸਰਕਾਰੀ ਖਰੀਦ ਸਮੇਂ ਫੋਟੋ ਖਿਚਵਾਉਣ ਸਬੰਧੀ ਲਾਗੂ ਕੀਤੀ ਗਈ ਨੀਤੀ ’ਤੇ ਚਿੰਤਾ ਪ੍ਰਗਟ ਕੀਤੀ ਗਈ। ਇਸ ਮੌਕੇ ਸ਼ੇਰ ਸਿੰਘ ਮਹੀਂਵਾਲ ਤੇ ਪੁਸ਼ਪਿੰਦਰ ਸਿੰਘ ਰਣਧੀਰਪੁਰ ਨੇ ਕਿਹਾ ਕਿ ਝੋਨੇ ਦੀ ਖਰੀਦ ਸਮੇਂ ਫੋਟੋ ਖਿਚਵਾਉਣ ਦੀ ਨਵੀਂ ਪ੍ਰਕਿਰਿਆ ਕਾਰਨ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਖਰੀਦ ਪ੍ਰਕਿਰਿਆ ਪ੍ਰਭਾਵਿਤ ਹੋਣ ਦੇ ਨਾਲ-ਨਾਲ ਖਰੀਦ ਏਜੰਸੀਆਂ ਦੇ ਇੰਸਪੈਕਟਰਾਂ ਲਈ ਵੀ ਕੰਮ ਕਰਨਾ ਔਖਾ ਹੋਵੇਗਾ। ਉਨ੍ਹਾਂ ਮੰਗ ਕੀਤੀ ਹੈ ਕਿ ਸਰਕਾਰ ਫੋਟੋ ਖਿਚਵਾਉਣ ਵਾਲੀ ਨੀਤੀ ਨੂੰ ਤੁਰੰਤ ਵਾਪਸ ਲੈ ਕੇ ਪਹਿਲਾਂ ਦੀ ਤਰ੍ਹਾਂ ਝੋਨੇ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਆਦੇਸ਼ ਜਾਰੀ ਕਰੇ। ਆਗੂਆਂ ਨੇ ਕਿਹਾ ਕਿ ਸਰਕਾਰੀ ਖਰੀਦ ਦੌਰਾਨ ਝੋਨੇ ਦੀ ਕਿਸੇ ਵੀ ਕਿਸਮ ’ਤੇ ਬੇਲੋੜੀ ਕਟੌਤੀ ਨਹੀਂ ਹੋਣ ਦਿੱਤੀ ਜਾਣੀ ਚਾਹੀਦੀ। ਉਨ੍ਹਾਂ ਕਿਹਾ ਕਿ ਹਾਈਬ੍ਰਿਡ ਕਿਸਮਾਂ ਸਬੰਧੀ ਵੀ ਸਰਕਾਰ ਵੱਲੋਂ ਪਹਿਲਾਂ ਹੀ ਤਿਆਰੀ ਕੀਤੀ ਗਈ ਹੈ, ਇਸ ਲਈ ਪੰਜਾਬ ਸਰਕਾਰ ਨੂੰ ਇਨ੍ਹਾਂ ਮਾਮਲਿਆਂ ਵੱਲ ਤੁਰੰਤ ਧਿਆਨ ਦੇ ਕੇ ਝੋਨੇ ਦੀ ਖਰੀਦ ਨਿਰਵਿਘਨ ਢੰਗ ਨਾਲ ਚਾਲੂ ਕਰਵਾਉਣੀ ਚਾਹੀਦੀ ਹੈ। ਇਸ ਮੌਕੇ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਫੋਟੋ ਖਿਚਵਾਉਣ ਵਾਲੀ ਨੀਤੀ ਨੂੰ ਤੁਰੰਤ ਬੰਦ ਨਾ ਕੀਤਾ ਗਿਆ ਤੇ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਜਿਲਾ ਖਜ਼ਾਨਚੀ ਵੀਰ ਸਿੰਘ ਉੱਚਾ, ਮਨਦੀਪ ਸਿੰਘ ਪਰਮਜੀਤਪੁਰ, ਚਰਨ ਸਿੰਘ ਲੋਧੀਵਾਲ, ਗੁਰਦੀਪ ਸਿੰਘ ਵੱਟਿਆਂਵਾਲ, ਤੇ ਬਲਕਾਰ ਸਿੰਘ ਆਦਿ ਹਾਜ਼ਰ ਸਨ।