- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪ ਸਰਕਾਰ ਵਲੋਂ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਕੀਤੀ ਜਾ ਰਹੀ ਸਿਆਸਤ ਨਿੰਦਨਯੋਗ-ਐਚਐਸ ਵਾਲੀਆ

--ਆਪ ਸਰਕਾਰ ’ਤੇ ਅਕਾਲੀ ਦਲ ਨੇ ਬੋਲਿਆ ਜ਼ੋਰਦਾਰ ਹਮਲਾ, ਕਿਹਾ-ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਦੇ ਰਹੀ ਚੁਣੌਤੀ
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ ਦੇ ਗਠਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ’ਤੇ ਗੰਭੀਰ ਦੋਸ਼ ਲਗਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐੱਚਐੱਸ ਵਾਲੀਆ ਨੇ ਕਿਹਾ ਕਿ ਆਪ ਸ਼੍ਰੋਮਣੀ ਅਕਾਲੀ ਦਲ ਦੇ ਪੁਨਰ-ਉਭਾਰ ਤੋਂ ਘਬਰਾ ਗਈ ਹੈ ਤੇ ਰਾਜਨੀਤਿਕ ਬਦਲਾਖੋਰੀ ਦੀ ਭਾਵਨਾ ਨਾਲ ਪ੍ਰੇਰਿਤ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਬਣਾਈ ਹੈ, ਜਿਸਦਾ ਉਦੇਸ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਅੰਦਰੂਨੀ ਮਾਮਲਿਆਂ ਵਿਚ ਦਖਲ ਦੇਣਾ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਝੂਠੇ ਮਾਮਲਿਆਂ ਵਿਚ ਫਸਾਉਣਾ ਹੈ। ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਆਯੋਜਿਤ ਇਕ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਚਐੱਸ ਵਾਲੀਆ ਨੇ ਕਿਹਾ ਕਿ ਇਹ ਐੱਸਆਈਟੀ ਸਾਮ, ਦਾਮ, ਦੰਡ, ਭੇਦ ਦੀ ਨੀਤੀ ਅਧੀਨ ਕੰਮ ਕਰਦੀ ਹੈ ਤੇ ਇਸ ਵਿਚ ਉਹ ਅਧਿਕਾਰੀ ਸ਼ਾਮਿਲ ਹਨ, ਜਿਨ੍ਹਾਂ ਦੀ ਜਾਂ ਤਾਂ ਅਕਾਲੀ ਦਲ ਦੀ ਲੀਡਰਸ਼ਿਪ ਵਿਰੁੱਧ ਨਿੱਜੀ ਰੰਜਿਸ਼ ਹੈ ਜਾਂ ਉਹ ਆਮ ਆਦਮੀ ਪਾਰਟੀ ਦੇ ਰਾਜਨੀਤਿਕ ਏਜੰਡੇ ਅਨੁਸਾਰ ਕੰਮ ਕਰ ਰਹੇ ਹਨ। ਵਾਲੀਆ ਨੇ ਕਿਹਾ ਕਿ ਆਪ ਸਰਕਾਰ ਵੱਲੋਂ ਧਰਮ ਅਤੇ ਧਾਰਮਿਕ ਸੰਸਥਾਵਾਂ ਦੇ ਅੰਦਰੂਨੀ ਪ੍ਰਬੰਧਕੀ ਮਾਮਲਿਆਂ ਵਿਚ ਦਖ਼ਲ ਦੇਣਾ ਨਾ ਸਿਰਫ਼ ਗੈਰ-ਜ਼ਰੂਰੀ ਹੈ, ਸਗੋਂ ਸਿੱਖ ਰਵਾਇਤਾਂ ਦੇ ਖ਼ਿਲਾਫ਼ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੀ ਸਿੱਧੀ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਮਾਮਲਿਆਂ ਨੂੰ ਸਿਆਸੀ ਲਾਹੇ ਲਈ ਉਛਾਲਣਾ ਕਿਸੇ ਵੀ ਤਰ੍ਹਾਂ ਕਬੂਲਯੋਗ ਨਹੀਂ। ਉਨ੍ਹਾਂ ਸਪੱਸ਼ਟ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਇਸ ਮਾਮਲੇ ’ਤੇ ਪਹਿਲਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਂਚ ਕਮੇਟੀ ਗਠਿਤ ਕੀਤੀ ਗਈ ਸੀ, ਜਿਸ ਨੇ ਪੂਰੀ ਗੰਭੀਰਤਾ ਅਤੇ ਜ਼ਿੰਮੇਵਾਰੀ ਨਾਲ ਪੜਤਾਲ ਕੀਤੀ। ਇਸ ਪੜਤਾਲ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਦੋਸ਼ੀ ਕਰਮਚਾਰੀਆਂ ਖ਼ਿਲਾਫ਼ ਵਿਭਾਗੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਚੁੱਕੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਮਾਮਲੇ ਵਿਚ ਕਿਸੇ ਨਾਲ ਵੀ ਰਿਆਇਤ ਨਹੀਂ ਵਰਤੀ ਗਈ ਤੇ ਜਾਂਚ ਦੌਰਾਨ ਉਠਾਏ ਗਏ ਸਾਰੇ ਨੁਕਤਿਆਂ ਨੂੰ ਧਿਆਨ ਵਿਚ ਰੱਖਦਿਆਂ ਹੀ ਕਾਰਵਾਈ ਕੀਤੀ ਗਈ ਹੈ। ਵਾਲੀਆ ਨੇ ਕਿਹਾ ਕਿ ਜਾਂਚ ਕਮੇਟੀ ਦੀ ਰਿਪੋਰਟ ਵਿਚ ਇਹ ਗੱਲ ਸਪੱਸ਼ਟ ਹੋ ਚੁੱਕੀ ਹੈ ਕਿ ਇਹ ਮਾਮਲਾ ਕੁਝ ਕਰਮਚਾਰੀਆਂ ਵੱਲੋਂ ਕੀਤੀ ਗਈ ਪੈਸਿਆਂ ਦੀ ਹੇਰਾਫੇਰੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸਨੂੰ ਜਾਣਬੁੱਝ ਕੇ ਸਿਆਸੀ ਰੰਗ ਦੇਣਾ ਸਿੱਖ ਭਾਵਨਾਵਾਂ ਨਾਲ ਖੇਡਣ ਦੇ ਬਰਾਬਰ ਹੈ, ਜੋ ਕਿਸੇ ਵੀ ਤਰ੍ਹਾਂ ਠੀਕ ਨਹੀਂ। ਅਜਿਹਾ ਕਰਕੇ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਚੁਣੌਤੀ ਦੇ ਰਹੀ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਪੰਜਾਬ ਦੀ ਮੌਜੂਦਾ ਸਰਕਾਰ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀ ਹੈ, ਜੋ ਸੂਬੇ ਦੀ ਸ਼ਾਂਤੀ ਅਤੇ ਭਲਾਈ ਲਈ ਠੀਕ ਨਹੀਂ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦਾ ਸਰਬਉੱਚ ਧਾਰਮਿਕ ਅਸਥਾਨ ਹੈ, ਜਿਸ ਦੇ ਫ਼ੈਸਲੇ ਸਿੱਖਾਂ ਲਈ ਅਖੀਰੀ ਅਤੇ ਸਰਵੋਤਮ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਜਦੋਂ ਦੋਸ਼ੀ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਹੋ ਚੁੱਕੀ ਹੈ ਤਾਂ ਇਸ ਮਾਮਲੇ ’ਤੇ ਮੁੜ ਸਿਆਸਤ ਕਰਨਾ ਕੌਮੀ ਤੌਰ ’ਤੇ ਗੰਭੀਰ ਅਪਰਾਧ ਦੇ ਸਮਾਨ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਈਸ਼ਰ ਸਿੰਘ ਦੀ ਅਗਵਾਈ ਵਾਲੀ ਜਾਂਚ ਕਮੇਟੀ ਨੇ ਰਿਪੋਰਟ ਵਿਚ 16 ਸ਼੍ਰੋਮਣੀ ਕਮੇਟੀ ਕਰਮਚਾਰੀਆਂ ਨੂੰ 328 ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੇ ਰਿਕਾਰਡ ਵਿਚ ਪਾਈਆਂ ਗਈਆਂ ਬੇਨਿਯਮੀਆਂ ਦਾ ਦੋਸ਼ੀ ਠਹਿਰਾਇਆ ਸੀ। ਉਨ੍ਹਾਂ ਸਰਕਾਰ ਨੂੰ ਸਲਾਹ ਦਿੰਦਿਆਂ ਕਿਹਾ ਕਿ ਸਿੱਖ ਭਾਵਨਾਵਾਂ ਨਾਲ ਜੁੜੇ ਮਾਮਲਿਆਂ ਵਿਚ ਫ਼ੈਸਲੇ ਕਰਨ ਤੋਂ ਪਰਹੇਜ਼ ਕੀਤਾ ਜਾਣਾ ਚਾਹੀਦਾ ਹੈ। ਵਾਲੀਆ ਨੇ ਦੁਹਰਾਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਚੁਣੀ ਹੋਈ ਸਿਰਮੌਰ ਸੰਸਥਾ ਹੈ ਤੇ ਇਸ ਦੇ ਅਧਿਕਾਰ ਖੇਤਰ ਵਿਚ ਕਿਸੇ ਵੀ ਤਰ੍ਹਾਂ ਦਾ ਦਖ਼ਲ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਇਸ ਮੌਕੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ, ਇੰਜੀ. ਸਵਰਨ ਸਿੰਘ, ਅਜੇ ਬਬਲਾ, ਪਰਮਜੀਤ ਸਿੰਘ, ਸੁਖਦੇਵ ਸਿੰਘ ਨਾਨਕਪੁਰ, ਸੁਖਵੰਤ ਸਿੰਘ ਤੱਖਰ, ਮਹਿੰਦਰ ਸਿੰਘ ਮੇਜਰਵਾਲ, ਸੁਰਜੀਤ ਸਿੰਘ ਢਿੱਲੋਂ, ਮੰਨੂ ਵਾਲੀਆ, ਸੁਰਜੀਤ ਸਿੰਘ ਢਿੱਲੋਂ, ਅਵਤਾਰ ਸਿੰਘ ਮੀਰੇ, ਦਲਜੀਤ ਸਿੰਘ ਚੀਮਾ, ਕੁਲਦੀਪ ਸਿੰਘ, ਚਰਨਜੀਤ ਸਿੰਘ ਆਦਿ ਹਾਜ਼ਰ ਸਨ।