ਪੰਜਾਬ ਸਰਕਾਰ ਟਕਰਾਅ ਵਾਲਾ ਵਤੀਰਾ ਤਿਆਗ ਕੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਤਰਜੀਹ ਦੇਵੇ ਪੰਜਾਬ ਸਰਕਾਰ ਟਕਰਾਅ ਵਾਲਾ ਵਤੀਰਾ ਤਿਆਗ ਕੇ ਮੁਲਾਜਮਾਂ ਦੀਆਂ ਮੰਗਾਂ ਨੂੰ ਤਰਜੀਹ ਦੇਵੇ
Publish Date: Wed, 02 Sep 2026 07:32 PM (IST)
Updated Date: Thu, 03 Sep 2026 04:01 AM (IST)
ਕੈਪਸ਼ਨ-02ਪੀਐਚਜੀ12 ਸੂਬਾ ਪ੍ਰਧਾਨ ਬਾਜ ਸਿੰਘ ਖਹਿਰਾ, ਕਾਰਜਕਾਰੀ ਪ੍ਰਧਾਨ ਅਮਰੀਕ ਸਿੰਘ ਕੰਗ, ਸੀਨੀਅਰ ਮੀਤ ਪ੍ਰਧਾਨ ਸਤਨਾਮ ਸਿੰਘ ਰੰਧਾਵਾ ਅਤੇ ਸੀਨੀਅਰ ਮੀਤ ਪ੍ਰਧਾਨ ਰਵਿੰਦਰਜੀਤ ਸਿੰਘ ਪੰਨੂ । ਪੰਜਾਬੀ ਜਾਗਰਣ ਪ੍ਰਤੀਨਿਧ, ਫਗਵਾੜਾ : ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਤੇ ਅਹਿਮ ਮੰਗਾਂ ਨੂੰ ਲੈ ਕੇ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ ਜਿਸ ਦੌਰਾਨ ਪੰਜਾਬ ਸਰਕਾਰ ਵਲੋਂ ਮੁਲਾਜ਼ਮ ਮੰਚ ਦੇ ਨਿਧੜਕ ਆਗੂ ਸੁਖਚੈਨ ਸਿੰਘ ਖਹਿਰਾ ਦਾ ਤਬਾਦਲਾ ਸਿਵਲ ਸਕੱਤਰੇਤ ਤੋਂ ਯੋਜਨਾ ਸ਼ਾਖਾ ਵਿੱਚ ਕਰ ਦਿੱਤਾ ਗਿਆ ਹੈ ਜੋ ਕਿ ਪੰਜਾਬ ਸਰਕਾਰ ਦੀ ਬੁਖਲਾਹਟ ਦੀ ਨਿਸ਼ਾਨੀ ਹੈ। ਇਸ ਤਬਾਦਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਮੁਲਾਜ਼ਮ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਬਾਜ ਸਿੰਘ ਖਹਿਰਾ, ਕਾਰਜਕਾਰੀ ਪ੍ਰਧਾਨ ਅਮਰੀਕ ਸਿੰਘ ਕੰਗ, ਸੀਨੀਅਰ ਮੀਤ ਪ੍ਰਧਾਨ ਸਤਨਾਮ ਸਿੰਘ ਰੰਧਾਵਾ ਅਤੇ ਸੀਨੀਅਰ ਮੀਤ ਪ੍ਰਧਾਨ ਰਵਿੰਦਰਜੀਤ ਸਿੰਘ ਪੰਨੂ ਨੇ ਸਾਂਝੇ ਤੌਰ ਤੇ ਦੱਸਿਆ ਕਿ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਮੁਲਾਜ਼ਮਾਂ ਨਾਲ ਕੁਝ ਵਾਅਦੇ ਕੀਤੇ ਗਏ ਸਨ ਜਿਵੇਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕੱਚੇ ਕਾਮਿਆਂ ਨੂੰ ਪੱਕੇ ਕਰਨ, ਕੱਟੇ ਹੋਏ ਭੱਤੇ ਬਹਾਲ ਕਰਨ ਸਮੇਤ ਅਨੇਕਾਂ ਮੰਗਾਂ ਸਰਕਾਰ ਦੇ ਗਠਨ ਤੋਂ ਬਾਅਦ ਪਹਿਲ ਦੇ ਆਧਾਰ ਤੇ ਹੱਲ ਕਰਨਾ ਪਰੰਤੂ ਦੁੱਖ ਦੀ ਗੱਲ ਹੈ ਕਿ ਪੰਜਾਬ ਸਰਕਾਰ ਵਲੋਂ ਸਾਢੇ ਚਾਰ ਸਾਲ ਬੀਤ ਜਾਣ ਤੇ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ ਸਗੋਂ ਹਾਈ ਕੋਰਟ ਵਲੋਂ ਦਿੱਤੇ ਗਏ ਫ਼ੈਸਲੇ ਤੇ ਵੀ ਅਮਲ ਨਹੀਂ ਕੀਤਾ ਜਾ ਰਿਹਾ ਅਤੇ ਮੁਲਾਜ਼ਮਾਂ ਨੂੰ ਮਹਿੰਗਾਈ ਭੱਤਾ ਜਾਰੀ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਮੁਲਾਜ਼ਮ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਹਨਾਂ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦੀ ਬੇਰੁਖ਼ੀ ਖ਼ਿਲਾਫ ਮੁਹਿੰਮ ਵਿੱਢੀ ਗਈ ਹੈ ਜਿਸ ਤੋਂ ਡਰ ਕੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਅਤੇ ਆਗੂਆਂ ਦੀਆਂ ਜਬਰੀ ਬਦਲੀਆਂ ਰਾਹੀਂ ਮੁਲਾਜ਼ਮਾਂ ਤੇ ਪ੍ਰਸ਼ਾਸਨਿਕ ਦਬਾਅ ਪਾਇਆ ਜਾ ਰਿਹਾ ਹੈ ਜਿਸ ਨੂੰ ਮੁਲਾਜ਼ਮ ਵਰਗ ਵੱਲੋਂ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਤੇ ਵਿਚਾਰ ਵਟਾਂਦਰਾ ਕਰਨ ਲਈ ਟੇਬਲ ਤੇ ਬੈਠ ਕੇ ਆਪਣੀ ਨੀਤੀ ਸਪੱਸ਼ਟ ਕਰਨੀ ਚਾਹੀਦੀ ਹੈ ਨਾ ਕਿ ਸੰਘਰਸ਼ ਦੀ ਅਗਵਾਈ ਕਰ ਰਹੇ ਆਗੂਆਂ ਦੀਆਂ ਬਦਲੀਆਂ ਕਰਨੀਆਂ ਚਾਹੀਦੀਆਂ ਹਨ ਇਸ ਲਈ ਪੰਜਾਬ ਸਰਕਾਰ ਨੂੰ ਟਕਰਾਅ ਵਾਲਾ ਵਤੀਰਾ ਤਿਆਗ ਕੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਤਰਜੀਹ ਦੇਣੀ ਚਾਹੀਦੀ ਹੈ ਅਤੇ ਸਾਂਝੀ ਤਾਲਮੇਲ ਕਮੇਟੀ ਨਾਲ ਗੱਲਬਾਤ ਕਰਕੇ ਮੁਲਾਜ਼ਮਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਹੱਕੀ ਮੰਗਾਂ ਪ੍ਰਵਾਨ ਕਰਕੇ ਮੁਲਾਜ਼ਮ ਵਰਗ ਨੂੰ ਬਣਦਾ ਮਾਣ ਸਨਮਾਨ ਦੇਣਾ ਚਾਹੀਦਾ ਹੈ।