- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਨੇ ਗੁਰੂ ਜੀ ਦੇ ਜੀਵਨ ਤੇ ਸਿੱਖਿਆਵਾਂ ‘ਤੇ ਆਧਾਰਿਤ ਫਗਵਾੜਾ ‘ਚ ਡਰੋਨ ਸ਼ੋਅ ਕਰਾਇਆ

* ਪੰਜਾਬ ਸਰਕਾਰ ਨੇ ਗੁਰੂ ਜੀ ਦੇ ਜੀਵਨ ਤੇ ਸਿੱਖਿਆਵਾਂ ’ਤੇ ਆਧਾਰਿਤ ਫਗਵਾੜਾ ’ਚ ਡਰੋਨ ਸ਼ੋਅ ਕਰਾਇਆ
ਕੈਪਸ਼ਨ-02ਪੀਐਚਜੀ6 ਤੋਂ 02ਪੀਐਚਜੀ11 ਤਕ ਪੰਜਾਬ ਸਰਕਾਰ ਵਲੋਂ ਸਤਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ ਜੀਵਨ ਤੇ ਸਿੱਖਿਆਵਾਂ ‘ਤੇ ਆਧਾਰਿਤ ਫਗਵਾੜਾ ‘ਚ ਕਰਵਾਏ ਡਰੋਨ ਸ਼ੋਅ ਦੀਆ ਵੱਖ ਵੱਖ ਤਸਵੀਰਾਂ।
ਵਿਜੇ ਸੋਨੀ, ਪੰਜਾਬੀ ਜਾਗਰਣ
ਫਗਵਾੜਾ : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਪੰਜਾਬ ਸਰਕਾਰ ਵਲੋਂ ਮੰਗਲਵਾਰ ਸ਼ਾਮ ਨੂੰ ਫਗਵਾੜਾ ਵਿਖੇ ਗੁਰੂ ਜੀ ਦੇ ਜੀਵਨ ਤੇ ਸਿੱਖਿਆਵਾਂ ’ਤੇ ਆਧਾਰਿਤ ਸ਼ਾਨਦਾਰ ਡ੍ਰੋਨ ਸ਼ੋਅ ਕਰਾਇਆ ਗਿਆ। ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰ ਮਾਮਲੇ ਵਿਭਾਗ ਵੱਲੋਂ ਕਰਵਾਇਆ ਡ੍ਰੋਨ ਸ਼ੋਅ ਤਕਨਾਲੋਜੀ, ਅਧਿਆਤਮਿਕਤਾ ਤੇ ਕਹਾਣੀਕਥਨ ਦਾ ਸ਼ਾਨਦਾਰ ਸੁਮੇਲ ਸੀ, ਜਿਸ ਦੀ ਵੱਡੀ ਗਿਣਤੀ ’ਚ ਮੌਜੂਦ ਸੰਗਤ ਨੇ ਸ਼ਲਾਘਾ ਕੀਤੀ। ਸ਼ੋਅ ਦੌਰਾਨ 500 ਡ੍ਰੋਨਾਂ ਰਾਹੀਂ ਅਸਮਾਨ ’ਚ ਵੱਖ-ਵੱਖ ਆਕਾਰਾਂ ਤੇ ਰੂਪਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਦਰਸ਼ਨ ਤੇ ਦ੍ਰਿਸ਼ਟੀਕੋਣ ਨੂੰ ਦਰਸਾਇਆ ਗਿਆ। ਡ੍ਰੋਨਾਂ ਦੀਆਂ ਇਕਸਾਰ ਬਣਤਰ, ਕਥਾ-ਵਾਚਨ, ਲੇਜ਼ਰ ਪ੍ਰਭਾਵਾਂ ਅਤੇ ਪ੍ਰਭਾਵਸ਼ਾਲੀ ਪੇਸ਼ਕਾਰੀ ਰਾਹੀਂ ਗੁਰੂ ਜੀ ਦੇ ਸਮਾਜਿਕ ਬਰਾਬਰੀ, ਦਇਆ, ਸਮਾਜਿਕ ਨਿਆਂ, ਮਨੁੱਖੀ ਸਨਮਾਨ ਅਤੇ ਆਪਸੀ ਸਾਂਝ ਦਾ ਸੰਦੇਸ਼ ਦਿੱਤਾ ਗਿਆ। ਲੋਕਾਂ ਨੇ ਹੱਥ ਜੋੜ ਕੇ ਇਸ ਸ਼ਾਨਦਾਰ ਡਰੋਨ ਸ਼ੋਅ ਨੂੰ ਦੇਖਦਿਆਂ ਸ੍ਰੀ ਗੁਰੂ ਰਵਿਦਾਸ ਜੀ ਦੇ ਸਦੀਵੀ ਸੰਦੇਸ਼ ਨੂੰ ਸਮਝਣ ਅਤੇ ਜ਼ਿੰਦਗੀ ‘ਚ ਅਪਣਾਉਣ ਦਾ ਪ੍ਰਣ ਲਿਆ।
ਇਸ ਮੌਕੇ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਨੂੰ ਢੁੱਕਵੀਂ ਸ਼ਰਧਾਂਜਲੀ ਹੈ ਕਿ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਸਮਾਗਮ ਵੱਡੇ ਪੱਧਰ ‘ਤੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲੇ ਭਰਵੇਂ ਹੁੰਗਾਰੇ ਨੇ ਇਸ ਡਰੋਨ ਸ਼ੋਅ ਨੂੰ ਯਾਦਗਾਰੀ ਸਮਾਗਮ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼ੋਅ ਵਿੱਚ ਲੋਕਾਂ ਦੀ ਉਤਸ਼ਾਹਪੂਰਨ ਸ਼ਮੂਲੀਅਤ ਗੁਰੂ ਜੀ ਪ੍ਰਤੀ ਉਨ੍ਹਾਂ ਦੇ ਡੂੰਘੇ ਸਤਿਕਾਰ ਅਤੇ ਸ਼ਰਧਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਤਕਨਾਲੋਜੀ ਰਾਹੀਂ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਦੀਵੀ ਸਿੱਖਿਆਵਾਂ ਨਾਲ ਜੋੜਨ ਲਈ ਇਹ ਇਕ ਵਿਲੱਖਣ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸ਼ਾਨਦਾਰ ਪੇਸ਼ਕਾਰੀ ਨੇ ਗੁਰੂ ਜੀ ਦੇ ਸੰਦੇਸ਼ ਨੂੰ ਨਵੇਂ ਤੇ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਇਆ।
ਡਾ. ਚੱਬੇਵਾਲ ਨੇ ਕਿਹਾ ਕਿ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ’ਚ 92 ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਫਗਵਾੜਾ ਦਾ ਡਰੋਨ ਸ਼ੋਅ ਸਿਰਫ਼ ਇੱਕ ਸ਼ਾਨਦਾਰ ਦ੍ਰਿਸ਼ ਪੇਸ਼ਕਾਰੀ ਹੀ ਨਹੀਂ, ਸਗੋਂ ਗੁਰੂ ਜੀ ਦੀਆਂ ਅਜਿਹੇ ਸਮਾਜ ਦੀ ਸਿਰਜਣਾ ਸਬੰਧੀ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮਾਧਿਅਮ ਹੈ, ਜੋ ਭੇਦਭਾਵ ਅਤੇ ਗੈਰ-ਬਰਾਬਰਤਾ ਤੋਂ ਮੁਕਤ ਹੋਵੇ। ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਡਰੋਨ ਸ਼ੋਅ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਡਾ. ਚੱਬੇਵਾਲ ਨੇ ਕਿਹਾ ਕਿ ਇਹ ਖੇਤਰ ਵਿੱਚ ਪਹਿਲਾ ਡਰੋਨ ਸ਼ੋਅ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਇਲਾਕਿਆਂ ਵਿੱਚ ਵੀ ਅਜਿਹੇ ਸ਼ੋਅ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਡਰੋਨ ਸ਼ੋਅ, ਸੈਮੀਨਾਰ, ਡਾਕੂਮੈਂਟਰੀ ਸ਼ੋਅ, ਮੈਰਾਥਨ ਅਤੇ ਹੋਰ ਉਪਰਾਲੇ ਕੀਤੇ ਜਾ ਰਹੇ ਹਨ।
ਡਾ. ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 650ਵੇਂ ਪ੍ਰਕਾਸ਼ ਪੁਰਬ ਨਾਲ ਸਬੰਧਤ ਸਮਾਗਮਾਂ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ 13,000 ਪਿੰਡਾਂ ’ਚ ਡਾਕੂਮੈਂਟਰੀ ਸ਼ੋਅ ਦਿਖਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸੈਮੀਨਾਰ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਹਨ, ਤਾਂ ਜੋ ਵੱਧ ਤੋਂ ਵੱਧ ਨੌਜਵਾਨ ਇਨ੍ਹਾਂ ਤੋਂ ਜਾਣੂ ਹੋ ਸਕਣ। ਉਨ੍ਹਾਂ ਦੱਸਿਆ ਕਿ ਹੁਣ ਤੱਕ 7,000 ਤੋਂ ਵੱਧ ਵਿਦਿਆਰਥੀ ਇਨ੍ਹਾਂ ਸੈਮੀਨਾਰਾਂ ਵਿੱਚ ਭਾਗ ਲੈ ਚੁੱਕੇ ਹਨ। ਡਾ. ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ ਗਿਆ ਹੈ ਤੇ ਇਸ ਪੂਰੇ ਪ੍ਰੋਜੈਕਟ ’ਤੇ 24.55 ਕਰੋੜ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਖੁਰਾਲਗੜ੍ਹ ਵਿਖੇ 147 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਰਵਿਦਾਸ ਯਾਦਗਾਰ ਵੀ ਸਥਾਪਿਤ ਕੀਤੀ ਜਾ ਰਹੀ ਹੈ। ਡ੍ਰੋਨ ਸ਼ੋਅ ਦੌਰਾਨ ਪ੍ਰਸਿੱਧ ਰਾਗੀ ਭਾਈ ਜਸਵੀਰ ਸਿੰਘ ਦੇ ਜੱਥੇ ਨੇ ਸ਼ਬਦ ਕੀਰਤਨ ਅਤੇ ਗੁਰਬਾਣੀ ਨਾਲ ਸੰਗਤ ਨੂੰ ਜੋੜਿਆ, ਜਿਨ੍ਹਾਂ ਨੇ ਸੰਗਤ ਨੂੰ ਮੰਤਰਮੁਗਧ ਕਰ ਦਿੱਤਾ। ਇਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ’ਚ ਮੇਅਰ ਰਾਮਪਾਲ ਉੱਪਲ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜਰਨੈਲ ਨੰਗਲ, ਡਿਪਟੀ ਮੇਅਰ ਵਿੱਕੀ ਸੂਦ, ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ, ਵਧੀਕ ਡਿਪਟੀ ਕਮਿਸ਼ਨਰ ਰਣਦੀਪ ਸਿੰਘ ਹੀਰ, ਐੱਸਪੀ ਮੇਜਰ ਸਿੰਘ, ਐੱਸ.ਡੀ.ਐੱਮ. ਡਾ. ਨਵਜੋਤ ਸ਼ਰਮਾ, ਕੌਂਸਲਰ, ਪਿੰਡਾਂ ਦੇ ਸਰਪੰਚ, ਪੰਚਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।