ਸਰਕਾਰ ਆਪਣੀਆਂ ਨਾਕਾਮੀਆਂ ਛੁਪਾਉਣ ਲਈ ਪ੍ਰਿੰਸੀਪਲਾਂ ਤੇ ਹੈੱਡਮਾਸਟਰਾਂ ਨੂੰ ਬਣਾ ਰਹੀ ਹੈ ਦੋਸ਼ੀ ਪੰਜਾਬ ਸਰਕਾਰ ਆਪਣੀਆਂ ਨਕਾਮੀਆਂ ਛੁਪਾਉਣ ਲਈ ਪ੍ਰਿੰਸੀਪਲਾਂ ਅਤੇ ਹੈਡਮਾਸਟਰਾਂ ਨੂੰ ਦੋਸ਼ੀ ਬਣਾ ਰਹੀ ਹੈ
Publish Date: Sat, 18 Jul 2026 06:53 PM (IST)
Updated Date: Sat, 18 Jul 2026 06:55 PM (IST)
ਪ੍ਰਿੰਸੀਪਲਾਂ, ਹੈੱਡਮਾਸਟਰਾਂ ਤੇ ਬੀਪੀਈਓਜ਼ ਦੀਆਂ ਤਰੱਕੀਆਂ ਤੁਰੰਤ ਕੀਤੀਆਂ ਜਾਣ : ਡੀਟੀਐੱਫ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਦੇ ਸਿੱਖਿਆ ਸਕੱਤਰ ਵੱਲੋਂ ਸਕੂਲਾਂ ਦੇ 68 ਪ੍ਰਿੰਸੀਪਲਾਂ ਤੇ ਹੈੱਡਮਾਸਟਰਾਂ ਨੂੰ ਆਪਣੇ ਮੁਲਾਜ਼ਮਾਂ ਨੂੰ ਤਨਖਾਹ ਦੇਰੀ ਨਾਲ ਪਵਾਉਣ ਕਰ ਕੇ ਦੋਸ਼ ਸੂਚੀ ਜਾਰੀ ਕੀਤੀ ਹੈ ਜੋ ਕਿ ਤਰਕਹੀਣ ਤੇ ਸਰਾਸਰ ਗਲਤ ਹੈ•। ਸਰਕਾਰ ਆਪਣੀਆਂ ਨਾਕਾਮੀਆਂ ਦਾ ਠੀਕਰਾ ਇਹਨਾਂ ਅਧਿਕਾਰੀਆਂ ਸਿਰ ਭੰਨ ਰਹੀ ਹੈ। ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀਟੀਐੱਫ) ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ ਅਤੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਕੱਲ੍ਹ ਸਿੱਖਿਆ ਸਕੱਤਰ ਸੋਨਾਲੀ ਗਿਰੀ ਦੇ ਦਸਤਖਤਾਂ ਹੇਠ ਜਾਰੀ ਹੋਈ ਸੂਚੀ ਵਿੱਚ 68 ਪ੍ਰਿੰਸੀਪਲਾਂ ਅਤੇ ਹੈੱਡਮਾਸਟਰਾਂ ਨੂੰ ਇਸ ਲਈ ਦੋਸ਼ੀ ਬਣਾਇਆ ਗਿਆ ਹੈ ਕਿ ਉਹਨਾਂ ਨੇ ਆਪਣੇ ਅਧੀਨ ਕਰਮਚਾਰੀਆਂ ਨੂੰ ਤਨਖਾਹ ਲੇਟ ਦਿੱਤੀ ਹੈ। ਆਗੂਆਂ ਨੇ ਕਿਹਾ ਕਿ ਜਿੱਥੇ ਪੰਜਾਬ ਦੇ ਸੈਕੰਡਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ 1900 ਵਿੱਚੋਂ 1100 ਤੋਂ ਵੱਧ ਪੋਸਟਾਂ ਖਾਲੀ ਪਈਆਂ ਹਨ, ਹੈੱਡਮਾਸਟਰਾਂ ਦੀਆਂ 50% ਪੋਸਟਾਂ ਖਾਲੀ ਪਈਆਂ ਹਨ ਅਤੇ ਮਾਨਸਾ ਵਰਗੇ ਜ਼ਿਲ੍ਹੇ ਵਿੱਚ ਇੱਕ ਵੀ ਬੀਪੀਈਓ ਨਹੀਂ ਹੈ, ਉੱਥੇ ਕਰਮਚਾਰੀਆਂ ਨੂੰ ਤਨਖਾਹਾਂ ਕਿਵੇਂ ਸਮੇਂ ਸਿਰ ਮਿਲ ਸਕਦੀਆਂ ਹਨ? ਇੱਕ-ਇੱਕ ਪ੍ਰਿੰਸੀਪਲ 10-10 ਸਕੂਲਾਂ ਦੀ ਤਨਖਾਹ ਬਣਾਉਣ, ਗ੍ਰਾਂਟਾਂ ਖਰਚਣ ਅਤੇ ਹੋਰ ਸੈਂਕੜੇ ਤਰ੍ਹਾਂ ਦੇ ਕੰਮ ਸਾਂਭ ਰਿਹਾ ਹੈ ਅਤੇ ਇੱਕ-ਇੱਕ ਕਲਰਕ ਕਈ-ਕਈ ਸਕੂਲਾਂ ਦੀਆਂ ਤਨਖਾਹਾਂ ਬਣਾ ਰਿਹਾ ਹੈ ਤਾਂ ਤਨਖਾਹਾਂ ਸਮੇਤ ਹੋਰ ਕੰਮਾਂ ਦਾ ਲਟਕਣਾ ਸੁਭਾਵਿਕ ਹੈ। ਇਸ ਲਈ ਪ੍ਰਿੰਸੀਪਲਾਂ ਨੂੰ ਦੋਸ਼ੀ ਬਣਾਉਣਾ ਤਰਕਹੀਣ ਅਤੇ ਸਰਾਸਰ ਗਲਤ ਹੈ। ਆਗੂਆਂ ਨੇ ਕਿਹਾ ਕਿ ਜਥੇਬੰਦੀ ਇਹਨਾਂ ਪ੍ਰਿੰਸੀਪਲਾਂ ਅਤੇ ਹੈੱਡਮਾਸਟਰਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਇਸ ਦੋਸ਼ ਸੂਚੀ ਨੂੰ ਵਾਪਿਸ ਕਰਵਾਉਣ ਲਈ ਕਰੜਾ ਸੰਘਰਸ਼ ਕਰੇਗੀ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਜੋਤੀ ਮਹਿੰਦਰੂ, ਮੀਤ ਪ੍ਰਧਾਨ ਰੋਸ਼ਨ ਲਾਲ ਬੇਗੋਵਾਲ, ਸੰਯੁਕਤ ਸਕੱਤਰ ਹਰਪ੍ਰੀਤਪਾਲ ਸਿੰਘ, ਵਿੱਤ ਸਕੱਤਰ ਦਿਨੇਸ਼ ਕੁਮਾਰ ਨੇ ਕਿਹਾ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਲੰਬੇ ਸਮੇਂ ਤੋਂ ਪ੍ਰਿੰਸੀਪਲਾਂ, ਹੈੱਡਮਾਸਟਰਾਂ ਅਤੇ ਬੀਪੀਈਓਜ਼ ਦੀਆਂ ਪ੍ਰੋਮੋਸ਼ਨਾਂ ਕਰਨ ਦੀ ਮੰਗ ਕਰ ਰਹੀ ਹੈ ਪਰ ਵਿਭਾਗ ਦੇ ਅਧਿਕਾਰੀ ਇਸ ਨੂੰ ਕਿਸੇ ਤਣ ਪੱਤਣ ਨਹੀਂ ਲਾ ਰਹੇ, ਜਿਸ ਕਾਰਨ ਸਕੂਲਾਂ ਅਤੇ ਦਫਤਰਾਂ ਦਾ ਕੰਮ ਬੁਰੀ ਤਰਾਂ ਪ੍ਰਭਾਵਿਤ ਹੋ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਇਹ ਦੋਸ਼ ਸੂਚੀ ਤੁਰੰਤ ਵਾਪਿਸ ਲਈ ਜਾਵੇ। ਆਗੂਆਂ ਨੇ ਮੰਗ ਕੀਤੀ ਕਿ ਪ੍ਰਿੰਸੀਪਲਾਂ, ਹੈੱਡਮਾਸਟਰਾਂ ਅਤੇ ਬੀਪੀਈਓਜ਼ ਦੀਆਂ ਪ੍ਰੋਮੋਸ਼ਨਾਂ ਤੁਰੰਤ ਕੀਤੀਆਂ ਜਾਣ ਅਤੇ ਸਿੱਧੀ ਭਰਤੀ ਕੋਟੇ ਦੀਆਂ ਭਰਤੀਆਂ ਵੀ ਤੁਰੰਤ ਕੀਤੀਆਂ ਜਾਣ ਤਾਂ ਜੋ ਸਕੂਲਾਂ ਦਾ ਕੰਮ ਸਹੀ ਢੰਗ ਨਾਲ ਚੱਲ ਸਕੇ।