ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਲਗਾਏ ਬੂਟੇ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਨੈਸ਼ਨਲ ਹਾਈਵੇ ਦੇ ਆਸ-ਪਾਸ ਲਗਾਏ ਬੂਟੇ
Publish Date: Sun, 06 Sep 2026 07:36 PM (IST)
Updated Date: Sun, 06 Sep 2026 07:37 PM (IST)
ਹਰੀਸ਼ ਭੰਡਾਰੀ ਪੰਜਾਬੀ ਜਾਗਰਣ ਫਗਵਾੜਾ : ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਤੇ ਸੜਕਾਂ ਦੇ ਆਸਪਾਸ ਹਰਿਆਵਲ ਨੂੰ ਵਧਾਉਣ ਦੇ ਉਦੇਸ਼ ਨਾਲ ਸੜਕ ਸੁਰੱਖਿਆ ਫੋਰਸ ਦੀ ਟੀਮ ਵੱਲੋਂ ਨੈਸ਼ਨਲ ਹਾਈਵੇ ਚਹੇੜੂ ਦੇ ਆਸਪਾਸ ਵੱਖ-ਵੱਖ ਥਾਵਾਂ ’ਤੇ ਬੂਟੇ ਲਗਾਏ ਗਏ। ਇਹ ਉਪਰਾਲਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਡੀਜੀਪੀ ਪੰਜਾਬ ਦੇ ਆਦੇਸ਼ਾਂ ਤਹਿਤ ਕੀਤਾ ਗਿਆ। ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦਿਆਂ ਹਾਈਵੇ ਪੁਲਿਸ ਇੰਚਾਰਜ ਏਐੱਸਆਈ ਮੱਖਣ ਸਿੰਘ ਨੇ ਕਿਹਾ ਕਿ ਸੜਕਾਂ ਦੇ ਕਿਨਾਰਿਆਂ ’ਤੇ ਵੱਧ ਤੋਂ ਵੱਧ ਪੌਦੇ ਲਗਾਉਣ ਨਾਲ ਜਿੱਥੇ ਵਾਤਾਵਰਣ ਨੂੰ ਸੁੰਦਰ ਬਣਾਉਣ ਵਿੱਚ ਮਦਦ ਮਿਲੇਗੀ, ਉੱਥੇ ਹੀ ਪ੍ਰਦੂਸ਼ਣ ਨੂੰ ਘਟਾਉਣ ਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਵਾਤਾਵਰਨ ਯਕੀਨੀ ਬਣਾਉਣ ਵਿੱਚ ਵੀ ਯੋਗਦਾਨ ਪਵੇਗਾ। ਉਨ੍ਹਾਂ ਹੋਰ ਕਿਹਾ ਕਿ ਕਿ ਸੜਕ ਸੁਰੱਖਿਆ ਫੋਰਸ ਦਾ ਮੁੱਖ ਮਕਸਦ ਸੜਕਾਂ ’ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ। ਇਸ ਦੇ ਨਾਲ ਵਾਤਾਵਰਣ ਦੀ ਸੰਭਾਲ ਲਈ ਅਜਿਹੇ ਸਮਾਜਿਕ ਉਪਰਾਲੇ ਵੀ ਲਗਾਤਾਰ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਆਲੇ-ਦੁਆਲੇ ਵੱਧ ਤੋਂ ਵੱਧ ਬੂਟੇ ਲਗਾਉਣ ਤੇ ਲਗਾਏ ਗਏ ਪੌਦਿਆਂ ਦੀ ਸੰਭਾਲ ਵੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਰੱਖਿਆ ਸਿਰਫ਼ ਸਰਕਾਰ ਜਾਂ ਕਿਸੇ ਇੱਕ ਵਿਭਾਗ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਨੂੰ ਇਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਏਐੱਸਆਈ ਮੱਖਣ ਸਿੰਘ ਨਾਲ ਸਿਪਾਹੀ ਕੁਲਦੀਪ ਸਿੰਘ ਮੌਜੂਦ ਸੀ।