ਮੀਰੀ-ਪੀਰੀ ਖਾਲਸਾ ਮਾਰਚ ਫਗਵਾੜਾ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਚੱਲੇ ਮੀਰੀ-ਪੀਰੀ ਖਾਲਸਾ ਮਾਰਚ ਦਾ ਫਗਵਾੜਾ ਦੀਆਂ ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਕੀਤਾ ਭਰਵਾਂ ਸਵਾਗਤ
Publish Date: Sun, 20 Sep 2026 06:45 PM (IST)
Updated Date: Sun, 20 Sep 2026 06:47 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਚੱਲਿਆ ਮੀਰੀ-ਪੀਰੀ ਖਾਲਸਾ ਮਾਰਚ ਸ਼ੁੱਕਰਵਾਰ ਦੇਰ ਸ਼ਾਮ ਨੂੰ ਫਗਵਾੜਾ ਪਹੁੰਚਿਆ, ਜਿਸ ਦਾ ਸ਼ਹਿਰ ਦੇ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਸ਼ਰਧਾ, ਸਤਿਕਾਰ ਤੇ ਉਤਸ਼ਾਹ ਨਾਲ ਭਰਵਾਂ ਸਵਾਗਤ ਕੀਤਾ ਗਿਆ। ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਵਿਖੇ ਰਾਤ ਦੇ ਵਿਸ਼ਰਾਮ ਦੌਰਾਨ ਬੀਬੀਆਂ, ਬੱਚਿਆਂ, ਨੌਜਵਾਨਾਂ ਤੇ ਬਜ਼ੁਰਗਾਂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ਼ਨੀਵਾਰ ਸਵੇਰੇ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਤੋਂ ਖ਼ਾਲਸਾ ਮਾਰਚ ਆਪਣੇ ਅਗਲੇ ਪੜਾਅ ਲਈ ਰਵਾਨਾ ਹੋਇਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੋਲਾ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸੰਬੋਧਨ ਕੀਤਾ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਗੁਰੂ ਘਰਾਂ ਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ। ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਮੇਤ ਦਸ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਬੱਚਿਆਂ ਨੂੰ ਚਲਾਉਣਾ ਤੇ ਉਨ੍ਹਾਂ ਨੂੰ ਸਿੱਖੀ ਨਾਲ ਜੋੜਨਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਫਗਵਾੜਾ ਸ਼ਹਿਰ ਤੋਂ ਇਲਾਵਾ ਆਸ-ਪਾਸ ਦੇ ਪਿੰਡਾਂ ਤੇ ਵੱਖ-ਵੱਖ ਪੜਾਵਾਂ ’ਤੇ ਵੀ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਮਾਰਚ ਦਾ ਸ਼ਰਧਾ ਤੇ ਸਤਿਕਾਰ ਨਾਲ ਸਵਾਗਤ ਕੀਤਾ। ਇਸ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਵੀ ਹਾਜ਼ਰੀ ਦਰਜ ਕਰਵਾਈ। ਸ਼੍ਰੋਮਣੀ ਅਕਾਲੀ ਦਲ (ਬ) ਫਗਵਾੜਾ ਸ਼ਹਿਰੀ ਹਲਕੇ ਦੇ ਇੰਚਾਰਜ ਰਣਜੀਤ ਸਿੰਘ ਖੁਰਾਣਾ ਤੇ ਦਿਹਾਤੀ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ, ਮੈਨੇਜਰ ਨਰਿੰਦਰ ਸਿੰਘ ਮੀਰੀ-ਪੀਰੀ ਖਾਲਸਾ ਮਾਰਚ ਦੇ ਨਾਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਸਮੂਹ ਸੰਗਤਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸਰੂਪ ਸਿੰਘ ਖਲਵਾੜਾ, ਬਹਾਦਰ ਸਿੰਘ ਸੰਗਤਪੁਰ, ਗੁਰਦੀਪ ਸਿੰਘ ਖੇੜਾ, ਅਵਤਾਰ ਸਿੰਘ ਮੰਗੀ, ਬਲਜਿੰਦਰ ਸਿੰਘ ਠੇਕੇਦਾਰ, ਬਿੰਦਰ ਸਿੰਘ ਰਾਵਲਪਿੰਡੀ, ਬੀਬੀ ਵੀਨਾ ਰਾਣੀ, ਝਿਰਮਲ ਸਿੰਘ ਭਿੰਡਰ, ਜਸਵਿੰਦਰ ਸਿੰਘ ਭਗਤਪੁਰਾ, ਵਿੱਕੀ ਪਾਛਟਾ, ਸੁਖਦੀਪ ਸਿੰਘ ਵਾਲੀਆ, ਸਤਵਿੰਦਰ ਸਿੰਘ ਘੁਮਣ ਸੁਰਿੰਦਰ ਸਿੰਘ ਰਾਵਲਪਿੰਡੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਤਵੰਤੇ, ਆਗੂ, ਸੇਵਾਦਾਰ ਤੇ ਸੰਗਤਾਂ ਹਾਜ਼ਰ ਸਨ।