ਨਗਰ ਕੀਰਤਨ ਦਾ ਅਕਾਲੀ ਦਲ ਵੱਲੋਂ ਕੀਤਾ ਜਾਵੇਗਾ ਭਰਵਾਂ ਸਵਾਗਤ ਬੇਗਮਪੁਰਾ ਦਾ ਸੰਕਲਪ’ ਇਤਿਹਾਸਕ ਨਗਰ ਕੀਰਤਨ ਦਾ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤਾ ਜਾਵੇਗਾ ਭਰਵਾਂ ਸਵਾਗਤ
Publish Date: Sat, 24 Oct 2026 06:54 PM (IST)
Updated Date: Sat, 24 Oct 2026 06:58 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸ਼੍ਰੋਮਣੀ ਅਕਾਲੀ ਦਲ ਐੱਸਸੀ ਵਿੰਗ ਦੇ ਜ਼ਿਲ੍ਹਾ ਕਪੂਰਥਲਾ ਪ੍ਰਧਾਨ ਜਥੇਦਾਰ ਸਰੂਪ ਸਿੰਘ ਖਲਵਾੜਾ, ਸ਼੍ਰੋਮਣੀ ਅਕਾਲੀ ਦਲ ਹਲਕਾ ਫਗਵਾੜਾ ਦੇ ਸ਼ਹਿਰੀ ਇੰਚਾਰਜ ਰਣਜੀਤ ਸਿੰਘ ਖੁਰਾਨਾ ਤੇ ਦਿਹਾਤੀ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਸਮੂਹ ਸਾਧ ਸੰਗਤ, ਅਕਾਲੀ ਆਗੂਆਂ ਤੇ ਵਰਕਰਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਬੇਗਮਪੁਰਾ ਦਾ ਸੰਕਲਪ’ ਇਤਿਹਾਸਕ ਨਗਰ ਕੀਰਤਨ ਦੇ ਸਵਾਗਤ ਲਈ ਸ਼ਨੀਵਾਰ, 24 ਅਕਤੂਬਰ ਨੂੰ ਸ਼ਾਮ 4 ਵਜੇ ਜੀਐੱਸ ਟਾਇਲ ਫੈਕਟਰੀ ਦੇ ਨਜ਼ਦੀਕ ਗੋਬਿੰਦਪੁਰਾ ਰੋਡ, ਫਗਵਾੜਾ ਵਿਖੇ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਪੁਰਜ਼ੋਰ ਅਪੀਲ ਕੀਤੀ। ਅਕਾਲੀ ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਇਤਿਹਾਸਕ ਨਗਰ ਕੀਰਤਨ ਸਮਾਜ ਵਿੱਚ ਧਾਰਮਿਕ ਸਾਂਝ, ਭਾਈਚਾਰਕ ਏਕਤਾ ਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦਾ ਸੰਦੇਸ਼ ਦੇਣ ਵਾਲਾ ਮਹੱਤਵਪੂਰਨ ਉਪਰਾਲਾ ਹੈ। ਇਸ ਨਗਰ ਕੀਰਤਨ ਦਾ ਸਵਾਗਤ ਕਰਨਾ ਸ਼੍ਰੋਮਣੀ ਅਕਾਲੀ ਦਲ ਲਈ ਬੜੇ ਮਾਣ ਵਾਲੀ ਗੱਲ ਹੈ। ਉਨ੍ਹਾਂ ਦੱਸਿਆ ਕਿ ਇਹ ਨਗਰ ਕੀਰਤਨ 24 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ, ਪਿੰਡ ਪਮਾਲੀ, ਜ਼ਿਲ੍ਹਾ ਲੁਧਿਆਣਾ ਤੋਂ ਆਰੰਭ ਹੋ ਕੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿੱਚੋਂ ਹੁੰਦਾ ਹੋਇਆ ਸ੍ਰੀ ਗੁਰੂ ਰਵਿਦਾਸ ਅਸਥਾਨ, ਸੱਚਖੰਡ ਪੰਡਵਾ ਵਿਖੇ ਪਹੁੰਚੇਗਾ, ਜਿੱਥੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਜਾਵੇਗਾ। ਰਾਤ ਦੇ ਵਿਸ਼ਰਾਮ ਉਪਰੰਤ 25 ਅਕਤੂਬਰ ਦਿਨ ਐਤਵਾਰ ਨੂੰ ਨਗਰ ਕੀਰਤਨ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਵੇਗਾ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇਗਾ। ਜਥੇਦਾਰ ਸਰੂਪ ਸਿੰਘ ਖਲਵਾੜਾ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਨਗਰ ਕੀਰਤਨ ਦੇ ਸਵਾਗਤ ਲਈ ਸਮੇਂ ਸਿਰ ਪਹੁੰਚਣ ਤੇ ਇਸ ਧਾਰਮਿਕ ਸਮਾਗਮ ਵਿੱਚ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਨ।