ਮੁੜ ਖੋਲ੍ਹਿਆ ਜਾਵੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ : ਜਥੇ. ਸਾਹੀ ਮੁੜ ਖੋਲ੍ਹਿਆ ਜਾਵੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ, ਇਹ ਧਾਰਮਿਕ ਅਜ਼ਾਦੀ ਅਤੇ ਮਨੁੱਖੀ ਸਾਂਝ ਦਾ ਮਾਮਲਾ : ਜਥੇਦਾਰ ਸਾਹੀ
Publish Date: Tue, 03 Nov 2026 08:38 PM (IST)
Updated Date: Tue, 03 Nov 2026 08:41 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਇਸ ਸਮੇਂ ਬਹੁਤ ਜ਼ੋਰਾਂ ’ਤੇ ਹੈ। ਇਸ ਸਬੰਧੀ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਜਥੇਦਾਰ ਜੁਗਰਾਜਪਾਲ ਸਿੰਘ ਸਾਹੀ ਨੇ ਕੇਂਦਰ ਸਰਕਾਰ ਨੂੰ ਲਾਂਘਾ ਤੁਰੰਤ ਖੋਲ੍ਹਣ ਦੀ ਅਪੀਲ ਕੀਤੀ ਹੈ। ਜਥੇਦਾਰ ਸਾਹੀ ਨੇ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਮੱਦੇਨਜ਼ਰ ਕੇਂਦਰ ਨੂੰ ਬੇਨਤੀ ਕੀਤੀ ਹੈ ਕਿ ਸ਼ਰਧਾਲੂਆਂ ਦੀ ਆਸਥਾ ਨੂੰ ਸਿਆਸਤ ਤੋਂ ਉੱਪਰ ਰੱਖ ਕੇ ਇਸ ਰਸਤੇ ਨੂੰ ਬਹਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਲਾਂਘਾ ਸਿਰਫ਼ ਭਾਰਤ ਤੇ ਪਾਕਿਸਤਾਨ ਵਿਚਕਾਰ ਕੂਟਨੀਤਕ ਰਸਤਾ ਨਹੀਂ ਹੈ ਸਗੋਂ ਲੱਖਾਂ ਸਿੱਖ ਸੰਗਤਾਂ ਲਈ ਧਾਰਮਿਕ ਅਜ਼ਾਦੀ ਤੇ ਮਨੁੱਖੀ ਸਾਂਝ ਨਾਲ ਜੁੜਿਆ ਹੋਇਆ ਮਾਮਲਾ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਲਾਂਘੇ ਨੂੰ ਮੁੜ ਖੋਲ੍ਹਣ ਤੇ ਚਾਲੂ ਰੱਖਣ ਲਈ ਤੁਰੰਤ ਕਦਮ ਚੁੱਕੇ, ਤੀਰਥ ਯਾਤਰਾ ਦੀਆਂ ਪ੍ਰਕਿਰਿਆਵਾਂ ਨੂੰ ਸਰਲ ਬਣਾਵੇ ਤੇ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰੇ ਤਾਂ ਜੋ ਸੰਗਤ ਦੀ ਪਾਕਿਸਤਾਨ ਦੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਤੱਕ ਸੁਰੱਖਿਅਤ, ਸੁਚਾਰੂ ਤੇ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ। ਜਥੇਦਾਰ ਸਾਹੀ ਕਿਹਾ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਸਿਰਫ਼ ਇੱਕ ਰਸਤਾ ਨਹੀਂ, ਸਗੋਂ ਇੱਕ ਅਜਿਹਾ ਪੁਲ ਹੈ ਜੋ ਸਿੱਖ ਸੰਗਤ ਨੂੰ ਉਸ ਧਰਤੀ ਨਾਲ ਮੁੜ ਜੋੜਦਾ ਹੈ, ਜਿੱਥੇ ਸਾਡੇ ਗੁਰੂ ਸਾਹਿਬ ਨੇ ਚਰਨ ਪਾਏ ਸਨ। ਉਨ੍ਹਾਂ ਕਿਹਾ ਕਿ ਇਹ ਲਾਂਘਾ ਲੱਖਾਂ ਸੰਗਤਾਂ ਦੀਆਂ ਭਾਵਨਾਵਾਂ ਤੇ 1947 ਦੀ ਵੰਡ ਦੌਰਾਨ ਵਿਛੜੇ ਪਰਿਵਾਰਾਂ ਦੇ ਦਰਦ ਦੀ ਤਰਜਮਾਨੀ ਕਰਦਾ ਹੈ। ਉਨ੍ਹਾਂ ਕਿਹਾ ਗੁਰੂ ਸਾਹਿਬ ਦਾ ਸੰਦੇਸ਼ ਸਾਰੇ ਧਰਮਾਂ ਤੇ ਸਮੁੱਚੀ ਲੋਕਾਈ ਲਈ ਹੈ, ਜੋ ਹੱਦਾਂ-ਸਰਹੱਦਾਂ ਤੋਂ ਪਰੇ ਹੈ। ਉਨ੍ਹਾਂ ਦੀ ਬਾਣੀ ਮਨੁੱਖਤਾ ਨੂੰ ਪਿਆਰ, ਸਦਭਾਵਨਾ, ਸਹਿਣਸ਼ੀਲਤਾ ਤੇ ਸ਼ਾਂਤੀ ਦਾ ਮਾਰਗ ਦਿਖਾਉਂਦੀ ਹੈ। ਇਸ ਲਈ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਾ ਰੱਖਣਾ ਧਾਰਮਿਕ ਆਜ਼ਾਦੀ, ਮਨੁੱਖੀ ਸਾਂਝ ਤੇ ਪੰਜਾਬ ਦੀ ਸਾਂਝੀ ਵਿਰਾਸਤ ਦੇ ਸਤਿਕਾਰ ਨਾਲ ਸਬੰਧਤ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਦੇ ਮਨਾਂ ’ਚ ਸਰਹੱਦ ਦੇ ਦੂਜੇ ਪਾਸੇ ਰਹਿ ਗਏ ਗੁਰਧਾਮਾਂ ਦੇ ਦਰਸ਼ਨ ਕਰਨ ਦੀ ਤਾਂਘ ਹੈ ਜੋ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀਆਂ ਰੁਕਾਵਟਾਂ ਕਾਰਨ ਪ੍ਰਭਾਵਿਤ ਹੋ ਰਹੀ ਹੈ, ਇਸ ਲਈ ਕੇਂਦਰ ਸਰਕਾਰ ਲਾਂਘੇ ਨੂੰ ਦੁਬਾਰਾ ਖੋਲ੍ਹੇ।