ਵਕੀਲ ਭਾਈਚਾਰੇ ਦੇ ਸੰਘਰਸ਼ ਨੂੰ ਮਿਲੀ ਕਾਮਯਾਬੀ, ਹੜਤਾਲ ਖ਼ਤਮ ਵਕੀਲ ਭਾਈਚਾਰੇ ਦੇ ਸੰਘਰਸ਼ ਨੂੰ ਮਿਲੀ ਕਾਮਯਾਬੀ, ਸੁਲਤਾਨਪੁਰ ਲੋਧੀ ਬਾਰ ਐਸੋਸੀਏਸ਼ਨ ਨੇ ਹੜਤਾਲ ਕੀਤੀ ਸਮਾਪਤ
Publish Date: Fri, 07 Aug 2026 09:31 PM (IST)
Updated Date: Fri, 07 Aug 2026 09:35 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੰਜਾਬ ਭਰ ਦੇ ਵਕੀਲ ਭਾਈਚਾਰੇ ਵੱਲੋਂ ਐੱਲਏਡੀਸੀ ਨੀਤੀ ਦੇ ਵਿਰੋਧ ਵਿੱਚ ਲੰਮੇ ਸਮੇਂ ਤੋਂ ਚੱਲ ਰਹੇ ਸੰਘਰਸ਼ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ, ਜਦੋਂ ਦਿੱਲੀ ਵਿਖੇ ਹੋਈ ਉੱਚ ਪੱਧਰੀ ਕਮੇਟੀ ਦੀ ਮੀਟਿੰਗ ਵਿੱਚ ਵਕੀਲਾਂ ਦੀਆਂ ਮੁੱਖ ਮੰਗਾਂ ਨੂੰ ਪ੍ਰਵਾਨਗੀ ਦੇ ਦਿੱਤੀ ਗਈ। ਇਸ ਤੋਂ ਬਾਅਦ ਸੁਲਤਾਨਪੁਰ ਲੋਧੀ ਬਾਰ ਐਸੋਸੀਏਸ਼ਨ ਨੇ ਵੀ ਆਪਣੀ ਹੜਤਾਲ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ, ਜਿਸ ਨਾਲ ਵਕੀਲ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਲਤਾਨਪੁਰ ਲੋਧੀ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਜਰਨੈਲ ਸਿੰਘ ਸੰਧਾ ਤੇ ਸਕੱਤਰ ਐਡਵੋਕੇਟ ਸ਼ੈਲ ਪ੍ਰਭਾਕਰ ਨੇ ਦੱਸਿਆ ਕਿ ਵਕੀਲ ਭਾਈਚਾਰੇ ਦੀ ਏਕਤਾ, ਸਬਰ ਤੇ ਲਗਾਤਾਰ ਸੰਘਰਸ਼ ਸਦਕਾ ਇਹ ਅਹਿਮ ਸਫ਼ਲਤਾ ਹਾਸਲ ਹੋਈ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਦੌਰਾਨ ਪੰਜਾਬ ਦੇ ਸਮੂਹ ਬਾਰ ਐਸੋਸੀਏਸ਼ਨਾਂ ਨੇ ਇਕਜੁੱਟ ਹੋ ਕੇ ਆਪਣੀ ਆਵਾਜ਼ ਬੁਲੰਦ ਕੀਤੀ, ਜਿਸ ਦੇ ਨਤੀਜੇ ਵਜੋਂ ਸਰਕਾਰ ਨੂੰ ਵਕੀਲਾਂ ਦੀਆਂ ਜਾਇਜ਼ ਮੰਗਾਂ ਤੇ ਗੰਭੀਰਤਾ ਨਾਲ ਵਿਚਾਰ ਕਰਨਾ ਪਿਆ। ਉਨ੍ਹਾਂ ਦੱਸਿਆ ਕਿ ਦਿੱਲੀ ਵਿੱਚ ਹੋਈ ਕਮੇਟੀ ਦੀ ਮੀਟਿੰਗ ਦੌਰਾਨ ਲਏ ਗਏ ਫ਼ੈਸਲਿਆਂ ਤੋਂ ਬਾਅਦ ਹੜਤਾਲ ਵਾਪਸ ਲੈਣ ਦਾ ਸਾਂਝਾ ਫ਼ੈਸਲਾ ਕੀਤਾ ਗਿਆ ਹੈ। ਇਸ ਫ਼ੈਸਲੇ ਤੋਂ ਬਾਅਦ ਹੁਣ ਸੁਲਤਾਨਪੁਰ ਲੋਧੀ ਸਮੇਤ ਪੰਜਾਬ ਦੀਆਂ ਸਮੂਹ ਅਦਾਲਤਾਂ ਵਿੱਚ ਵਕੀਲ ਆਪਣੇ ਨਿਯਮਤ ਕੰਮਕਾਜ ਲਈ ਮੁੜ ਹਾਜ਼ਰ ਹੋਏ, ਜਿਸ ਨਾਲ ਲੰਬਿਤ ਪਏ ਕੇਸਾਂ ਦੀ ਸੁਣਵਾਈ ਵੀ ਰਫ਼ਤਾਰ ਫੜੇਗੀ ਤੇ ਲੋਕਾਂ ਨੂੰ ਰਾਹਤ ਮਿਲੇਗੀ। ਐਡਵੋਕੇਟ ਜਰਨੈਲ ਸਿੰਘ ਸੰਧਾ ਤੇ ਐਡਵੋਕੇਟ ਸ਼ੈਲ ਪ੍ਰਭਾਕਰ ਨੇ ਕਿਹਾ ਕਿ ਇਹ ਸਿਰਫ਼ ਵਕੀਲ ਭਾਈਚਾਰੇ ਦੀ ਨਹੀਂ, ਸਗੋਂ ਨਿਆਂ ਪ੍ਰਣਾਲੀ ਦੀ ਵੀ ਜਿੱਤ ਹੈ। ਉਨ੍ਹਾਂ ਕਿਹਾ ਕਿ ਵਕੀਲਾਂ ਦੇ ਹਿੱਤਾਂ ਦੀ ਰਾਖੀ ਦੇ ਨਾਲ-ਨਾਲ ਆਮ ਲੋਕਾਂ ਨੂੰ ਨਿਰਵਿਘਨ ਨਿਆਂ ਮਿਲਣਾ ਵੀ ਬਹੁਤ ਜ਼ਰੂਰੀ ਹੈ ਤੇ ਇਸ ਫ਼ੈਸਲੇ ਨਾਲ ਦੋਵੇਂ ਉਦੇਸ਼ ਪੂਰੇ ਹੋਣਗੇ। ਉਨ੍ਹਾਂ ਇਸ ਮੌਕੇ ਸੰਘਰਸ਼ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹਿਣ ਵਾਲੇ ਸਮੂਹ ਸੀਨੀਅਰ ਤੇ ਜੂਨੀਅਰ ਵਕੀਲਾਂ, ਬਾਰ ਐਸੋਸੀਏਸ਼ਨ ਦੇ ਮੈਂਬਰਾਂ ਤੇ ਪੰਜਾਬ ਭਰ ਦੇ ਵਕੀਲ ਭਾਈਚਾਰੇ ਦਾ ਧੰਨਵਾਦ ਕੀਤਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਭਵਿੱਖ ਵਿੱਚ ਵੀ ਵਕੀਲਾਂ ਦੀਆਂ ਜਾਇਜ਼ ਮੰਗਾਂ ਨੂੰ ਗੱਲਬਾਤ ਰਾਹੀਂ ਹੱਲ ਕੀਤਾ ਜਾਵੇਗਾ ਤੇ ਨਿਆਂ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਾਰਿਆਂ ਦਾ ਸਹਿਯੋਗ ਮਿਲਦਾ ਰਹੇਗਾ। ਇਸ ਮੌਕੇ ਐਡਵੋਕੇਟ ਕੇਹਰ ਸਿੰਘ, ਐਡਵੋਕੇਟ ਗੁਰਮੇਲ ਸਿੰਘ ਥਿੰਦ, ਐਡਵੋਕੇਟ ਸਤਬੀਰ ਸਿੰਘ ਮਹੀਪਾਲ, ਐਡਵੋਕੇਟ ਜਗਦੀਸ਼ ਸਿੰਘ ਸੋਢੀ, ਐਡਵੋਕੇਟ ਗੁਰਮੀਤ ਸਿੰਘ ਢਿੱਲੋਂ, ਐਡਵੋਕੇਟ ਗੁਰਮੀਤ ਸਿੰਘ ਵਿਰਦੀ, ਐਡ. ਸੁਖਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।