- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਧਿਆਪਕ ਯੂਨੀਅਨ ਨੇ ਭਲਾਈ ਮੰਤਰੀ, ਸਿੱਖਿਆ ਮੰਤਰੀ, ਭਲਾਈ ਸਕੱਤਰ ਅਤੇ ਸਿੱਖਿਆ ਸਕੱਤਰ ਦੇ ਫੂਕੇ ਪੁਤਲੇ

ਮਾਮਲਾ ਪੰਜਾਬ 1013 ਲੈਕਚਰਾਰ ਸਿੱਧੀ ਭਰਤੀ ’ਚ ਐੱਸਸੀ/ਬੀਸੀ ਵਰਗ ਦਾ ਬਣਦਾ ਰਾਖਵਾਂ ਕੋਟਾ ਨਾ ਦੇਣ ਦਾ
ਸੁੱਖੀ ਟਿੱਬਾ ਪੰਜਾਬੀ ਜਾਗਰਣ
ਆਰਸੀਐੱਫ : ਐੱਸਸੀ/ਬੀਸੀ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਅੱਜ 1013 ਲੈਕਚਰਾਰ ਸਿੱਧੀ ਭਰਤੀ ਵਿੱਚ ਐੱਸਸੀ (25%) ਤੇ ਬੀਸੀ (12%) ਵਰਗ ਦਾ ਬਣਦਾ ਰਾਖਵਾਂ ਕੋਟਾ ਨਾ ਦੇਣ ਦੇ ਰੋਸ ਵਜੋਂ ਜ਼ਿਲ੍ਹਾ ਕਪੂਰਥਲਾ ਦੇ ਡੀਸੀ ਦਫਤਰ ਅੱਗੇ ਭਲਾਈ ਮੰਤਰੀ, ਸਿੱਖਿਆ ਮੰਤਰੀ, ਭਲਾਈ ਸਕੱਤਰ ਤੇ ਸਿੱਖਿਆ ਸਕੱਤਰ ਦੇ ਪੁਤਲੇ ਫੂਕ ਕੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ ਤੇ ਆਪਣੀਆਂ ਮੰਗਾਂ ਸਬੰਧੀ ਅਧਿਕਾਰੀਆ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਰਾਖਵਾਂਕਰਨ ਵਿਰੋਧੀ ਮਾਨਸਿਕਤਾ ਤਹਿਤ 1013 ਲੈਕਚਰਾਰ ਸਿੱਧੀ ਭਰਤੀ ਵਿੱਚ ਬਣਦਾ ਰਾਖਵਾਂ ਕੋਟਾ ਨਹੀਂ ਦਿੱਤਾ ਗਿਆ। ਇਸ ਮਸਲੇ ਦੇ ਸੁਖਾਵੇਂ ਹੱਲ ਲਈ ਸਟੇਟ ਕਮੇਟੀ ਵੱਲੋਂ ਪ੍ਰਿੰਸੀਪਲ ਸਕੱਤਰ ਭਲਾਈ ਵੀਕੇ ਮੀਨਾ ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਗਈਆਂ ਸਨ। ਇਨ੍ਹਾਂ ਮੀਟਿੰਗਾਂ ਵਿੱਚ ਆਗੂਆਂ ਵੱਲੋਂ ਤੱਥਾਂ ਸਹਿਤ ਸਿੱਧ ਕੀਤਾ ਗਿਆ ਤੇ ਸਬੂਤ ਦੇ ਕੇ ਪੱਖ ਰੱਖਿਆ ਗਿਆ ਕਿ ਵੱਖ-ਵੱਖ ਵਿਸ਼ਿਆਂ ਵਿੱਚ ਆਪਣੀ ਮੈਰਿਟ ਦੇ ਅਧਾਰ 'ਤੇ ਭਰਤੀ ਹੋਏ ਐੱਸਸੀ/ਬੀਸੀ ਉਮੀਦਵਾਰਾਂ ਨੂੰ ਹੀ ਰੋਸਟਰ ਨੁਕਤਿਆਂ 'ਤੇ ਲਗਾਇਆ ਗਿਆ ਹੈ, ਜੋ ਕਿ ਰਾਖਵਾਂਕਰਨ ਨੀਤੀ, ਆਰਕੇ ਸੱਭਰਵਾਲ ਕੇਸ ਤੇ ਭਲਾਈ ਵਿਭਾਗ ਦੀਆਂ 10/7/1995 ਦੀਆਂ ਹਦਾਇਤਾਂ ਦੀ ਸ਼ਰੇਆਮ ਉਲੰਘਣਾ ਹੈ। ਇਸ ਤੋਂ ਵੀ ਅੱਗੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਭਲਾਈ ਵਿਭਾਗ ਦੇ ਡਾਇਰੈਕਟਰ ਤੇ ਸਪੈਸ਼ਲ ਸਕੱਤਰ ਦੀ ਮੀਟਿੰਗ ਵਿੱਚ ਇਹ ਕਬੂਲਿਆ ਕਿ ਸਾਡੇ ਕੋਲ ਰਿਕਾਰਡ ਪੂਰਾ ਨਹੀਂ ਹੈ। ਅਜਿਹੇ ਵਿੱਚ ਸਵਾਲ ਪੈਦਾ ਹੁੰਦਾ ਹੈ ਕਿ ਅਧੂਰੇ ਰਿਕਾਰਡ ਦੇ ਅਧਾਰ 'ਤੇ ਰਾਖਵਾਂ ਕੋਟਾ ਜ਼ੀਰੋ ਕਿਵੇਂ ਦਿਖਾ ਦਿੱਤਾ ਗਿਆ? ਭਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਵੀ ਰਾਖਵਾਂਕਰਨ ਨੂੰ ਸਹੀ ਢੰਗ ਨਾਲ ਲਾਗੂ ਕਰਾਉਣ, ਰੋਸਟਰ ਰਜਿਸਟਰ ਸਹੀ ਬਣਾਉਣ ਤੇ ਨਿਯਮਾਂ ਅਨੁਸਾਰ ਜਾਂਚ ਕਰਕੇ ਨਿਰੀਖਣ ਰਿਪੋਰਟ ਤਿਆਰ ਕਰਨ ਲਈ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਈ ਜਾ ਰਹੀ। ਇਸ ਦੇ ਰੋਸ ਵਜੋਂ ਅੱਜ ਜ਼ਿਲ੍ਹਾ ਪੱਧਰ 'ਤੇ ਸਮੁੱਚੇ ਪੰਜਾਬ ਵਿੱਚ ਭਲਾਈ ਮੰਤਰੀ ਡਾ. ਬਲਜੀਤ ਕੌਰ, ਸਿੱਖਿਆ ਮੰਤਰੀ ਹਰਜੋਤ ਬੈਂਸ, ਭਲਾਈ ਸਕੱਤਰ ਵੀਕੇ ਮੀਨਾ ਤੇ ਸਿੱਖਿਆ ਸਕੱਤਰ ਸੋਨਾਲੀ ਗਿਰੀ ਦੇ ਪੁਤਲੇ ਫੂਕੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦਾ ਰਾਖਵਾਂਕਰਨ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ, ਜਿਸ ਕਾਰਨ ਪੰਜਾਬ ਸਰਕਾਰ ਵਿਰੁੱਧ ਪੰਜਾਬ ਦੇ ਐੱਸਸੀ/ਬੀਸੀ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਸਮੇਂ ਵੱਖ-ਵੱਖ ਜਥੇਬੰਦੀਆਂ ਦੇ ਆਗੂ ਸਾਹਿਬਾਨ ਨੇ ਸੰਘਰਸ਼ ਵਿੱਚ ਆਪਣੀ ਹਮਾਇਤ ਕੀਤੀ।