ਜੇਸੀਟੀ ਮਿਲ ’ਚ ਰਹਿਣ ਵਾਲਿਆਂ ਵਿਤਕਰਾ ਨਿੰਦਣਯੋਗ : ਸ਼ਰਨਜੀਤ ਸਿੰਘ ਜੇ.ਸੀ.ਟੀ. ਮਿਲ ਵਿੱਚ ਰਹਿੰਦੇ ਹਜ਼ਾਰਾਂ ਲੋਕ ਵੀ ਭਾਰਤ ਦੇਸ਼ ਦੇ ਨਾਗਰਿਕ, ਉਨ੍ਹਾਂ ਨਾਲ ਵਿਤਕਰਾ ਨਿੰਦਣਯੋਗ : ਸ਼ਰਨਜੀਤ ਸਿੰਘ
Publish Date: Sun, 09 Aug 2026 06:55 PM (IST)
Updated Date: Sun, 09 Aug 2026 06:56 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਜੇਸੀਟੀ ਮਿਲ ਫਗਵਾੜਾ ਦੀ ਹੱਦ ਅੰਦਰ ਪਿਛਲੇ ਕਾਫੀ ਲੰਬੇ ਸਮੇਂ ਤੋਂ ਰਹਿ ਰਹੇ ਹਜ਼ਾਰਾਂ ਲੋਕਾਂ ਨੂੰ ਬਿਜਲੀ ਤੇ ਪਾਣੀ ਵਰਗੀਆਂ ਮੁੱਢਲੀਆਂ ਸਹੂਲਤਾਂ ਤੋਂ ਵਾਂਝੇ ਰਹਿਣਾ ਪੈ ਰਿਹਾ ਹੈ, ਜੋ ਕਿ ਬੇਹੱਦ ਚਿੰਤਾਜਨਕ ਤੇ ਨਿੰਦਣਯੋਗ ਹੈ। ਇਹ ਗੱਲ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਸ਼ਰਨਜੀਤ ਸਿੰਘ, ਕੌਂਸਲਰ ਤਰਨਜੀਤ ਸਿੰਘ ਬੰਟੀ ਵਾਲੀਆ ਤੇ ਸੀਨੀਅਰ ਆਗੂ ਸੌਰਵ ਸ਼ਰਮਾ ਨੇ ਆਖੀ। ਸ਼ਰਨਜੀਤ ਸਿੰਘ, ਬੰਟੀ ਵਾਲੀਆ ਤੇ ਸੌਰਵ ਸ਼ਰਮਾ ਨੇ ਕਿਹਾ ਕਿ ਜੇਸੀਟੀ ਮਿਲ ਦੇ ਵਰਕਰ ਤੇ ਉਨ੍ਹਾਂ ਦੇ ਪਰਿਵਾਰ ਵੀ ਇਸ ਦੇਸ਼ ਦੇ ਨਾਗਰਿਕ ਹਨ ਤੇ ਉਨ੍ਹਾਂ ਨੂੰ ਵੀ ਉਹ ਸਾਰੀਆਂ ਬੁਨਿਆਦੀ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ, ਜਿਨ੍ਹਾਂ ਦਾ ਹੱਕ ਹਰ ਭਾਰਤੀ ਨਾਗਰਿਕ ਨੂੰ ਹੈ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਮਿਲ ਦੇ ਵਸਨੀਕ ਬਿਜਲੀ ਤੇ ਪਾਣੀ ਦੀ ਗੰਭੀਰ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ, ਪਰ ਇਸ ਸਮੱਸਿਆ ਦਾ ਅਜੇ ਤੱਕ ਕੋਈ ਠੋਸ ਤੇ ਸਥਾਈ ਹੱਲ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਹਾਲਾਤ ਇੱਥੋਂ ਤੱਕ ਪਹੁੰਚ ਗਏ ਹਨ ਕਿ ਜੇਸੀਟੀ ਮਿਲ ਦੇ ਵਸਨੀਕਾਂ ਨੂੰ ਆਪਣੇ ਪੱਧਰ ’ਤੇ ਪੈਸੇ ਇਕੱਠੇ ਕਰਕੇ ਜਨਰੇਟਰ ਲਈ ਤੇਲ ਦਾ ਪ੍ਰਬੰਧ ਕਰਨਾ ਪੈ ਰਿਹਾ ਹੈ। ਰੋਜ਼ਾਨਾ ਲਗਭਗ ਇੱਕ ਘੰਟੇ ਲਈ ਪਾਣੀ ਦੀ ਮੋਟਰ ਚਲਾ ਕੇ ਲੋਕ ਆਪਣੇ ਪਰਿਵਾਰਾਂ ਲਈ ਪਾਣੀ ਦਾ ਇੰਤਜ਼ਾਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਹਾਲਾਤ ਕਿਸੇ ਵੀ ਸੰਵੇਦਨਸ਼ੀਲ ਸਰਕਾਰ ਤੇ ਪ੍ਰਸ਼ਾਸਨ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੋਣੇ ਚਾਹੀਦੇ ਹਨ। ਸ਼ਰਨਜੀਤ ਸਿੰਘ ਤੇ ਤਰਨਜੀਤ ਸਿੰਘ ਨੇ ਕਿਹਾ ਕਿ ਸਭ ਤੋਂ ਵੱਡੀ ਚਿੰਤਾ ਇਸ ਗੱਲ ਦੀ ਹੈ ਕਿ ਮਿਲ ਦੇ ਅੰਦਰ ਅਜੇ ਵੀ ਕਰੀਬ ਦੋ ਤੋਂ ਤਿੰਨ ਹਜ਼ਾਰ ਲੋਕ ਰਹਿ ਰਹੇ ਹਨ, ਜਿਨ੍ਹਾਂ ਵਿੱਚ ਛੋਟੇ-ਛੋਟੇ ਬੱਚੇ ਵੀ ਸ਼ਾਮਲ ਹਨ। ਇਸ ਸਮੇਂ ਭਿਆਨਕ ਗਰਮੀ ਦਾ ਮੌਸਮ ਚੱਲ ਰਿਹਾ ਹੈ ਤੇ ਬਿਨਾਂ ਬਿਜਲੀ ਦੇ ਬੱਚਿਆਂ, ਬਜ਼ੁਰਗਾਂ ਤੇ ਪਰਿਵਾਰਾਂ ਨੂੰ ਕਿਹੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੋਵੇਗਾ, ਇਸ ਦਾ ਅੰਦਾਜ਼ਾ ਲਗਾਉਣਾ ਵੀ ਮੁਸ਼ਕਲ ਹੈ। ਬੱਚਿਆਂ ਦੀ ਪੜ੍ਹਾਈ ਦਾ ਸਮਾਂ ਹੈ ਤੇ ਬਿਜਲੀ ਦੀ ਸਹੂਲਤ ਨਾ ਹੋਣ ਕਾਰਨ ਉਨ੍ਹਾਂ ਦੀ ਪੜ੍ਹਾਈ ਵੀ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਸੂਬਾ ਸਰਕਾਰ ਤੇ ਫਗਵਾੜਾ ਨਾਲ ਸਬੰਧਤ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਿਰਫ਼ ਸਿਆਸੀ ਬਿਆਨਾਂ ਜਾਂ ਵੋਟ ਬੈਂਕ ਦੀ ਰਾਜਨੀਤੀ ਤੱਕ ਸੀਮਤ ਨਾ ਰਹਿਣ, ਸਗੋਂ ਜੇਸੀਟੀ ਮਿਲ ਦੇ ਵਸਨੀਕਾਂ ਦੀਆਂ ਅਸਲ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਦੇ ਹੱਲ ਲਈ ਜ਼ਮੀਨੀ ਪੱਧਰ ’ਤੇ ਕੰਮ ਕਰਨ। ਬੰਟੀ ਵਾਲੀਆ ਨੇ ਸਵਾਲ ਕੀਤਾ ਕਿ ਕੀ ਸਰਕਾਰ ਨੇ ਜੇਸੀਟੀ ਮਿਲ ਵਿੱਚ ਰਹਿ ਰਹੇ ਇਨ੍ਹਾਂ ਲੋਕਾਂ ਨੂੰ ਸਿਰਫ਼ ਵੋਟ ਬੈਂਕ ਸਮਝ ਕੇ ਛੱਡ ਦਿੱਤਾ ਹੈ? ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਹਰ ਵਰਗ ਦੇ ਲੋਕਾਂ ਤੋਂ ਵੋਟਾਂ ਮੰਗੀਆਂ ਜਾਂਦੀਆਂ ਹਨ, ਪਰ ਜਦੋਂ ਉਹੀ ਲੋਕ ਆਪਣੀਆਂ ਮੁੱਢਲੀਆਂ ਸਹੂਲਤਾਂ ਤੇ ਹੱਕਾਂ ਲਈ ਆਵਾਜ਼ ਉਠਾਉਂਦੇ ਹਨ ਤਾਂ ਉਨ੍ਹਾਂ ਦੀ ਸਮੱਸਿਆ ਵੱਲ ਧਿਆਨ ਨਾ ਦੇਣਾ ਬੇਹੱਦ ਦੁੱਖਦਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜੇਸੀਟੀ ਮਿਲ ਦੇ ਅੰਦਰ ਰਹਿੰਦੇ ਲੋਕਾਂ ਦੇ ਜੋ ਵੀ ਬਕਾਏ ਜਾਂ ਕਾਨੂੰਨੀ ਮਸਲੇ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣਾ ਚਾਹੀਦਾ ਹੈ। ਜਿਨ੍ਹਾਂ ਵਰਕਰਾਂ ਤੇ ਵਸਨੀਕਾਂ ਦੀ ਫੁੱਲ ਐਂਡ ਫਾਈਨਲ ਪੇਮੈਂਟ ਜਾਂ ਹੋਰ ਬਕਾਇਆ ਰਕਮ ਬਣਦੀ ਹੈ, ਉਸ ਦੀ ਅਦਾਇਗੀ ਜਲਦ ਤੋਂ ਜਲਦ ਕਰਵਾਈ ਜਾਵੇ, ਤਾਂ ਜੋ ਇਹ ਲੋਕ ਆਪਣਾ ਬਣਦਾ ਹੱਕ ਲੈ ਕੇ ਆਪਣੇ ਘਰਾਂ ਨੂੰ ਜਾ ਸਕਣ ਤੇ ਲੰਬੇ ਸਮੇਂ ਤੋਂ ਚੱਲ ਰਹੀ ਖੱਜਲ-ਖੁਆਰੀ ਤੋਂ ਮੁਕਤ ਹੋ ਸਕਣ। ਕਾਂਗਰਸ ਆਗੂਆਂ ਨੇ ਕਿਹਾ ਕਿ ਇਹ ਸਿਰਫ਼ ਸਿਆਸੀ ਮੁੱਦਾ ਨਹੀਂ, ਸਗੋਂ ਮਨੁੱਖੀ ਤੇ ਸਮਾਜਿਕ ਜ਼ਿੰਮੇਵਾਰੀ ਦਾ ਮਾਮਲਾ ਹੈ। ਉਨ੍ਹਾਂ ਕਿਹਾ ਕਿ ਜੇਕਰ ਹਜ਼ਾਰਾਂ ਲੋਕ ਲੰਬੇ ਸਮੇਂ ਤੋਂ ਬਿਜਲੀ ਤੇ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ ਤਾਂ ਸਾਰੀਆਂ ਸਿਆਸੀ ਪਾਰਟੀਆਂ ਤੇ ਸਮਾਜਿਕ ਜਥੇਬੰਦੀਆਂ ਨੂੰ ਆਪਣੀਆਂ ਅਹੁਦੇਦਾਰੀਆਂ ਤੇ ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਇਨ੍ਹਾਂ ਲੋਕਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਸੀਟੀ ਮਿਲ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸਰਕਾਰ, ਪ੍ਰਸ਼ਾਸਨ, ਸਬੰਧਤ ਵਿਭਾਗਾਂ ਤੇ ਮਿਲ ਪ੍ਰਬੰਧਨ ਨੂੰ ਮਿਲ ਕੇ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ। ਬਿਜਲੀ ਤੇ ਪਾਣੀ ਦੀ ਸਮੱਸਿਆ ਦਾ ਫੌਰੀ ਹੱਲ ਕਰਨ ਦੇ ਨਾਲ-ਨਾਲ ਵਰਕਰਾਂ ਦੇ ਬਕਾਏ ਤੇ ਹੋਰ ਮਸਲੇ ਵੀ ਨਿਪਟਾਏ ਜਾਣ ਤਾਂ ਜੋ ਹਜ਼ਾਰਾਂ ਲੋਕ ਸਨਮਾਨ ਨਾਲ ਆਪਣੀ ਜ਼ਿੰਦਗੀ ਬਤੀਤ ਕਰ ਸਕਣ। ਸ਼ਰਨਜੀਤ ਸਿੰਘ ਨੇ ਅੰਤ ਵਿੱਚ ਕਿਹਾ ਕਿ ਕਿਸੇ ਵੀ ਸਰਕਾਰ ਦੀ ਅਸਲ ਪਰਖ ਇਸ ਗੱਲ ਤੋਂ ਹੁੰਦੀ ਹੈ ਕਿ ਉਹ ਆਪਣੇ ਸਭ ਤੋਂ ਮੁਸ਼ਕਲ ਹਾਲਾਤਾਂ ਵਿੱਚ ਰਹਿ ਰਹੇ ਲੋਕਾਂ ਦੀ ਕਿੰਨੀ ਸਾਰ ਲੈਂਦੀ ਹੈ। ਇਸ ਲਈ ਸਰਕਾਰ ਨੂੰ ਜੇਸੀਟੀ ਮਿਲ ਦੇ ਵਸਨੀਕਾਂ ਦੀ ਆਵਾਜ਼ ਨੂੰ ਗੰਭੀਰਤਾ ਨਾਲ ਸੁਣਦਿਆਂ ਤੁਰੰਤ ਰਾਹਤ ਦੇਣੀ ਚਾਹੀਦੀ ਹੈ।