ਗੁਰੂ ਰਵਿਦਾਸ ਜੀ ਦੀ ਬਾਣੀ ਸਾਨੂੰ ਸਮਾਨਤਾ ਦਾ ਰਾਹ ਦਿਖਾਉਂਦੀ ਹੈ : ਰਾਣਾ
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਤੇ ਉਪਦੇਸ਼ ਸਾਨੂੰ ਆਪਸੀ ਭਾਈਚਾਰੇ, ਸਮਾਨਤਾ ਤੇ ਪ੍ਰੇਮ ਦਾ ਰਾਹ ਦਿਖਾਉਂਦੇ ਹਨ : ਰਾਣਾ
Publish Date: Sun, 01 Feb 2026 07:54 PM (IST)
Updated Date: Sun, 01 Feb 2026 07:55 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਭਗਤੀ ਦੇ ਮੁਜੱਸਮੇ, ਸਮਾਜਿਕ ਸਮਾਨਤਾ ਦੇ ਪ੍ਰਤੀਕ ਤੇ ਮਹਾਨ ਸੰਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪਾਵਨ ਜਨਮ ਦਿਹਾੜੇ ਮੌਕੇ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਤੇ ਉਪਦੇਸ਼ ਮਨੁੱਖਤਾ ਨੂੰ ਆਪਸੀ ਭਾਈਚਾਰੇ, ਸਮਾਨਤਾ ਤੇ ਪ੍ਰੇਮ ਦਾ ਰਾਹ ਦਿਖਾਉਂਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਨੇ ਆਪਣੀ ਸੋਚ ਤੇ ਕਰਮ ਰਾਹੀਂ ਜਾਤ-ਪਾਤ, ਭੇਦਭਾਵ ਤੇ ਜ਼ੁਲਮ ਦੇ ਵਿਰੁੱਧ ਆਵਾਜ਼ ਬੁਲੰਦ ਕੀਤੀ ਤੇ ਸਮਾਜ ਨੂੰ ਏਕਤਾ ਦਾ ਸੁਨੇਹਾ ਦਿੱਤਾ। ਰਾਣਾ ਗੁਰਜੀਤ ਸਿੰਘ ਤੇ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ, ਨੈਤਿਕ ਮੁੱਲਾਂ ਨੂੰ ਮਜ਼ਬੂਤ ਕਰਨ ਤੇ ਸਮਾਜ ਵਿਚ ਆਪਸੀ ਸਦਭਾਵਨਾ ਤੇ ਭਾਈਚਾਰੇ ਨੂੰ ਹੋਰ ਮਜ਼ਬੂਤ ਬਣਾਉਣ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਗੁਰੂ ਰਵਿਦਾਸ ਮਹਾਰਾਜ ਜੀ ਦਾ ਸੰਦੇਸ਼ ਪਹਿਲਾਂ ਨਾਲੋਂ ਵੀ ਵੱਧ ਜ਼ਰੂਰੀ ਹੈ, ਜੋ ਮਨੁੱਖਤਾ ਨੂੰ ਸਹੀ ਦਿਸ਼ਾ ਵੱਲ ਲਿਜਾਣ ਲਈ ਪ੍ਰੇਰਣਾ ਦਿੰਦਾ ਹੈ।