ਯੁਵਾ ਵਰਗ ਖੇਡਾਂ ’ਚ ਦੇਸ਼ ਦਾ ਨਾਂ ਰੋਸ਼ਨ ਕਰੇ : ਐਡ. ਚੰਦੀ ਯੁਵਾ ਵਰਗ ਖੇਡਾਂ ’ਚ ਅੱਗੇ ਆ ਕੇ ਆਪਣਾ ਤੇ ਦੇਸ਼ ਦਾ ਨਾਂ ਰੋਸ਼ਨ ਕਰੇ : ਐਡਵੋਕੇਟ ਚੰਦੀ
Publish Date: Fri, 16 Oct 2026 07:00 PM (IST)
Updated Date: Fri, 16 Oct 2026 07:03 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਧੰਨ ਧੰਨ ਬਾਬਾ ਰਾਮ ਜੋਗੀ ਪੀਰ ਜੀ ਚਾਹਲ ਕਬੱਡੀ ਟੂਰਨਾਮੈਂਟ ਪ੍ਰਬੰਧਕ ਕਮੇਟੀ ਪਿੰਡ ਖਾਨੋਵਾਲ ਵੱਲੋਂ ਕਾਰਵਏ ਗਏ ਸਲਾਨਾ ਕਬੱਡੀ ਟੂਰਨਾਮੈਂਟ ਤੇ ਜੋੜ ਮੇਲੇ ਦੌਰਾਨ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕੀਤੀ। ਇਸ ਮੌਕੇ ਐਡਵੋਕੇਟ ਚੰਦੀ ਨੇ ਕਿਹਾ ਹੈ ਕਿ ਨੌਜਵਾਨ ਵਰਗ ਨਸ਼ਿਆਂ ਵਰਗੀਆਂ ਬੁਰਾਈਆਂ ਛੱਡ ਕੇ ਖੇਡਾਂ ਵਿੱਚ ਅੱਗੇ ਵਧਣ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜਿਥੇ ਸਰੀਰਕ ਤੇ ਬੌਧਿਕ ਵਿਕਾਸ ਹੁੰਦਾ ਹੈ, ਉਥੇ ਨਾਲ ਹੀ ਅਨੁਸਾਸ਼ਨ ਵਿੱਚ ਰਹਿਣ ਦੀ ਭਾਵਨਾ ਪੈਦਾ ਹੁੰਦੀ ਹੈ। ਇਸ ਦੌਰਾਨ ਪ੍ਰਬੰਧਕ ਕਮੇਟੀ ਤੇ ਪਿੰਡ ਖਾਨੋਵਾਲ ਵਾਸੀਆਂ ਵੱਲੋਂ ਐਡਵੋਕੇਟ ਚੰਦੀ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਖਿਡਾਰੀ ਦਾ ਮਨ ਸ਼ਾਂਤ, ਸਰੀਰ ਸਿਹਤਮੰਦ ਤੇ ਧਿਆਨ ਆਪਣੇ ਟੀਚੇ ਵੱਲ ਕੇਂਦਰਿਤ ਹੁੰਦਾ ਹੈ। ਇਸ ਲਈ ਹਰ ਵਿਅਕਤੀ ਨੂੰ ਚਾਹੀਦਾ ਹੈ ਕਿ ਉਹ ਆਪਣੇ ਜੀਵਨ ਵਿੱਚ ਖੇਡਾਂ ਵੱਲ ਉਚਿਤ ਧਿਆਨ ਦੇਵੇ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੇ ਬੱਚੇ ਨੂੰ ਸ਼ੁਰੂ ਤੋਂ ਹੀ ਖੇਡਾਂ ਵੱਲ ਪ੍ਰੇਰਿਤ ਕਰਨ। ਐਡਵੋਕੇਟ ਚੰਦੀ ਨੇ ਨੌਜਵਾਨਾਂ ਵਿੱਚ ਜੋਸ਼ ਭਰਦੇ ਹੋਏ ਕਿਹਾ ਕਿ ਇਕ ਸਮਾਂ ਸੀ ਜਦੋਂ ਖੇਡ ਸੁਵਿਧਾਵਾਂ ਦੀ ਘਾਟ ਸੀ ਪਰ ਅੱਜ ਸਾਡੇ ਖਿਡਾਰੀ ਸਖ਼ਤ ਮਿਹਨਤ ਕਰ ਕੇ ਗੋਲਡ ਮੈਡਲ ਜਿੱਤ ਕੇ ਲਿਆਉਂਦੇ ਹਨ। ਸੂਬਾ ਸਰਕਾਰ ਖਿਡਾਰੀਆਂ ਨੂੰ ਬਿਹਤਰ ਸੁਵਿਧਾਵਾਂ ਦੇ ਰਹੀ ਹੈ, ਜਿਸ ਨਾਲ ਉਨ੍ਹਾਂ ਦੇ ਉਤਸ਼ਾਹ ਵਿੱਚ ਹੋਰ ਵਾਧਾ ਹੋਇਆ ਹੈ। ਸੂਬੇ ਦੇ ਨੌਜਵਾਨ ਮੁੱਖ ਮੰਤਰੀ ਭਗਵੰਤ ਸਿੰਘ ਦੀ ਸੋਚ ਹੈ ਕਿ ਯੁਵਾ ਵਰਗ ਖੇਡਾਂ ਵਿੱਚ ਅੱਗੇ ਆ ਕੇ ਆਪਣਾ ਤੇ ਦੇਸ਼ ਦਾ ਨਾਂ ਰੋਸ਼ਨ ਕਰੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਹ ਮੁੱਖ ਸੋਚ ਤੇ ਨੀਤੀ ਰਹੀ ਹੈ ਕਿ ਸੂਬੇ ਦੇ ਯੁਵਾ ਵਰਗ ਨੌਜਵਾਨਾਂ ਨੂੰ ਨਸ਼ਿਆਂ ਤੇ ਗਲਤ ਰਾਹਾਂ ਤੋਂ ਦੂਰ ਕਰਕੇ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਵੇ, ਤਾਂ ਜੋ ਉਹ ਕੌਮਾਂਤਰੀ ਪੱਧਰ ਤੇ ਆਪਣਾ ਆਪਣੇ ਪਰਿਵਾਰ ਅਤੇ ਦੇਸ਼ ਦਾ ਨਾਂ ਰੋਸ਼ਨ ਕਰ ਸਕਣ। ਇਸ ਸੋਚ ਨੂੰ ਹਕੀਕਤ ਵਿੱਚ ਬਦਲਣ ਲਈ ਸਰਕਾਰ ਵੱਲੋਂ ਕਈ ਅਹਿਮ ਕਦਮ ਚੁੱਕੇ ਗਏ ਹਨ।