ਮੁੱਖ ਮੰਤਰੀ ਤੇ ਡੀਜੀਪੀ ਅਸਤੀਫ਼ਾ ਦੇਣ : ਬਾਊਪੁਰ ਪਰਮਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਦੀ ਸੀਬੀਆਈ ਜਾਂਚ ਹੋਵੇ, ਮੁੱਖ ਮੰਤਰੀ ਤੇ ਡੀਜੀਪੀ ਅਸਤੀਫ਼ਾ ਦੇਣ : ਸਰਵਣ ਸਿੰਘ ਬਾਊਪੁਰ
Publish Date: Thu, 15 Oct 2026 09:10 PM (IST)
Updated Date: Thu, 15 Oct 2026 09:12 PM (IST)
ਝੋਟੇ ਦੇ ਕਤਲ ਪਿੱਛੇ ਸ਼ਾਮਲ ਲੋਕਾਂ ਨੂੰ ਵੀ ਬੇਨਕਾਬ ਕੀਤਾ ਜਾਵੇ : ਮਹੀਂਵਾਲ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਪਰਮਜੀਤ ਸਿੰਘ ਪੰਜਾਬੀ ਜਾਗਰਣ ਡਡਵਿੰਡੀ : ਪਰਮਿੰਦਰ ਸਿੰਘ ਝੋਟੇ ਦੀ ਮੌਤ ਤੋਂ ਬਾਅਦ ਇਨਸਾਫ਼ ਦੀ ਮੰਗ ਨੂੰ ਲੈ ਕੇ ਬਣਾਈ ਗਈ ਕਮੇਟੀ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਪੂਰਨ ਸਮਰਥਨ ਕੀਤਾ। ਇਸ ਮੌਕੇ ਜ਼ਿਲ੍ਹਾ ਕਪੂਰਥਲਾ ਵਿੱਚ ਪੰਜਾਬ ਬੰਦ ਦੇ ਸਮਰਥਨ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ। ਸੁਲਤਾਨਪੁਰ ਲੋਧੀ ਵਿਖੇ ਕਿਸਾਨ ਆਗੂਆਂ ਤੇ ਵਰਕਰਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕਿਆ ਤੇ ਪਰਮਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕੀਤੀ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸਰਵਣ ਸਿੰਘ ਬਾਊਪੁਰ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤੇ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੇ ਕਾਰਜਕਾਲ ਦੌਰਾਨ ਬੇਦੋਸ਼ੇ ਲੋਕਾਂ ਦੇ ਕਥਿਤ ਐਨਕਾਊਂਟਰ ਹੋਣ ਦੇ ਮਾਮਲੇ ਸਾਹਮਣੇ ਆਏ ਹਨ ਤੇ ਸਰਕਾਰ ਨਸ਼ਿਆਂ ਦੀ ਸਮੱਸਿਆ ਨੂੰ ਰੋਕਣ ਵਿੱਚ ਅਸਫਲ ਰਹੀ ਹੈ। ਬਾਊਪੁਰ ਨੇ ਮੰਗ ਕੀਤੀ ਕਿ ਪਰਮਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ, ਤਾਂ ਜੋ ਘਟਨਾ ਨਾਲ ਜੁੜੇ ਸਾਰੇ ਤੱਥ ਸਾਹਮਣੇ ਆ ਸਕਣ। ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਡੀਜੀਪੀ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰ ਨੂੰ ਪੰਜਾਬ ਦੇ ਲੋਕਾਂ ਪ੍ਰਤੀ ਆਪਣੀ ਜਵਾਬਦੇਹੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਇਨਸਾਫ਼ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ ਦੇ ਸੱਦੇ ਦਾ ਪੂਰਨ ਸਮਰਥਨ ਕਰਦੀ ਹੈ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਸਕੱਤਰ ਸ਼ੇਰ ਸਿੰਘ ਮਹੀਂਵਾਲ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਚਲਾ ਕੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਦਾ ਯਤਨ ਕਰ ਰਿਹਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਘਰ-ਘਰ ਨਸ਼ਾ ਪਹੁੰਚ ਰਿਹਾ ਹੈ, ਪਰ ਇਸ ਸਮੱਸਿਆ ਨੂੰ ਰੋਕਣ ਲਈ ਸਰਕਾਰ ਵੱਲੋਂ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ ਜਾ ਰਹੇ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਠੋਸ ਨੀਤੀ ਬਣਾਉਣ ਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਪਿੱਛੇ ਕਥਿਤ ਤੌਰ ’ਤੇ ਸ਼ਾਮਲ ਲੋਕਾਂ ਤੇ ਸਾਜ਼ਿਸ਼ ਵਿੱਚ ਭੂਮਿਕਾ ਨਿਭਾਉਣ ਵਾਲਿਆਂ ਨੂੰ ਵੀ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹਾ ਸਕੱਤਰ ਸ਼ੇਰ ਸਿੰਘ ਸੀਨੀਅਰ ਮੀਤ ਪ੍ਰਧਾਨ ਨਿਸ਼ਾਨ ਸਿੰਘ, ਜ਼ਿਲ੍ਹਾ ਖਜ਼ਾਨਚੀ ਵੀਰ ਸਿੰਘ ਉਚਾ, ਮੀਤ ਪ੍ਰੈਸ ਸਕੱਤਰ ਗੁਰਸੇਵਕ ਸਿੰਘ ਸ਼ਿਵਦਿਅਲ, ਜ਼ੋਨ ਪ੍ਰਧਾਨ ਮਲਕੀਤ ਸਿੰਘ, ਜੋਗਾ ਸਿੰਘ ਭਾਣੋਲੰਗਾ, ਜ਼ੋਨ ਸਕੱਤਰ ਮਹਿੰਦਰ ਸਿੰਘ, ਜ਼ੋਨ ਪ੍ਰਧਾਨ ਸੁਖਵਿੰਦਰ ਸਿੰਘ ਸੋਨੀ, ਤਰਸੇਮ ਸਿੰਘ ਸਾਗਰਾ, ਭਜਨ ਸਿੰਘ ਖਿਜਰਪੁਰ, ਬਾਬਾ ਬਲਦੇਵ ਜੋਨ ਕਾਰਜਕਾਰੀ ਪ੍ਰਧਾਨ ਬਲਾਕਾਂ ਸਿੰਘ, ਹਰਦੀਪ ਸਿੰਘ ਬਾਊਪੁਰ, ਮੇਜਰ ਸਿੰਘ ਤਲਵੰਡੀ, ਗੁਰਪ੍ਰੀਤ ਸਿੰਘ ਖੋਜੇਵਾਲ, ਮੁਖਤਿਆਰ ਸਿੰਘ ਮੁੰਡੀ ਆਦਿ ਸੈਂਕੜੇ ਕਿਸਾਨ ਹਾਜ਼ਰ ਸਨ।