557ਵੇਂ ਪ੍ਰਕਾਸ਼ ਪੁਰਬ ਮੌਕੇ ਤੀਜਾ ਮਹਾਨ ਨਗਰ ਕੀਰਤਨ 21 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਤੀਜਾ ਮਹਾਨ ਨਗਰ ਕੀਰਤਨ 21 ਨੂੰ
Publish Date: Thu, 19 Nov 2026 08:05 PM (IST)
Updated Date: Thu, 19 Nov 2026 08:06 PM (IST)
ਨਿਰਮਲ ਕੁਟੀਆ ਸੀਚੇਵਾਲ ਤੋਂ ਸਵੇਰੇ 8 ਵਜੇ ਆਰੰਭ ਹੋਵੇਗਾ ਨਗਰ ਕੀਰਤਨ ਸੁਖਵਿੰਦਰ ਸਿੰਘ ਸਿੱਧੂ ਪੰਜਾਬੀ ਜਾਗਰਣ ਕਾਲਾ ਸੰਘਿਆਂ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਓਂਕਾਰ ਚੈਰੀਟੇਬਲ ਟਰਸਟ ਨਿਰਮਲ ਕੁਟੀਆ ਸੀਚੇਵਾਲ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਜਾ ਰਹੇ ਪੰਜ ਮਹਾਨ ਨਗਰ ਕੀਰਤਨਾਂ ਦੀ ਲੜੀ ਤਹਿਤ ਤੀਜਾ ਮਹਾਨ ਨਗਰ ਕੀਰਤਨ 21 ਨਵੰਬਰ ਦਿਨ ਸ਼ਨੀਵਾਰ ਨੂੰ ਸਜਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਇਕ ਓਕਾਰ ਚੈਰੀਟੇਬਲ ਟਰਸਟ ਨਿਰਮਲ ਕੁਟੀਆ ਸੀਚੇਵਾਲ ਦੇ ਵਿੱਤ ਸਕੱਤਰ ਬਾਬਾ ਸੁਰਜੀਤ ਸਿੰਘ ਸੀਚੇਵਾਲ ਨੇ ਦੱਸਿਆ ਕਿ ਇਹ ਨਗਰ ਕੀਰਤਨ ਸਵੇਰੇ 8 ਵਜੇ ਨਿਰਮਲ ਕੁਟੀਆ ਸੀਚੇਵਾਲ ਤੋਂ ਸ਼ਰਧਾ ਤੇ ਸਤਿਕਾਰ ਨਾਲ ਆਰੰਭ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਸਾਰੇ ਸਮਾਗਮ ਸੰਤ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਨਗਰ ਕੀਰਤਨ ਪਿੰਡ ਸੀਚੇਵਾਲ, ਮਾਲਾ, ਸੋਹਲ ਖਾਲਸਾ, ਤਲਵੰਡੀ ਮਾਧੋ, ਅਹਿਮਦਪੁਰ, ਸ਼ੇਰਪੁਰ ਦੋਨਾ, ਮਨਿਆਲਾ, ਤੋਤੀ, ਨਸੀਸਰੇਵਾਲ, ਮੁਹੱਬਲੀਪੁਰ, ਫੌਜੀ ਕਲੋਨੀ, ਝੱਲ ਲੇਈ ਵਾਲ ਤੇ ਰਣਧੀਰਪੁਰ ਸਮੇਤ ਵੱਖ-ਵੱਖ ਪਿੰਡਾਂ ਤੇ ਇਲਾਕਿਆਂ ਵਿੱਚੋਂ ਹੁੰਦਾ ਹੋਇਆ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਪਹੁੰਚ ਕੇ ਸਮਾਪਤ ਹੋਏਗਾ। ਇਸ ਦੌਰਾਨ ਵੱਖ-ਵੱਖ ਪੜਾਵਾਂ ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨਾਂ ਦੀ ਲੜੀ ਤਹਿਤ 15 ਨਵੰਬਰ ਤੋਂ ਵੱਖ-ਵੱਖ ਇਲਾਕਿਆਂ ਵਿੱਚ ਨਗਰ ਕੀਰਤਨ ਸਜਾਏ ਜਾ ਰਹੇ ਹਨ। ਇਸੇ ਤਰ੍ਹਾਂ ਹੀ ਚੌਥਾ ਨਗਰ ਕੀਰਤਨ 24 ਨਵੰਬਰ ਨੂੰ ਤੇ ਪੰਜਵਾਂ ਨਗਰ ਕੀਰਤਨ 29 ਨਵੰਬਰ ਨੂੰ ਸਜਾਇਆ ਜਾਵੇਗਾ। ਇਸ ਤੋਂ ਇਲਾਵਾ 5 ਨਵੰਬਰ ਤੋਂ ਰੋਜ਼ਾਨਾ ਸਵੇਰੇ 4 ਵਜੇ ਤੋਂ 6 ਵਜੇ ਤੱਕ ਪ੍ਰਭਾਤ ਫੇਰੀਆਂ ਵੀ ਕੱਢੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਧਾਰਮਿਕ ਸਮਾਗਮਾਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ, ਸਰਬੱਤ ਦੇ ਭਲੇ ਤੇ ਆਪਸੀ ਭਾਈਚਾਰੇ ਦੇ ਸੰਦੇਸ਼ ਨੂੰ ਸੰਗਤਾਂ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਨਗਰ ਕੀਰਤਨ ਵਿੱਚ ਸ਼ਾਮਲ ਹੋ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ ਗਈ ਹੈ।