ਬਾਬਾ ਸਾਹਿਬ ਦੇ ਬੁੱਤ ਦਾ ਨਿਰਾਦਰ ਕਰਨ ਵਾਲ਼ਿਆਂ ਨੂੰ ਮਿਲੇ ਸਖਤ ਸਜ਼ਾ
ਬਾਬਾ ਸਾਹਿਬ ਦੇ ਬੱੁਤ ਦਾ ਨਿਰਾਦਰ ਕਰਨ ਵਾਲ਼ਿਆਂ ਨੂੰ ਮਿਲੇ ਸਖਤ ਸਜਾ,ਜੀਤੀ
Publish Date: Fri, 03 Apr 2026 09:30 PM (IST)
Updated Date: Fri, 03 Apr 2026 09:34 PM (IST)

ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਣੇ ਚਾਰ ਸਾਲ ਹੋ ਚੁੱਕੇ ਹਨ, ਪਰ ਅਫਸੋਸ ਦੀ ਗੱਲ ਹੈ ਕਿ ਨਾ ਤਾਂ ਧਾਰਮਿਕ ਬੇਅਦਬੀਆਂ ਦੀਆਂ ਘਟਨਾਵਾਂ ਰੁਕੀਆਂ ਹਨ ਤੇ ਨਾ ਹੀ ਮਹਾਨ ਸ਼ਖਸੀਅਤਾਂ ਦੇ ਬੁੱਤਾਂ ਦਾ ਨਿਰਾਦਰ ਰੁਕਿਆ ਹੈ। ਇਹ ਘਟਨਾਵਾਂ ਸੂਬੇ ਦੀ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ। ਸਰਕਾਰ ਵੱਲੋਂ ਵਾਰ-ਵਾਰ ਕੀਤੇ ਗਏ ਵਾਅਦੇ ਜ਼ਮੀਨੀ ਹਕੀਕਤ ਵਿਚ ਨਜ਼ਰ ਨਹੀਂ ਆ ਰਹੇ। ਲੋਕਾਂ ਵਿਚ ਅਸੁਰੱਖਿਆ ਦੀ ਭਾਵਨਾ ਵਧ ਰਹੀ ਹੈ ਤੇ ਸਮਾਜਿਕ ਸਾਂਝ ਨੂੰ ਨੁਕਸਾਨ ਪਹੁੰਚ ਰਿਹਾ ਹੈ। ਸਰਕਾਰ ਦੀ ਇਹ ਨਾਕਾਮੀ ਸਪੱਸ਼ਟ ਕਰਦੀ ਹੈ ਕਿ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣ ਵਿਚ ਉਹ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਸੀਨੀਅਰ ਆਗੂ ਰਣਜੀਤ ਸਿੰਘ ਜੀਤੀ ਖੇੜਾ, ਯੂਥ ਵਿੰਗ ਸੂਬਾ ਮੀਤ ਪ੍ਰਧਾਨ ਅਮ੍ਰਿਤਪਾਲ ਸਿੰਘ ਕੁਲਾਰ, ਹਲਕਾ ਫਗਵਾੜਾ ਯੂਥ ਪ੍ਰਧਾਨ ਗੁਰਸਿਮਰ ਸਿੰਘ ਨੇ ਕਿਹਾ ਕਿ ਨੂਰਪੁਰ ਵਿਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦਾ ਨਿਰਾਦਰ ਨਿੰਦਣਯੋਗ ਹੈ। ਇਸ ਘਟਨਾ ਦੀ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ। ਆਗੂਆਂ ਨੇ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਡਕਰ ਜੀ ਸਿਰਫ਼ ਇਕ ਮਹਾਨ ਵਿਅਕਤੀ ਹੀ ਨਹੀਂ ਸਗੋਂ ਸੰਵਿਧਾਨ ਦੇ ਰਚਨਾਕਾਰ ਤੇ ਸਮਾਜਿਕ ਨਿਆਂ ਦੇ ਪ੍ਰਤੀਕ ਹਨ। ਉਨ੍ਹਾਂ ਦੇ ਬੁੱਤ ਦਾ ਨਿਰਾਦਰ ਕਰਨਾ ਨਾ ਸਿਰਫ਼ ਕਾਨੂੰਨ ਦੇ ਖ਼ਿਲਾਫ਼ ਹੈ, ਸਗੋਂ ਸਮਾਜਿਕ ਸਾਂਝ ਤੇ ਭਾਈਚਾਰੇ ਨੂੰ ਵੀ ਠੱਲ ਪਾਉਂਦਾ ਹੈ। ਸ਼੍ਰੋਮਣੀ ਅਕਾਲੀ ਦਲ ਸੀਨੀਅਰ ਆਗੂ ਰਣਜੀਤ ਸਿੰਘ ਜੀਤੀ ਖੇੜਾ, ਯੂਥ ਵਿੰਗ ਸੂਬਾ ਮੀਤ ਪ੍ਰਧਾਨ ਅਮ੍ਰਿਤਪਾਲ ਸਿੰਘ ਕੁਲਾਰ, ਹਲਕਾ ਫਗਵਾੜਾ ਯੂਥ ਪ੍ਰਧਾਨ ਗੁਰਸਿਮਰ ਸਿੰਘ ਨੇ ਕਿਹਾ ਕਿ ਇਹ ਘਟਨਾ ਬਹੁਤ ਹੀ ਨਿੰਦਣਯੋਗ ਹੈ ਤੇ ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਘਟਨਾ ਵਿਚ ਸ਼ਾਮਲ ਦੋਸ਼ੀਆਂ ਦੀ ਤੁਰੰਤ ਪਛਾਣ ਕਰਕੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ, ਤਾਂ ਜੋ ਭਵਿੱਖ ਵਿਚ ਕੋਈ ਵੀ ਅਜਿਹੀ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਡਕਰ ਜੀ ਦੇਸ਼ ਦੇ ਮਹਾਨ ਸੰਵਿਧਾਨ ਨਿਰਮਾਤਾ ਤੇ ਸਮਾਜਿਕ ਨਿਆਂ ਦੇ ਪ੍ਰਤੀਕ ਹਨ, ਜਿਨ੍ਹਾਂ ਦਾ ਸਤਿਕਾਰ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਸਰਕਾਰ ਤੇ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਇਲਾਕੇ ਵਿਚ ਅਮਨ-ਕਾਨੂੰਨ ਬਣਾਈ ਰੱਖਣ ਲਈ ਤੁਰੰਤ ਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ ਤੇ ਇਹੋ-ਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪੱਕੇ ਇੰਤਜ਼ਾਮ ਕੀਤੇ ਜਾਣ।