ਬੇਲਰ ਮਸ਼ੀਨ ਨਾਲ 1500 ਏਕੜ ਰਕਬੇ ਦੀ ਪਰਾਲੀ ਦੀਆਂ ਗੰਢਾਂ ਬਣਾਈਆਂ ਖੇਤੀਬਾੜੀ ਵਿਭਾਗ ਦੇ ਯਤਨਾਂ ਸਦਕਾ ਬੇਲਰ ਮਸ਼ੀਨ ਨਾਲ 1500 ਏਕੜ ਰਕਬੇ ਦੀ ਪਰਾਲੀ ਦੀਆਂ ਗੰਢਾਂ ਬਣਾਈਆਂ
Publish Date: Thu, 22 Oct 2026 09:27 PM (IST)
Updated Date: Thu, 22 Oct 2026 09:27 PM (IST)
ਇਸ ਸੀਜ਼ਨ ਦੌਰਾਨ 4000 ਏਕੜ ਰਕਬੇ ਵਿੱਚੋਂ ਪਰਾਲੀ ਦੀਆਂ ਗੰਢਾਂ ਬਣਾਉਣ ਦਾ ਟੀਚਾ ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਖ਼ਤਮ ਕਰਨ ਤੇ ਵਾਤਾਵਰਣ ਦੀ ਸੰਭਾਲ ਲਈ ਖੇਤੀਬਾੜੀ ਵਿਭਾਗ ਵੱਲੋਂ ਡਾ. ਜਸਵਿੰਦਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਦੀ ਅਗਵਾਈ ਹੇਠ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਯਤਨਾਂ ਤਹਿਤ ਖੇਤੀਬਾੜੀ ਅਫ਼ਸਰ ਗੁਰਵਿੰਦਰ ਸਿੰਘ ਸੰਧੂ ਤੇ ਖੇਤੀਬਾੜੀ ਵਿਸਥਾਰ ਅਫ਼ਸਰ ਰਣਬੀਰ ਸਿੰਘ ਵੱਲੋਂ ਪਿੰਡ ਨੱਥੂਚਾਹਲ ਦਾ ਵਿਸ਼ੇਸ਼ ਖੇਤਰੀ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪਿੰਡ ਖੁਸਰੋਪੁਰ ਦੇ ਅਗਾਂਹਵਧੂ ਕਿਸਾਨ ਜਗਦੀਪ ਸਿੰਘ ਨਾਲ ਮੁਲਾਕਾਤ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਕਿਸਾਨ ਜਗਦੀਪ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਉਨ੍ਹਾਂ ਵੱਲੋਂ ਟਰੈਕਟਰ, ਟਰਾਲੀਆਂ ਤੇ ਬੇਲਰ ਮਸ਼ੀਨ ਦੀ ਸਹੂਲਤ ਪ੍ਰਾਪਤ ਕੀਤੀ ਗਈ ਹੈ। ਇਸ ਮਸ਼ੀਨਰੀ ਦੀ ਮਦਦ ਨਾਲ ਹੁਣ ਤੱਕ ਬਲਾਕ ਕਪੂਰਥਲਾ ਦੇ ਪਿੰਡ ਗੋਪੀਪੁਰ, ਮੁਜਾਹਦਪੁਰ, ਖਾਲੂ, ਕੌਲੀਆਂਵਾਲ ਤੇ ਨੱਥੂਚਾਹਲ ਸਮੇਤ ਵੱਖ-ਵੱਖ ਪਿੰਡਾਂ ਵਿੱਚ ਤਕਰੀਬਨ 1500 ਏਕੜ ਰਕਬੇ ਦੀ ਪਰਾਲੀ ਦੀਆਂ ਗੰਢਾਂ ਬਣਾ ਕੇ ਇਕੱਠੀਆਂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਮੌਜੂਦਾ ਸੀਜ਼ਨ ਦੌਰਾਨ ਬੇਲਰ ਮਸ਼ੀਨ ਰਾਹੀਂ 4000 ਏਕੜ ਰਕਬੇ ਵਿੱਚੋਂ ਪਰਾਲੀ ਦੀਆਂ ਗੰਢਾਂ ਬਣਾਉਣ ਦਾ ਟੀਚਾ ਮਿੱਥਿਆ ਗਿਆ ਹੈ, ਤਾਂ ਜੋ ਪਰਾਲੀ ਨੂੰ ਖੇਤਾਂ ਵਿੱਚ ਅੱਗ ਲਗਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕੀਤਾ ਜਾ ਸਕੇ। ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਤੇ ਬੇਲਰ ਸਮੇਤ ਹੋਰ ਉਪਲਬਧ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਵਿਗਿਆਨਕ ਢੰਗ ਨਾਲ ਪ੍ਰਬੰਧਨ ਕਰਨ। ਇਸ ਨਾਲ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੇ ਨਾਲ-ਨਾਲ ਮਿੱਟੀ ਦੀ ਸਿਹਤ ਤੇ ਖੇਤੀਬਾੜੀ ਦੀ ਟਿਕਾਊ ਪ੍ਰਣਾਲੀ ਨੂੰ ਵੀ ਉਤਸ਼ਾਹਿਤ ਕੀਤਾ ਜਾ ਸਕਦਾ ਹੈ।