ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇ : ਬਾਂਸਲ
ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇ : ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ
Publish Date: Tue, 21 Apr 2026 09:29 PM (IST)
Updated Date: Tue, 21 Apr 2026 09:34 PM (IST)

---ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀ ਮੀਟਿੰਗ --ਟ੍ਰੈਫਿਕ ਸਮੱਸਿਆਵਾਂ ਦੇ ਹੱਲ ਲਈ ਪੁਲਿਸ ਪ੍ਰਸ਼ਾਸਨ ਨੇ ਦਿੱਤਾ ਭਰੋਸਾ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਤੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਕਿ ਪੰਜਾਬ ਸਰਕਾਰ ਦੇ ਪੋਰਟਲ‘ਤੇ ਦਰਜ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇਕ ਨਿਸ਼ਚਿਤ ਸਮੇਂ ਅੰਦਰ ਹੱਲ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵਪਾਰੀਆਂ ਨੂੰ ਕਾਰੋਬਾਰ ਲਈ ਸੁਖਾਵਾਂ ਮਾਹੌਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਕੰਮ ਵਿਚ ਕਿਸੇ ਵੀ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਐੱਸਡੀਐੱਮਜ਼ ਤੇ ਟਰੇਡਰਜ਼ ਕਮਿਸ਼ਨ ਦੇ ਅਹੁਦੇਦਾਰਾਂ ਨੂੰ ਆਪਸੀ ਤਾਲਮੇਲ ਵਧਾਉਣ ਤੇ ਜ਼ੋਰ ਦਿੱਤਾ ਤਾਂ ਜੋ ਜ਼ਮੀਨੀ ਪੱਧਰ ਤੇ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾ ਸਕੇ। ਮੀਟਿੰਗ ਦੌਰਾਨ ਐੱਸਪੀ ਹੈੱਡਕੁਆਰਟਰ ਗੁਰਪ੍ਰੀਤ ਸਿੰਘ ਗਿੱਲ ਨੇ ਵਪਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਪੁਲਿਸ ਪ੍ਰਸ਼ਾਸਨ ਉਨ੍ਹਾਂ ਦੀ ਸੁਰੱਖਿਆ ਤੇ ਸਹਿਯੋਗ ਲਈ ਹਮੇਸ਼ਾ ਤਤਪਰ ਹੈ। ਉਨ੍ਹਾਂ ਕਿਹਾ ਕਿ ਭੀੜ-ਭੜੱਕੇ ਵਾਲੇ ਬਾਜ਼ਾਰਾਂ ਵਿਚ ਟ੍ਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਵਿਸ਼ੇਸ਼ ਯੋਜਨਾਬੰਦੀ ਉਲੀਕੀ ਜਾਵੇਗੀ, ਜਿਸ ਨਾਲ ਆਮ ਲੋਕਾਂ ਤੇ ਦੁਕਾਨਦਾਰਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਦੁਆਬਾ ਜ਼ੋਨ ਦੇ ਇੰਚਾਰਜ ਹਰਿੰਦਰ ਸਿੰਘ ਮਨੋਚਾ ਤੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਕੰਵਰ ਇਕਬਾਲ ਸਿੰਘ ਨੇ ਵਪਾਰੀਆਂ ਦੀਆਂ ਕੁਝ ਅਹਿਮ ਮੰਗਾਂ ਜਿਵੇਂ ਕਿ ਬਿਜਲੀ, ਸਟਰੀਟ ਲਾਈਟਾਂ ਤੇ ਪੋਰਟਲ ਤੇ ਤਕਨੀਕੀ ਮੁਸ਼ਕਿਲਾਂ ਸਬੰਧੀ ਜਾਣੂ ਕਰਵਾਇਆ। ਇਸ ਮੌਕੇ ਸਮੂਹ ਐੱਸਡੀਐੱਮਜ਼ ਤੇ ਸਹਾਇਕ ਕਮਿਸ਼ਨਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।