ਸੰਭਾਵਿਤ ਹੜ੍ਹਾਂ ਤੋਂ ਬਚਾਅ ਲਈ ਕੀਤੀ ਤਿਆਰੀ : ਡੀਸੀ
ਸੰਭਾਵਿਤ ਹੜਾ ਤੋਂ ਬਚਾ ਲਈ ਪਿੰਡਾਂ ਦੀਆਂ ਪੰਚਾਇਤਾਂ ਨਾਲ ਸੰਪਰਕ ਕਰਕੇ ਫੰਡਸ ਦੀ ਡਿਮਾਂਡ ਲਈ ਕੀਤੀਆਂ ਜਾਣ ਲਿਸਟਾਂ ਤਿਆਰ -ਡਿਪਟੀ ਕਮਿਸ਼ਨਰ
Publish Date: Sat, 11 Apr 2026 09:47 PM (IST)
Updated Date: Sat, 11 Apr 2026 09:50 PM (IST)

ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸੰਭਾਵਿਤ ਹੜ੍ਹਾਂ ਦੇ ਮੱਦੇਨਜ਼ਰ ਪਿੰਡਾਂ ਦੀਆਂ ਪੰਚਾਇਤਾਂ ਨਾਲ ਸੰਪਰਕ ਕਰਕੇ ਫੰਡਸ ਦੀ ਡਿਮਾਂਡ ਦੇ ਲਈ ਲਿਸਟਾਂ ਤਿਆਰ ਕੀਤੀਆਂ ਜਾਣ ਤਾਂ ਜੋ ਮੌਕੇ ’ਤੇ ਹੜ੍ਹਾਂ ਤੋਂ ਬਚਾਅ ਸਬੰਧੀ ਕੀਤੇ ਜਾਣ ਵਾਲੇ ਕੰਮਾਂ ਲਈ ਫੰਡਜ਼ ਦੀ ਕਮੀ ਨਾ ਆਵੇ। ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਵਿਸ਼ੇਸ਼ ਮੀਟਿੰਗ ਦੌਰਾਨ ਏਡੀਸੀ, ਐੱਸਡੀਐੱਮਜ਼ ਅਤੇ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਉਕਤ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਦੇ ਨਾਲ ਸੰਭਾਵਿਤ ਹੜ੍ਹਾਂ ਦੀ ਰੋਕਥਾਮ ਲਈ ਪਹਿਲਾਂ ਤੋਂ ਯੋਜਨਾ ਉਲੀਕੀ ਜਾਵੇ ਤਾਂ ਜੋ ਉਸ ਸਮੇਂ ਕੰਮ ਕਰਵਾਉਣ ਲਈ ਫੰਡਜ਼ ਅਤੇ ਕੋਈ ਹੋਰ ਸਮੱਸਿਆ ਨਾ ਆਵੇ। ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਉਸ ਸਮੇਂ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਇੱਕ ਡਰਾਫਟ ਵੀ ਤਿਆਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੌਰਾਨ ਜਿਨ੍ਹਾਂ ਪਿੰਡਾਂ ਵਿੱਚ ਹੜ੍ਹਾਂ ਕਾਰਨ ਨੁਕਸਾਨ ਹੋਇਆ ਸੀ, ਉਨ੍ਹਾਂ ਪਿੰਡਾਂ ਵਿੱਚ ਪਿੰਡ ਪੰਚਾਇਤਾਂ ਦੇ ਸਹਿਯੋਗ ਨਾਲ ਪਹਿਲਾਂ ਤੋਂ ਹੀ ਪੁਖਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਹੜ੍ਹਾਂ ਦੌਰਾਨ ਕੋਈ ਨੁਕਸਾਨ ਨਾ ਹੋਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਉਹ ਖੁਦ ਜ਼ਮੀਨੀ ਪੱਧਰ ’ਤੇ ਜਾ ਕੇ ਜਾਇਜ਼ਾ ਲੈਣ ਅਤੇ ਫੰਡਜ਼ ਦੀ ਡਿਮਾਂਡ ਲਈ ਲਿਸਟਾਂ ਤਿਆਰ ਕਰਵਾਉਣ ਤਾਂ ਜੋ ਸਮੇਂ ਸਿਰ ਲਿਸਟਾਂ ਸਰਕਾਰ ਨੂੰ ਭੇਜੀਆਂ ਜਾ ਸਕਣ।