
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਲੋਕ ਭਲਾਈ ਸਕੀਮਾਂ ਦਾ ਅਸਲ ਲਾਭ ਲੈਣਾ ਹੈ ਤਾਂ ਪੰਜਾਬ ’ਚ ਵੀ ਭਾਜਪਾ ਨੂੰ ਸੱਤਾ ’ਚ ਲਿਆਉਣਾ ਹੋਵੇਗਾ : ਅਰੁਣ ਖੋਸਲਾ

ਲੋਕ ਭਲਾਈ ਸਕੀਮਾਂ ਦਾ ਅਸਲ ਲਾਭ ਲੈਣਾ ਹੈ ਤਾਂ ਪੰਜਾਬ ’ਚ ਵੀ ਭਾਜਪਾ ਨੂੰ ਸੱਤਾ ’ਚ ਲਿਆਉਣਾ ਹੋਵੇਗਾ
ਪੰਜਾਬੀ ਜਾਗਰਣ ਪ੍ਰਤੀਨਿਧ
ਫਗਵਾੜਾ : ਲੋਕ ਭਲਾਈ ਸਕੀਮਾਂ ਦਾ ਅਸਲ ਲਾਭ ਪੰਜਾਬ ਦੇ ਲੋਕਾਂ ਤੱਕ ਪਹੁੰਚਾਉਣਾ ਹੈ ਤਾਂ ਸੂਬੇ ਵਿੱਚ ਵੀ ਭਾਰਤੀ ਜਨਤਾ ਪਾਰਟੀ ਨੂੰ ਸੱਤਾ ਵਿੱਚ ਲਿਆਉਣਾ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਮੇਅਰ ਅਰੁਣ ਖੋਸਲਾ ਨੇ ਗੱਲਬਾਤ ਦੌਰਾਨ ਕੀਤਾ। ਅਰੁਣ ਖੋਸਲਾ ਨੇ ਕਿਹਾ ਕਿ ਦੇਸ਼ ਦੇ ਕਈ ਸੂਬਿਆਂ ਵਿੱਚ ਭਾਜਪਾ ਦੀਆਂ ਸਰਕਾਰਾਂ ਵੱਲੋਂ ਕਿਸਾਨਾਂ, ਔਰਤਾਂ, ਨੌਜਵਾਨਾਂ ਤੇ ਸਮਾਜ ਦੇ ਵੱਖ-ਵੱਖ ਵਰਗਾਂ ਲਈ ਲੋਕ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਆਂਢੀ ਸੂਬੇ ਹਰਿਆਣਾ ਵਿੱਚ ਕਿਸਾਨਾਂ ਨੂੰ ਕਰੀਬ ਦੋ ਦਰਜਨ ਫ਼ਸਲਾਂ ’ਤੇ ਸਬਸਿਡੀ ਦਿੱਤੀ ਜਾ ਰਹੀ ਹੈ, ਜਿਸ ਨਾਲ ਕਿਸਾਨਾਂ ਨੂੰ ਆਰਥਿਕ ਰਾਹਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀ ਰੇਖਾ ਗੁਪਤਾ ਸਰਕਾਰ ਨੇ ਆਪਣੇ ਪਹਿਲੇ ਹੀ ਸਾਲ ਵਿੱਚ ਵਾਅਦੇ ਮੁਤਾਬਕ ਔਰਤਾਂ ਲਈ ਮਾਣ-ਭੱਤਾ ਸ਼ੁਰੂ ਕਰ ਦਿੱਤਾ ਹੈ, ਜਦਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਮਾਣ-ਭੱਤਾ ਦੇਣ ਦੇ ਵਾਅਦੇ ਨੂੰ ਸਾਢੇ ਚਾਰ ਸਾਲ ਤੱਕ ਲਟਕਾਇਆ ਗਿਆ। ਹੁਣ ਜਿੰਨੀ ਕੁ ਰਕਮ ਔਰਤਾਂ ਦੇ ਖਾਤਿਆਂ ਵਿੱਚ ਪਾਈ ਗਈ ਹੈ, ਉਸ ਤੋਂ ਵੀ ਵੱਧ ਪੈਸਾ ਸਰਕਾਰ ਵੱਲੋਂ ਪ੍ਰਚਾਰ ’ਤੇ ਖਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਲੋਕ ਭਲਾਈ ਦੀ ਬਜਾਏ ਆਪਣੀ ਇਸ਼ਤਿਹਾਰਬਾਜ਼ੀ ਨੂੰ ਤਰਜੀਹ ਦਿੱਤੀ ਹੈ, ਜਿਸ ਨਾਲ ਪੰਜਾਬ ਨੂੰ ਹੋਰ ਕਰਜ਼ੇ ਦੇ ਬੋਝ ਹੇਠ ਧੱਕਿਆ ਜਾ ਰਿਹਾ ਹੈ। ਸਾਬਕਾ ਮੇਅਰ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਰਗੇ ਸੂਬੇ, ਜਿਸ ਨੂੰ ਕਦੇ ਪਿਛੜੇ ਸੂਬਿਆਂ ਵਿੱਚ ਗਿਣਿਆ ਜਾਂਦਾ ਸੀ, ਵਿੱਚ ਅੱਜ ਬੁਨਿਆਦੀ ਢਾਂਚੇ ਤੇ ਵਿਕਾਸ ਦੇ ਖੇਤਰ ਵਿੱਚ ਵੱਡੇ ਬਦਲਾਅ ਦੇਖਣ ਨੂੰ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਬਿਹਾਰ ਵੀ ਤੇਜ਼ੀ ਨਾਲ ਵਿਕਾਸ ਦੇ ਰਾਹ ’ਤੇ ਅੱਗੇ ਵੱਧ ਰਿਹਾ ਹੈ, ਜਦਕਿ ਮੱਧ ਪ੍ਰਦੇਸ਼, ਗੁਜਰਾਤ ਤੇ ਮਹਾਰਾਸ਼ਟਰ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਸ਼ਾਮਲ ਹੋ ਚੁੱਕੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੱਛਮੀ ਬੰਗਾਲ ਵਿੱਚ ਵੀ ਵਿਕਾਸ ਦੀਆਂ ਗਤੀਵਿਧੀਆਂ ਤੇਜ਼ ਹੋਣੀਆਂ ਸ਼ੁਰੂ ਹੋ ਗਈਆਂ ਹਨ।
ਦੂਜੇ ਪਾਸੇ ਪੰਜਾਬ ਦੀ ਸਥਿਤੀ ਇਹ ਹੈ ਕਿ ਪੁਲਸ ਮਹਿਕਮੇ ਨੂੰ ਛੱਡ ਕੇ ਸਰਕਾਰੀ ਮੁਲਾਜ਼ਮਾਂ ਦਾ ਲਗਭਗ ਹਰ ਵਰਗ ਆਪਣੀਆਂ ਤਨਖਾਹਾਂ, ਭੱਤਿਆਂ, ਪੱਕੀਆਂ ਨੌਕਰੀਆਂ ਤੇ ਹੋਰ ਮੰਗਾਂ ਨੂੰ ਲੈ ਕੇ ਸੜਕਾਂ ’ਤੇ ਸੰਘਰਸ਼ ਕਰਨ ਲਈ ਮਜਬੂਰ ਹੈ। ਅਰੁਣ ਖੋਸਲਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਵਿੱਚ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਪੂਰਾ ਲਾਭ ਪੰਜਾਬ ਦੇ ਲੋਕਾਂ ਤੱਕ ਪਹੁੰਚਾਉਣ ਲਈ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਵਿਚਕਾਰ ਬਿਹਤਰ ਤਾਲਮੇਲ ਹੋਣਾ ਜ਼ਰੂਰੀ ਹੈ। ਪੰਜਾਬ ਲਈ ਜੋ ਪੈਸੇ ਕੇਂਦਰ ਵੱਲੋਂ ਭੇਜੇ ਜਾਂਦੇ ਹਨ, ਉਸ ਦੀ ਸੂਬਾ ਪੱਧਰ ‘ਤੇ ਦੁਰਵਰਤੋਂ ਹੋਣ ਕਰਕੇ ਆਮ ਲੋਕਾਂ ਤੱਕ ਲਾਭ ਨਹੀਂ ਪਹੁੰਚ ਰਿਹਾ। ਉਨ੍ਹਾਂ ਮੁਲਾਜ਼ਮ ਵਰਗ ਨੂੰ ਵੀ ਪੁਰਜ਼ੋਰ ਅਪੀਲ ਕੀਤੀ ਕਿ ਉਹ ਅਗਲੀਆਂ ਵਿਧਾਨਸਭਾ ਚੋਣਾਂ ‘ਚ ਭਾਜਪਾ ਦਾ ਸਾਥ ਦੇਣ ਤਾਂ ਜੋ ਉਨ੍ਹਾਂ ਨੂੰ ਆਪਣੇ ਹੱਕ ਲਈ ਸੰਘਰਸ਼ ਨਾ ਕਰਨਾ ਪਵੇ।