ਰਵਿਦਾਸ ਮਹਾਰਾਜ ਦੀਆਂ ਸਿੱਖਿਆਵਾਂ ਤੋਂ ਸੇਧ ਲੈਣ ਨੌਜਵਾਨ
ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੀਆਂ ਸਿੱਖਿਆਵਾਂ ਤੋਂ ਸੇਧ ਲਵੇ ਅਜੋਕੀ ਨੌਜਵਾਨ ਪੀੜ੍ਹੀ - ਕਿਸਾਨ ਆਗੂ
Publish Date: Sun, 01 Feb 2026 07:30 PM (IST)
Updated Date: Sun, 01 Feb 2026 07:31 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸਮੂਹ ਇਲਾਕਾ ਨਿਵਾਸੀਆਂ ਨੂੰ ਸ਼ੁੱਭ ਇੱਛਾਵਾਂ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ, ਪ੍ਰੈੱਸ ਸਕੱਤਰ ਗੁਰਪਾਲ ਸਿੰਘ ਪਾਲਾ ਮੌਲੀ, ਕੁਲਵਿੰਦਰ ਸਿੰਘ ਕਾਲਾ ਸਰਕਲ ਪ੍ਰਧਾਨ ਤੇ ਸਰਪੰਚ ਅਠੌਲੀ ਤੋਂ ਇਲਾਵਾ ਹਰਵਿੰਦਰ ਸਿੰਘ ਖੁਨਖੁਨ ਬਲਾਕ ਪ੍ਰਧਾਨ ਨੇ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮੁੱਚੀ ਮਨੁੱਖਤਾ ਨੂੰ ਸਾਂਝੀਵਾਲਤਾ ਦਾ ਜੋ ਉਪਦੇਸ਼ ਦਿੱਤਾ ਹੈ, ਉਸ ਤੋਂ ਅਜੋਕੀ ਨੌਜਵਾਨ ਪੀੜ੍ਹੀ ਨੂੰ ਸੇਧ ਲੈਣੀ ਚਾਹੀਦੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਬੇਗਮਪੁਰਾ ਵਸਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਵਿਚ ਜਾਤੀਆਂ ਤੇ ਧਰਮਾਂ ਤੋਂ ਉੱਪਰ ਉੱਠ ਕੇ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ। ਆਗੂਆਂ ਨੇ ਕਿਹਾ ਕਿ ਸੰਤ, ਮਹਾਪੁਰਖਾਂ, ਗੁਰੂਆਂ, ਪੀਰਾਂ, ਫਕੀਰਾਂ ਤੇ ਪੈਗੰਬਰਾਂ ਵੱਲੋਂ ਮਨੁੱਖਤਾ ਨੂੰ ਕਾਇਮ ਰੱਖਣ ਲਈ ਦਿੱਤੇ ਉਪਦੇਸ਼ ਸਾਡਾ ਸਾਂਝਾ ਸਰਮਾਇਆ ਹਨ। ਇਨ੍ਹਾਂ ਨੂੰ ਕਿਸੇ ਇਕ ਕੌਮ ਤੇ ਜਾਤੀ ਨਾਲ ਜੋੜ ਕੇ ਨਹੀਂ ਦੇਖਿਆ ਜਾਣਾ ਚਾਹੀਦਾ। ਗੁਰੂ ਮਹਾਰਾਜ ਦੀ ਬਾਣੀ ਤੋਂ ਸੇਧ ਲੈ ਕੇ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚਲਦੇ ਹੋਏ ਗੁਰੂ ਸਾਹਿਬ ਦੇ ਸੁਪਨਿਆਂ ਦੇ ਸਮਾਜ ਦੀ ਸਿਰਜਣਾ ਕਰਨਾ ਸਾਡਾ ਸਾਂਝਾ ਫਰਜ਼ ਹੈ।