ਚਾਰ ਨਵੇਂ ਲੇਬਰ ਕੋਡ ਦਾ ਵਿਰੋਧ ਕਰਨਗੀਆਂ ਟਰੇਡ ਯੂਨੀਅਨਾਂ
ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡ ਰੱਦ ਕਰਵਾਉਣ ਲਈ ਪੰਜਾਬ ਦੀਆਂ ਟਰੇਡ ਯੂਨੀਅਨਾਂ ਵਲੋਂ ਵਿਰੋਧ ਦਾ ਸੱਦੇ ਤਹਿਤ
Publish Date: Tue, 31 Mar 2026 09:33 PM (IST)
Updated Date: Tue, 31 Mar 2026 09:37 PM (IST)

ਸ਼ਾਲਾਮਾਰ ਬਾਗ਼ ਕਪੂਰਥਲਾ ’ਚ ਕਾਲੇ ਝੰਡਿਆਂ ਨਾਲ ਰੋਸ ਮੁਜ਼ਾਹਰਾ ਕੀਤਾ ਜਾਵੇਗਾ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਕੇਂਦਰੀ ਤੇ ਪੰਜਾਬ ਦੀਆਂ ਟਰੇਡ ਯੂਨੀਅਨਾਂ ਵੱਲੋਂ ਚਾਰ ਲੇਬਰ ਕੋਡਾਂ ਦੇ ਵਿਰੋਧ ਵਿਚ ਕਾਲਾ ਦਿਵਸ ਐਲਾਨਦਿਆਂ 1 ਅਪ੍ਰੈਲ ਨੂੰ ਪੰਜਾਬ ਭਰ ਚ ਸੰਘਰਸ਼ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਕੜੀ ਤਹਿਤ ਟਰੇਡ ਯੂਨੀਅਨਾਂ, ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ ਵੱਲੋਂ ਸ਼ਾਲਾਮਾਰ ਬਾਗ਼ ਕਪੂਰਥਲਾ ਵਿਖੇ ਇਕੱਠੇ ਹੋ ਕੇ ਸ਼ਹਿਰ ਵਿਚ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਇਸ ਵਿਚ ਸ਼ਮੂਲੀਅਤ ਕਰਨ ਲਈ ਮਜ਼ਦੂਰਾਂ ਦੀ ਮੀਟਿੰਗ ਕਰਨ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਦੇਸੀ-ਵਿਦੇਸ਼ੀ ਸਰਮਾਏਦਾਰਾਂ ਨੂੰ ਖੁਸ਼ ਕਰਨ ਲਈ ਮਜ਼ਦੂਰਾਂ ਤੋਂ ਯੂਨੀਅਨ ਬਣਾਉਣ ਤੇ ਸੰਘਰਸ਼ ਕਰਨ ਵਰਗੇ ਜਮਹੂਰੀ ਹੱਕ ਖੋਹਣ ਲਈ ਮਜ਼ਦੂਰ ਪੱਖੀ 29 ਲੇਬਰ ਕਾਨੂੰਨਾਂ ਨੂੰ ਖ਼ਤਮ ਕਰਕੇ 4 ਨਵੇਂ ਲੇਬਰ ਕੋਡ ਲੈ ਕੇ ਆਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਨ੍ਹਾਂ ਚਾਰ ਲੇਬਰ ਕੋਡਾਂ ਨੂੰ 1 ਅਪ੍ਰੈਲ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕੋਡ ਲਾਗੂ ਹੋਣ ਨਾਲ ਮਜ਼ਦੂਰਾਂ ਕੋਲ ਆਪਣੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਤੇ ਪ੍ਰਾਪਤ ਕਰਨ ਲਈ ਯੂਨੀਅਨ ਬਣਾਉਣ ਤੇ ਸੰਘਰਸ਼ ਕਰਨ ਦਾ ਜਮਹੂਰੀ ਅਧਿਕਾਰ ਖ਼ਤਮ ਹੋ ਜਾਵੇਗਾ। ਪੱਕੀ ਨੌਕਰੀ ਦੀ ਥਾਂ ਫਿਕਸਡ ਟਰਮ ਇੰਪਲਾਇਮੈਂਟ ਲਾਗੂ ਹੋਵੇਗਾ, ਨੌਕਰੀ ਦੀ ਸੁਰੱਖਿਆ ਖ਼ਤਮ ਹੋ ਜਾਵੇਗੀ। ਕੰਮ ਦਾ ਮਿਹਨਤਾਨਾ ਵਧਾਉਣ ਦੀ ਥਾਂ ਕੰਮ ਘੰਟੇ 8 ਤੋਂ 12 ਘੰਟੇ ਦੀ ਦਿਹਾੜੀ ਹੋਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕੋਡਾਂ ਰਾਹੀਂ ਗਰੀਬੀ ਰੇਖਾ ਤੋਂ ਹੇਠਾਂ ਇਕ ਰਾਸ਼ਟਰੀ ਫਲੋਰ ਘੱਟੋ-ਘੱਟ ਮਜ਼ਦੂਰੀ ਨੂੰ ਕਾਨੂੰਨੀ ਜਾਮਾ ਪਹਿਨਾਇਆ ਜਾ ਰਿਹਾ ਹੈ, ਜਿਸ ਨਾਲ ਅਸਲ ਘੱਟੋ-ਘੱਟ ਮਜ਼ਦੂਰੀ ਦੇ ਅਧਿਕਾਰ ਨੂੰ ਖਤਮ ਕੀਤਾ ਜਾ ਰਿਹਾ ਹੈ। ਅਸੰਗਠਿਤ ਖੇਤਰ ਦੇ ਮਜ਼ਦੂਰਾਂ ਨੂੰ ਹੱਕਾਂ ਤੋਂ ਵਾਂਝਾ ਕੀਤਾ ਗਿਆ ਹੈ। ਇਹ ਕੋਡ ਭਾਰਤੀ ਸੰਵਿਧਾਨ, ਅੰਤਰਰਾਸ਼ਟਰੀ ਮਜ਼ਦੂਰ ਮਿਆਰਾਂ ਤੇ ਮਨੁੱਖੀ ਅਧਿਕਾਰਾਂ ਦੇ ਖਿਲਾਫ਼ ਹਨ। ਇਸਦਾ ਡੱਟ ਕੇ ਵਿਰੋਧ ਕਰਦਿਆਂ ਉਨ੍ਹਾਂ ਕਿਹਾ ਕਿ ਵੱਡੀਆਂ ਕੁਰਬਾਨੀ ਦੇ ਕੇ ਪ੍ਰਾਪਤ ਕੀਤੇ ਅਧਿਕਾਰਾਂ ਤੇ ਮਜ਼ਦੂਰਾਂ ਵਿਰੋਧੀ ਚਾਰ ਲੇਬਰ ਕੋਡ ਰੱਦ ਕਰਵਾਉਣ ਲਈ ਮਜ਼ਦੂਰ ਲਹਿਰ ਖੜ੍ਹੀ ਕਰਦਿਆਂ ਸੰਘਰਸ਼ਾਂ ਦੇ ਮੈਦਾਨ ਵਿਚ ਕੁੱਦਣਾ ਹੋਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾਪੁਰ, ਕਸ਼ਮੀਰਾ ਸਿੰਘ ਭੰਡਾਲ ਦੋਨਾ, ਪਲਵਿੰਦਰ ਸਿੰਘ ਕਮਾਲਪੁਰ, ਗੁਰਦੀਪ ਸਿੰਘ ਨਬੀਪੁਰ, ਕੁਲਦੀਪ ਕੌਰ ਉੱਚਾ ਬੋਹੜਵਾਲਾ, ਕੁਲਵੰਤ ਕੌਰ ਮੇਵਾ ਸਿੰਘ ਵਾਲਾ ਆਦਿ ਆਗੂ ਹਾਜ਼ਰ ਸਨ।