ਡੱਲਾ ਨੇੜੇ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ ਡੱਲਾ ਨੇੜੇ ਦਰਦਨਾਕ ਸੜਕ ਹਾਦਸਾ, ਟਰੱਕ ਹੇਠ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ
Publish Date: Fri, 02 Oct 2026 09:14 PM (IST)
Updated Date: Fri, 02 Oct 2026 09:16 PM (IST)
ਹਾਦਸਾ ਸੀਸੀਟੀਵੀ ’ਚ ਕੈਦ ਪੁਲਿਸ ਨੇ ਜਾਂਚ ਸ਼ੁਰੂ ਕੀਤੀ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਨੇੜਲੇ ਪਿੰਡ ਡੱਲਾ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਮੋਟਰਸਾਈਕਲ ਸਵਾਰ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਿੰਡ ਮੇਵਾ ਸਿੰਘ ਵਾਲਾ ਦੇ ਵਸਨੀਕ ਗੁਰਦੀਪ ਸਿੰਘ ਪੁੱਤਰ ਚਰਨ ਸਿੰਘ ਵਜੋਂ ਹੋਈ ਹੈ। ਇਹ ਸਾਰੀ ਘਟਨਾ ਨੇੜਲੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਤੇ ਪੁਲਿਸ ਇਸ ਫੁਟੇਜ ਦੇ ਆਧਾਰ ਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ, ਗੁਰਦੀਪ ਸਿੰਘ ਆਪਣੇ ਮੋਟਰਸਾਈਕਲ ਤੇ ਕਿਸੇ ਨਿੱਜੀ ਕੰਮ ਲਈ ਪਿੰਡ ਮੇਵਾ ਸਿੰਘ ਵਾਲਾ ਤੋਂ ਡੱਲਾ ਵੱਲ ਜਾ ਰਿਹਾ ਸੀ। ਜਦੋਂ ਉਹ ਡੱਲਾ ਨੇੜੇ ਇੱਕ ਮੋੜ ਤੇ ਪਹੁੰਚਿਆ ਤਾਂ ਉਸਦਾ ਸੰਤੁਲਨ ਵਿਗੜ ਗਿਆ ਤੇ ਉਹ ਸੜਕ ਤੇ ਡਿੱਗ ਪਿਆ ਤੇ ਪਿੱਛੋਂ ਆ ਰਹੇ ਟਰੱਕ ਦੇ ਪਿਛਲੇ ਟਾਇਰ ਹੇਠ ਆ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਗੁਰਦੀਪ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਮੌਕੇ ਤੇ ਹਫੜਾ-ਦਫੜੀ ਮੱਚ ਗਈ। ਸੂਚਨਾ ਮਿਲਣ ਤੇ ਪੁਲਿਸ ਟੀਮ ਮੌਕੇ ਤੇ ਪਹੁੰਚੀ ਤੇ ਹਾਦਸੇ ਵਿੱਚ ਸ਼ਾਮਲ ਟਰੱਕ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਮੁੱਢਲੀ ਜਾਣਕਾਰੀ ਅਨੁਸਾਰ ਟਰੱਕ ਚਾਲਕ ਘਟਨਾ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ ਤੇ ਪੁਲਿਸ ਉਸ ਦੀ ਭਾਲ ਕਰ ਰਹੀ ਹੈ। ਏਐੱਸਆਈ ਗੁਰਦਿਆਲ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਜਾਂਚ ਵਿੱਚ ਘਟਨਾ ਵਾਲੀ ਥਾਂ ਦੀ ਸੀਸੀਟੀਵੀ ਫੁਟੇਜ ਨੂੰ ਸ਼ਾਮਲ ਕੀਤਾ ਹੈ। ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਤੇ ਤੱਥਾਂ ਦੇ ਆਧਾਰ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਟਰੱਕ ਚਾਲਕ ਦੀ ਭਾਲ ਕਰ ਰਹੀ ਹੈ, ਜੋ ਘਟਨਾ ਵਾਲੀ ਥਾਂ ਤੋਂ ਫਰਾਰ ਦੱਸਿਆ ਜਾਂਦਾ ਹੈ।