ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਆਸ਼ਾ ਵਰਕਰਾਂ ਨੂੰ ਦਿੱਤੀ ਟ੍ਰੇਨਿੰਗ ਖੇਤੀਬਾੜੀ ਵਿਭਾਗ ਵੱਲੋਂ ਆਸ਼ਾ ਵਰਕਰਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਦਿੱਤੀ ਗਈ ਟ੍ਰੇਨਿੰਗ
Publish Date: Wed, 21 Oct 2026 07:09 PM (IST)
Updated Date: Wed, 21 Oct 2026 07:15 PM (IST)
ਸੁਖਜਿੰਦਰ ਸਿੰਘ ਮੁਲਤਾਨੀ, ਪੰਜਾਬੀ ਜਾਗਰਣ ਭੁਲੱਥ : ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਇੱਕ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਇਸੇ ਤਹਿਤ ਅੱਜ ਨਡਾਲਾ ਵਿਖੇ ਆਸ਼ਾ ਵਰਕਰਾਂ ਲਈ ਇੱਕ ਵਿਸ਼ੇਸ਼ ਟ੍ਰੇਨਿੰਗ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਉਨ੍ਹਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕੀਤਾ। ਇਸ ਟ੍ਰੇਨਿੰਗ ਕੈਂਪ ’ਚ ਮੁੱਖ ਬੁਲਾਰੇ ਵਜੋਂ ਪਹੁੰਚੇ ਖੇਤੀਬਾੜੀ ਅਫ਼ਸਰ ਡਾ. ਸਤਨਾਮ ਸਿੰਘ ਨੇ ਆਸ਼ਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੁੰਦਾ ਧੂੰਆਂ ਮਨੁੱਖੀ ਸਿਹਤ, ਖਾਸ ਕਰ ਕੇ ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਲਈ ਬੇਹੱਦ ਖ਼ਤਰਨਾਕ ਹੈ। ਇਸ ਨਾਲ ਸਾਹ ਦੀਆਂ ਬਿਮਾਰੀਆਂ, ਅੱਖਾਂ ਵਿੱਚ ਜਲਣ ਅਤੇ ਹੋਰ ਕਈ ਗੰਭੀਰ ਸਿਹਤ ਸਮੱਸਿਆਵਾਂ ਪੈਦਾ ਹੁੰਦੀਆਂ ਹਨ । ਡਾ. ਸਤਨਾਮ ਸਿੰਘ ਨੇ ਦੱਸਿਆ ਕਿ ਆਸ਼ਾ ਵਰਕਰਾਂ ਦਾ ਪਿੰਡਾਂ ਵਿੱਚ ਸਿੱਧਾ ਅਤੇ ਮਜ਼ਬੂਤ ਸੰਪਰਕ ਹੁੰਦਾ ਹੈ, ਇਸ ਲਈ ਉਹ ਘਰ-ਘਰ ਜਾ ਕੇ ਔਰਤਾਂ ਅਤੇ ਕਿਸਾਨ ਪਰਿਵਾਰਾਂ ਨੂੰ ਪਰਾਲੀ ਨਾ ਸਾੜਨ ਦੇ ਨੁਕਸਾਨਾਂ ਅਤੇ ਇਸ ਦੇ ਯੋਗ ਪ੍ਰਬੰਧਨ ਬਾਰੇ ਸਭ ਤੋਂ ਪ੍ਰਭਾਵਸ਼ਾਲੀ ਤਰੀਕੇ ਨਾਲ ਜਾਗਰੂਕ ਕਰ ਸਕਦੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਇਸ ਨੂੰ ਜ਼ਮੀਨ ਵਿੱਚ ਹੀ ਸਮਾਇਆ ਜਾਵੇ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਵਧਦੀ ਹੈ। ਇਸ ਟ੍ਰੇਨਿੰਗ ਦੌਰਾਨ ਸਮੂਹ ਆਸ਼ਾ ਵਰਕਰਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਵਾਤਾਵਰਣ ਅਤੇ ਸਿਹਤ ਦੀ ਸੰਭਾਲ ਲਈ ਪ੍ਰੇਰਿਤ ਕਰਨਗੀਆਂ ਅਤੇ ਇਸ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਆਪਣਾ ਪੂਰਾ ਯੋਗਦਾਨ ਪਾਉਣਗੀਆਂ ।