ਪੁਲਿਸ ਯਾਦਗਾਰੀ ਦਿਵਸ ਮੌਕੇ ਪੁਲਿਸ ਲਾਈਨ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਪੁਲਿਸ ਯਾਦਗਾਰੀ ਦਿਵਸ ਮੌਕੇ ਪੁਲਿਸ ਲਾਈਨ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ
Publish Date: Wed, 21 Oct 2026 08:01 PM (IST)
Updated Date: Wed, 21 Oct 2026 08:03 PM (IST)
ਸੁਖਪਾਲ ਸਿੰਘ ਹੁੰਦਲ, ਪੰਜਾਬੀ ਜਾਗਰਣ ਕਪੂਰਥਲਾ : ਕਪੂਰਥਲਾ ਪੁਲਿਸ ਵੱਲੋਂ ਬੁੱਧਵਾਰ ਨੂੰ ਸਥਾਨਕ ਪੁਲਿਸ ਲਾਈਨ ਵਿਖੇ ਪੁਲਿਸ ਯਾਦਗਾਰੀ ਦਿਵਸ ਪੂਰੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼ ਦੀ ਸੇਵਾ ਅਤੇ ਇਸ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਬਹਾਦਰ ਪੁਲਿਸ ਅਤੇ ਅਰਧ-ਸੈਨਿਕ ਬਲਾਂ ਦੇ ਸ਼ਹੀਦਾਂ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਐੱਸਪੀ ਇਨਵੈਸਟੀਗੇਸ਼ਨ ਹਰਿੰਦਰ ਸਿੰਘ ਗਿੱਲ ਨੇ ਸਮਾਗਮ ਦੀ ਅਗਵਾਈ ਕਰਦਿਆਂ ਪੰਜਾਬ ਪੁਲਿਸ ਅਤੇ ਅਰਧ-ਸੈਨਿਕ ਬਲਾਂ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਹ ਦਿਨ ਹਰ ਸਾਲ 21 ਅਕਤੂਬਰ 1959 ਨੂੰ ਲੱਦਾਖ ਦੇ ਹਾਟ ਸਪ੍ਰਿੰਗਜ਼ ਵਿਖੇ ਚੀਨੀ ਟੁਕੜੀ ਦਾ ਸਾਹਮਣਾ ਕਰਦੇ ਹੋਏ ਸ਼ਹਾਦਤ ਦਾ ਜਾਮ ਪੀਣ ਵਾਲੇ ਸੀਆਰਪੀਐੱਫ ਦੇ ਜਵਾਨਾਂ ਦੀ ਯਾਦ ’ਚ ਮਨਾਇਆ ਜਾਂਦਾ ਹੈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਐੱਸਪੀ ਇਨਵੈਸਟੀਗੇਸ਼ਨ ਹਰਿੰਦਰ ਸਿੰਘ ਗਿੱਲ ਨੇ ਕਿਹਾ ਕਿ ਲੋਕ ਜੋ ਸ਼ਾਂਤਮਈ ਮਾਹੌਲ ਦਾ ਆਨੰਦ ਮਾਣ ਰਹੇ ਹਨ, ਉਹ ਸ਼ਹੀਦਾਂ ਵੱਲੋਂ ਦਿੱਤੀਆਂ ਮਹਾਨ ਕੁਰਬਾਨੀਆਂ ਦਾ ਹੀ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਬਹਾਦਰੀ ਅਤੇ ਡਿਊਟੀ ਪ੍ਰਤੀ ਸਮਰਪਣ ਨੂੰ ਸਦਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਅੱਤਵਾਦ ਦਾ ਖਾਤਮਾ ਕਰਨ ਅਤੇ ਹੋਰ ਅੰਦਰੂਨੀ ਸੁਰੱਖਿਆ ਚੁਣੌਤੀਆਂ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਦੀ ਪੁਰਜ਼ੋਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸ਼ਾਂਤੀ ਅਤੇ ਚੁਣੌਤੀਪੂਰਨ ਦੋਵਾਂ ਸਮਿਆਂ ਵਿੱਚ ਪੂਰੀ ਲਗਨ ਨਾਲ ਦੇਸ਼ ਦੀ ਸੇਵਾ ਕਰਨ ਵਾਲੀ ਇੱਕ ਮਿਸਾਲੀ ਫੋਰਸ ਵਜੋਂ ਉੱਭਰੀ ਹੈ। ਅਮਨ-ਕਾਨੂੰਨ ਤੇ ਅੰਦਰੂਨੀ ਸੁਰੱਖਿਆ ਨੂੰ ਬਣਾਏ ਰੱਖਣ ਵਿੱਚ ਫੋਰਸ ਦੀ ਭੂਮਿਕਾ ’ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਆਪਣੇ ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਕਰਨ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਦਾ ਸਤਿਕਾਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਇਸ ਸਰਹੱਦੀ ਰਾਜ ਦੀ ਸੇਵਾ ਸਮਰਪਣ, ਦਲੇਰੀ ਅਤੇ ਬਹਾਦਰੀ ਨਾਲ ਕਰਨ ਦੀ ਫੋਰਸ ਦੀ ਵਚਨਬੱਧਤਾ ਨੂੰ ਦੁਹਰਾਇਆ। ਇਸ ਮੌਕੇ ਏਡੀਸੀ ਸ਼ਿਖਾ ਭਗਤ, ਡੀਐੱਸਪੀ ਮੇਜਰ ਡਾ. ਸ਼ੀਤਲ ਸਿੰਘ, ਡੀਐੱਸਪੀ ਪਲਵਿੰਦਰ ਸਿੰਘ ਅਤੇ ਹੋਰ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ। ਅਧਿਕਾਰੀਆਂ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ, ਉਨ੍ਹਾਂ ਦੀਆਂ ਮੁਸ਼ਕਲਾਂ ਤੇ ਸ਼ਿਕਾਇਤਾਂ ਸੁਣੀਆਂ ਅਤੇ ਉਨ੍ਹਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ। ਉਨ੍ਹਾਂ ਦੁਹਰਾਇਆ ਕਿ ਕਪੂਰਥਲਾ ਪੁਲਿਸ ਸ਼ਹੀਦ ਪਰਿਵਾਰਾਂ ਨਾਲ ਚਟਾਨ ਵਾਂਗ ਡਟ ਕੇ ਖੜ੍ਹੀ ਰਹੇਗੀ ਅਤੇ ਹਰ ਸੰਭਵ ਸਹਾਇਤਾ ਕਰੇਗੀ।