ਨੈਸ਼ਨਲ ਹਾਈਵੇ ’ਤੇ ਟਰੱਕ ਡਰਾਈਵਰਾਂ ਨੂੰ ਕੀਤਾ ਜਾਂਦੈ ਜਾਗਰੂਕ : ਮੱਖਣ ਸਿੰਘ ਨੈਸ਼ਨਲ ਹਾਈਵੇ ਤੇ ਟ੍ਰੈਫਿਕ ਨੂੰ ਸੁਚਾਰੂ ਬਣਾਉਣ ਲਈ ਟਰੱਕ ਡਰਾਈਵਰਾਂ ਨੂੰ ਕੀਤਾ ਜਾਂਦਾ ਹੈ ਜਾਗਰੂਕ:ਏ ਐਸ ਆਈ ਮੱਖਣ ਸਿੰਘ
Publish Date: Thu, 08 Oct 2026 07:05 PM (IST)
Updated Date: Thu, 08 Oct 2026 07:05 PM (IST)
ਹਰੀਸ਼ ਭੰਡਾਰੀ, ਪੰਜਾਬੀ ਜਾਗਰਣ ਫਗਵਾੜਾ : ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ ’ਤੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਤੇ ਸੜਕ ਹਾਦਸਿਆਂ ਨੂੰ ਰੋਕਣ ਲਈ ਐੱਸਐੱਸ ਫੋਰਸ ਵੱਲੋਂ ਸਮੇਂ-ਸਮੇਂ ’ਤੇ ਟਰੱਕ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਜਾਂਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸ ਫੋਰਸ ਦੇ ਇੰਚਾਰਜ ਏਐੱਸਆਈ ਮੱਖਣ ਸਿੰਘ ਨੇ ਦੱਸਿਆ ਕਿ ਹਾਈਵੇ ’ਤੇ ਵੱਡੀ ਗਿਣਤੀ ਵਿੱਚ ਭਾਰੀ ਵਾਹਨ ਚੱਲਦੇ ਹਨ, ਜਿਸ ਕਾਰਨ ਟਰੱਕ ਡਰਾਈਵਰਾਂ ਦੀ ਜ਼ਿੰਮੇਵਾਰੀ ਹੋਰ ਵੀ ਵਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਐੱਸਐੱਸ ਫੋਰਸ ਦੀਆਂ ਟੀਮਾਂ ਵੱਲੋਂ ਟਰੱਕ ਡਰਾਈਵਰਾਂ ਨਾਲ ਸਮੇਂ-ਸਮੇਂ ’ਤੇ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਡਰਾਈਵਰਾਂ ਨੂੰ ਹਾਈਵੇ ’ਤੇ ਵਾਹਨ ਚਲਾਉਂਦੇ ਸਮੇਂ ਸਪੀਡ ਦਾ ਧਿਆਨ ਰੱਖਣ, ਸੜਕ ਕਿਨਾਰੇ ਜਾਂ ਲਿੰਕ ਸੜਕਾਂ ’ਤੇ ਬਿਨਾਂ ਲੋੜ ਤੋਂ ਟਰੱਕ ਖੜ੍ਹੇ ਨਾ ਕਰਨ ਤੇ ਹੋਰ ਵਾਹਨਾਂ ਲਈ ਆਵਾਜਾਈ ਵਿੱਚ ਰੁਕਾਵਟ ਪੈਦਾ ਨਾ ਕਰਨ ਸਬੰਧੀ ਜਾਣਕਾਰੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਭਾਰੀ ਵਾਹਨਾਂ ਨੂੰ ਗਲਤ ਢੰਗ ਨਾਲ ਸੜਕ ਕਿਨਾਰੇ ਖੜ੍ਹਾ ਕਰਨ ਕਾਰਨ ਕਈ ਵਾਰ ਪਿੱਛੋਂ ਆ ਰਹੇ ਵਾਹਨ ਚਾਲਕਾਂ ਨੂੰ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਹਾਦਸੇ ਦਾ ਖ਼ਤਰਾ ਵੀ ਬਣ ਜਾਂਦਾ ਹੈ। ਇਸ ਲਈ ਟਰੱਕ ਡਰਾਈਵਰਾਂ ਨੂੰ ਹਾਈਵੇ ’ਤੇ ਪਾਰਕਿੰਗ ਸਬੰਧੀ ਨਿਯਮਾਂ ਦੀ ਪਾਲਣਾ ਕਰਨ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਏਐੱਸਆਈ ਮੱਖਣ ਸਿੰਘ ਨੇ ਕਿਹਾ ਕਿ ਟ੍ਰੈਫਿਕ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਪੁਲਿਸ ਵੱਲੋਂ ਜਾਗਰੂਕਤਾ ਦੇ ਨਾਲ-ਨਾਲ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਬਣਦੀ ਕਾਰਵਾਈ ਵੀ ਕੀਤੀ ਜਾਂਦੀ ਹੈ। ਉਨ੍ਹਾਂ ਟਰੱਕ ਡਰਾਈਵਰਾਂ ਤੇ ਹੋਰ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਤੇ ਹਾਈਵੇ ’ਤੇ ਵਾਹਨ ਚਲਾਉਂਦੇ ਸਮੇਂ ਆਪਣੀ ਤੇ ਦੂਜਿਆਂ ਦੀ ਸੁਰੱਖਿਆ ਦਾ ਵਿਸ਼ੇਸ਼ ਧਿਆਨ ਰੱਖਣ।