ਫਿਰੌਤੀ ਲਈ ਗੋਲੀਆਂ ਚਲਾਉਣ ਵਾਲੇ ਦੋ ਗ੍ਰਿਫ਼ਤਾਰ ਕਪੂਰਥਲਾ 'ਚ ਫਿਰੌਤੀ ਲਈ ਗੋਲੀਆਂ ਚਲਾਉਣ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ
Publish Date: Fri, 13 Nov 2026 09:15 PM (IST)
Updated Date: Fri, 13 Nov 2026 09:18 PM (IST)
--ਦੋ ਦੇਸੀ ਪਿਸਤੌਲ ਤੇ ਵਾਰਦਾਤ ਚ ਵਰਤੀ ਗਈ ਬਾਈਕ ਬਰਾਮਦ --ਵਿਦੇਸ਼ ਚ ਬੈਠੇ ਮੁਲਜ਼ਮ ਦੀ ਭੂਮਿਕਾ ਵੀ ਆਈ ਸਾਹਮਣੇ ਸੁਖਪਾਲ ਸਿੰਘ ਹੁੰਦਲ, ਪੰਜਾਬੀ ਜਾਗਰਣ ਕਪੂਰਥਲਾ : ਕਪੂਰਥਲਾ ਪੁਲਿਸ ਨੇ ਪਿੰਡ ਮੋਠਾਂਵਾਲ ਵਿਖੇ 50 ਲੱਖ ਰੁਪਏ ਦੀ ਫਿਰੌਤੀ ਮੰਗਣ ਤੇ ਮੈਡੀਕਲ ਸਟੋਰ ਸੰਚਾਲਕ ਦੇ ਘਰ ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਵਾਰਦਾਤ ਵਿੱਚ ਵਰਤੇ ਗਏ ਦੋ ਨਾਜਾਇਜ਼ ਦੇਸੀ ਪਿਸਤੌਲ ਤੇ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਚੇਤ ਸਿੰਘ ਉਰਫ਼ ਚੇਤਾ ਪੁੱਤਰ ਪਰਮਜੀਤ ਸਿੰਘ ਵਾਸੀ ਕਪੂਰਥਲਾ ਤੇ ਮਨਦੀਪ ਸਿੰਘ ਉਰਫ਼ ਗੋਲੀ ਪੁੱਤਰ ਨਿਰਮਲ ਸਿੰਘ ਵਾਸੀ ਚੱਕ ਕੋਟਲਾ, ਸੁਲਤਾਨਪੁਰ ਲੋਧੀ ਵਜੋਂ ਹੋਈ ਹੈ। ਐੱਸਐੱਸਪੀ ਕਪੂਰਥਲਾ ਗੌਰਵ ਤੂਰਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ ਕਰਨ ਤੇ ਅਪਰਾਧਾਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਐੱਸਪੀ ਹਰਵਿੰਦਰ ਸਿੰਘ ਤੇ ਏਐੱਸਪੀ ਸੁਲਤਾਨਪੁਰ ਲੋਧੀ ਧੀਰੇਂਦਰ ਵਰਮਾ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਸੀ। ਐੱਸਐੱਸਪੀ ਅਨੁਸਾਰ 23 ਅਕਤੂਬਰ 2026 ਨੂੰ ਪਿੰਡ ਮੋਠਾਂਵਾਲ ਵਿਖੇ ਇੱਕ ਮੈਡੀਕਲ ਸਟੋਰ ਸੰਚਾਲਕ ਤੋਂ ਵਿਦੇਸ਼ ਵਿੱਚ ਬੈਠੇ ਵਿਅਕਤੀ ਵੱਲੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਫਿਰੌਤੀ ਦੀ ਰਕਮ ਨਾ ਦੇਣ ਤੇ ਅਣਪਛਾਤੇ ਮੁਲਜ਼ਮਾਂ ਨੇ ਮੈਡੀਕਲ ਸਟੋਰ ਸੰਚਾਲਕ ਦੇ ਘਰ ਤੇ ਗੋਲੀਆਂ ਚਲਾ ਕੇ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕੀਤੀ। ਇਸ ਸਬੰਧੀ ਥਾਣਾ ਸੁਲਤਾਨਪੁਰ ਲੋਧੀ ਵਿਖੇ 28 ਅਕਤੂਬਰ ਨੂੰ ਐੱਫਆਈਆਰ ਨੰਬਰ 247 ਦਰਜ ਕੀਤੀ ਗਈ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸੀਆਈਏ ਕਪੂਰਥਲਾ ਦੇ ਰਮਨ ਕੁਮਾਰ, ਟੈਕਨੀਕਲ ਸੈੱਲ ਦੇ ਇੰਚਾਰਜ ਚਰਨਜੀਤ ਸਿੰਘ ਤੇ ਥਾਣਾ ਸੁਲਤਾਨਪੁਰ ਲੋਧੀ ਦੇ ਐੱਸਆਈ ਦਵਿੰਦਰ ਪਾਲ ਦੀਆਂ ਟੀਮਾਂ ਨੇ ਤਕਨੀਕੀ ਤੇ ਮਨੁੱਖੀ ਸੂਹ ਦੇ ਆਧਾਰ ਤੇ ਜਾਂਚ ਸ਼ੁਰੂ ਕੀਤੀ। ਜਾਂਚ ਦੌਰਾਨ ਪੁਲਿਸ ਨੇ ਮਾਮਲੇ ਵਿੱਚ ਸ਼ਾਮਲ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਜਾਂਚ ਵਿੱਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਮਨਦੀਪ ਸਿੰਘ ਉਰਫ਼ ਗੋਲੀ ਨੇ ਮੈਡੀਕਲ ਸਟੋਰ ਸੰਚਾਲਕ ਬਾਰੇ ਜਾਣਕਾਰੀ ਇਕੱਠੀ ਕਰਕੇ ਵਿਦੇਸ਼ ਵਿੱਚ ਬੈਠੇ ਦਵਿੰਦਰ ਸਿੰਘ ਉਰਫ਼ ਰਾਜਾ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਚੰਗਾ ਕਲਾਂ, ਥਾਣਾ ਸ਼ਾਹਕੋਟ, ਜ਼ਿਲ੍ਹਾ ਜਲੰਧਰ ਨੂੰ ਮੁਹੱਈਆ ਕਰਵਾਈ ਸੀ। ਇਸ ਤੋਂ ਬਾਅਦ ਦਵਿੰਦਰ ਸਿੰਘ ਉਰਫ਼ ਰਾਜਾ ਵੱਲੋਂ ਮੈਡੀਕਲ ਸਟੋਰ ਸੰਚਾਲਕ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਪੁਲਿਸ ਅਨੁਸਾਰ ਦਵਿੰਦਰ ਸਿੰਘ ਉਰਫ਼ ਰਾਜਾ ਦੇ ਕਹਿਣ ਤੇ ਹੀ ਗੁਰਚੇਤ ਸਿੰਘ ਉਰਫ਼ ਚੇਤਾ ਤੇ ਮਨਦੀਪ ਸਿੰਘ ਉਰਫ਼ ਗੋਲੀ ਨੇ ਮੈਡੀਕਲ ਸਟੋਰ ਸੰਚਾਲਕ ਦੇ ਘਰ ਤੇ ਗੋਲੀਆਂ ਚਲਾਈਆਂ ਸਨ। ਪੁਲਿਸ ਨੇ ਗ੍ਰਿਫ਼ਤਾਰ ਮੁਲਜ਼ਮਾਂ ਦੀ ਨਿਸ਼ਾਨਦੇਹੀ ਤੇ ਵਾਰਦਾਤ ਵਿੱਚ ਵਰਤੇ ਗਏ .30 ਬੋਰ ਦੇ ਦੋ ਦੇਸੀ ਪਿਸਤੌਲ ਤੇ ਇੱਕ ਮੋਟਰਸਾਈਕਲ ਨੰਬਰ ਪੀਬੀ-41-ਡੀ-3338 ਬਰਾਮਦ ਕੀਤਾ ਹੈ। ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੰਜ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਿਸ ਵੱਲੋਂ ਉਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਤਾਂ ਜੋ ਮਾਮਲੇ ਵਿੱਚ ਸ਼ਾਮਲ ਹੋਰ ਵਿਅਕਤੀਆਂ ਤੇ ਵਿਦੇਸ਼ ਵਿੱਚ ਬੈਠੇ ਮੁਲਜ਼ਮ ਦੀ ਭੂਮਿਕਾ ਸਬੰਧੀ ਹੋਰ ਖੁਲਾਸੇ ਕੀਤੇ ਜਾ ਸਕਣ। ਪੁਲਿਸ ਰਿਕਾਰਡ ਅਨੁਸਾਰ ਮੁਲਜ਼ਮ ਮਨਦੀਪ ਸਿੰਘ ਉਰਫ਼ ਗੋਲੀ ਖ਼ਿਲਾਫ਼ ਥਾਣਾ ਸੁਲਤਾਨਪੁਰ ਲੋਧੀ ਵਿਖੇ 2 ਮਈ 2025 ਨੂੰ ਵੀ ਇੱਕ ਮਾਮਲਾ ਦਰਜ ਹੈ।