ਸੂਬਾ ਸਰਕਾਰ ਦੀ ਕਾਰਜਸ਼ੈਲੀ ਕਾਰਨ ਫਗਵਾੜਾ ਦੀਆਂ ਦੋ ਵੱਡੀਆਂ ਮਿੱਲਾਂ ਹੋਈਆਂ ਬੰਦ : ਜੀਤੀ ਖੇੜਾ ਸੂਬਾ ਸਰਕਾਰ ਦੀ ਕਾਰਜਸ਼ੈਲੀ ਕਾਰਨ ਫਗਵਾੜਾ ਦੀਆਂ ਦੋ ਵੱਡੀਆਂ ਮਿੱਲਾਂ ਹੋਈਆਂ ਬੰਦ : ਜੀਤੀ ਖੇੜਾ
Publish Date: Wed, 18 Nov 2026 07:02 PM (IST)
Updated Date: Wed, 18 Nov 2026 07:03 PM (IST)
ਵਿਜੇ ਸੋਨੀ, ਪੰਜਾਬੀ ਜਾਗਰਣ ਫਗਵਾੜਾ : ਪੰਜਾਬ ਅੰਦਰ ਵਿਕਾਸ ਅਤੇ ਰੁਜ਼ਗਾਰ ਦੇ ਵੱਡੇ-ਵੱਡੇ ਦਾਅਵੇ ਕਰ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਫਗਵਾੜਾ ਸ਼ਹਿਰ ਦੀਆਂ ਦੋ ਪ੍ਰਮੁੱਖ ਉਦਯੋਗਿਕ ਇਕਾਈਆਂ ਜੇਸੀਟੀ ਮਿੱਲ ਅਤੇ ਸ਼ੂਗਰ ਮਿੱਲ ਦੇ ਬੰਦ ਹੋਣ ਦਾ ਮੁੱਦਾ ਗੰਭੀਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਨ੍ਹਾਂ ਮਿੱਲਾਂ ਦੇ ਬੰਦ ਹੋਣ ਨਾਲ ਸ਼ਹਿਰ ਦੇ ਉਦਯੋਗਿਕ ਮਾਹੌਲ ਅਤੇ ਰੁਜ਼ਗਾਰ ’ਤੇ ਪਏ ਪ੍ਰਭਾਵ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਦਿਹਾਤੀ ਯੂਥ ਪ੍ਰਧਾਨ ਰਣਜੀਤ ਸਿੰਘ ਜੀਤੀ ਖੇੜਾ ਨੇ ਸੂਬਾ ਸਰਕਾਰ ਦੀ ਕਾਰਜਸ਼ੈਲੀ ’ਤੇ ਸਵਾਲ ਚੁੱਕੇ ਹਨ। ਇਸ ਸਬੰਧੀ ਜੀਤੀ ਖੇੜਾ ਨੇ ਕਿਹਾ ਕਿ ਫਗਵਾੜਾ ਸ਼ਹਿਰ ਦੀ ਪਛਾਣ ਰਹੀਆਂ ਜੇਸੀਟੀ ਮਿੱਲ ਅਤੇ ਸ਼ੂਗਰ ਮਿੱਲ ਦਾ ਬੰਦ ਹੋਣਾ ਇਲਾਕੇ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਉਦਯੋਗਿਕ ਇਕਾਈਆਂ ਨੂੰ ਚਲਾਉਣ ਲਈ ਸਰਕਾਰ ਵੱਲੋਂ ਠੋਸ ਉਪਰਾਲੇ ਕੀਤੇ ਜਾਂਦੇ ਤਾਂ ਹਜ਼ਾਰਾਂ ਲੋਕਾਂ ਨੂੰ ਰੁਜ਼ਗਾਰ ਮਿਲਦਾ ਰਹਿ ਸਕਦਾ ਸੀ ਅਤੇ ਕਈ ਪਰਿਵਾਰਾਂ ਦੀ ਰੋਜ਼ੀ-ਰੋਟੀ ਬਰਕਰਾਰ ਰਹਿੰਦੀ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਦੇ ਆਪਣੇ ਵਾਅਦਿਆਂ ਨੂੰ ਅਮਲੀ ਰੂਪ ਦੇਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਮਿੱਲਾਂ ਦੇ ਬੰਦ ਹੋਣ ਕਾਰਨ ਇਨ੍ਹਾਂ ਨਾਲ ਜੁੜੇ ਮਜ਼ਦੂਰਾਂ, ਮੁਲਾਜ਼ਮਾਂ ਅਤੇ ਹੋਰ ਕਾਰੋਬਾਰੀਆਂ ਨੂੰ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਫਗਵਾੜਾ ਦੀਆਂ ਬੰਦ ਪਈਆਂ ਉਦਯੋਗਿਕ ਇਕਾਈਆਂ ਨੂੰ ਮੁੜ ਚਾਲੂ ਕਰਵਾਉਣ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਠੋਸ ਕਦਮ ਚੁੱਕੇ ਜਾਣ। ਸੂਬਾ ਸਰਕਾਰ ਵੱਲੋਂ ਫਗਵਾੜਾ ਦੀ ਸ਼ੂਗਰ ਮਿੱਲ ਨੂੰ ਸੀਲ ਕਰ ਦੇਣ ਦੇ ਬਾਵਜੂਦ ਕਿਸਾਨਾਂ ਦਾ ਕਰੋੜਾਂ ਰੁਪਏ ਦਾ ਬਕਾਇਆ ਅਜੇ ਤੱਕ ਨਹੀਂ ਦਿੱਤਾ ਗਿਆ। ਕਿਸਾਨਾਂ ਦੀ ਸਬਸਿਡੀ ਦਾ ਕਰੀਬ ਸਾਢੇ 19 ਕਰੋੜ ਰੁਪਏ ਅਤੇ ਸਾਲ 2021-22 ਦੇ ਸੀਜ਼ਨ ਦਾ ਲਗਭਗ ਸਾਢੇ 27 ਕਰੋੜ ਰੁਪਏ ਦਾ ਬਕਾਇਆ ਕਿਸਾਨਾਂ ਨੂੰ ਨਹੀਂ ਮਿਲ ਸਕਿਆ। ਇਹ ਗੱਲਾਂ ਸ਼੍ਰੋਮਣੀ ਅਕਾਲੀ ਦਲ ਦੇ ਦਿਹਾਤੀ ਯੂਥ ਪ੍ਰਧਾਨ ਰਣਜੀਤ ਸਿੰਘ ਜੀਤੀ ਖੇੜਾ ਨੇ ਕਹੀਆਂ। ਉਨ੍ਹਾਂ ਕਿਹਾ ਕਿ ਕਿਸਾਨ ਕਿਸੇ ਵੀ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਪਰ ਇਸ ਦੇ ਬਾਵਜੂਦ ਪੰਜਾਬ ਸਰਕਾਰ ਕਿਸਾਨਾਂ ਦੇ ਹੱਕਾਂ ਦੀ ਰਾਖੀ ਕਰਨ ਦੀ ਬਜਾਏ ਉਨ੍ਹਾਂ ਦੀਆਂ ਮੁਸ਼ਕਿਲਾਂ ਪ੍ਰਤੀ ਗੰਭੀਰਤਾ ਨਹੀਂ ਦਿਖਾ ਰਹੀ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਆਰਥਿਕ ਸੰਕਟ ਨਾਲ ਜੂਝ ਰਹੇ ਹਨ ਅਤੇ ਉੱਪਰੋਂ ਉਨ੍ਹਾਂ ਦੀ ਆਪਣੀ ਮਿਹਨਤ ਦੀ ਕਮਾਈ ਦਾ ਬਕਾਇਆ ਵੀ ਨਾ ਮਿਲਣਾ ਚਿੰਤਾ ਦਾ ਵਿਸ਼ਾ ਹੈ। ਜੀਤੀ ਖੇੜਾ ਨੇ ਸਾਬਕਾ ਮੁੱਖ ਮੰਤਰੀ ਸਵ. ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਸ ਸਮੇਂ ਫਗਵਾੜਾ ਸਮੇਤ ਪੰਜਾਬ ਦੀਆਂ ਕਈ ਵੱਡੀਆਂ ਮਿੱਲਾਂ ਨੂੰ ਚਾਲੂ ਰੱਖਣ ਲਈ ਸਰਕਾਰੀ ਖਜ਼ਾਨੇ ਵਿੱਚੋਂ 200 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਉਸ ਸਮੇਂ ਮਿੱਲਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ, ਜਦਕਿ ਮੌਜੂਦਾ ਸਰਕਾਰ ਦੇ ਰਾਜ ਵਿੱਚ ਕਿਸਾਨ ਆਪਣੇ ਬਕਾਏ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੇ ਮੰਤਰੀ ਆਪਣੇ ਹਿੱਤਾਂ ਨੂੰ ਪਹਿਲ ਦੇ ਰਹੇ ਹਨ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਜੀਤੀ ਖੇੜਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਫਗਵਾੜਾ ਸ਼ੂਗਰ ਮਿੱਲ ਨਾਲ ਸਬੰਧਿਤ ਕਿਸਾਨਾਂ ਦੀ ਸਬਸਿਡੀ ਅਤੇ ਪਿਛਲੇ ਸੀਜ਼ਨ ਦਾ ਸਮੁੱਚਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਆਰਥਿਕ ਰਾਹਤ ਮਿਲ ਸਕੇ।