ਕਪੂਰਥਲਾ ’ਚ ਦੋ ਨਾਬਾਲਗ ਭਰਾਵਾਂ ਨੂੰ ਨਸ਼ਾ ਕਰਵਾਉਣ ਵਾਲਾ ਕਾਬੂ ਕਪੂਰਥਲਾ ਵਿੱਚ ਨਸ਼ੇ ਦੀ ਲਤ ਦਾ ਸ਼ਿਕਾਰ ਹੋਏ ਦੋ ਨਾਬਾਲਗ ਭਰਾ, ਨਸ਼ਾ ਕਰਵਾਉਣ ਵਾਲਾ ਮੁਲਜ਼ਮ ਕਾਬੂ
Publish Date: Thu, 22 Oct 2026 09:48 PM (IST)
Updated Date: Thu, 22 Oct 2026 09:51 PM (IST)
--ਵੀਡੀਓ ਵਾਇਰਲ ਹੋਣ ਤੋਂ ਬਾਅਦ ਹਰਕਤ ਵਿੱਚ ਆਈ ਪੁਲਿਸ, ਦੋਵੇਂ ਬੱਚਿਆਂ ਨੂੰ ਹਸਪਤਾਲ ’ਚ ਕਰਵਾਇਆ ਦਾਖ਼ਲ ਸੁਖਪਾਲ ਸਿੰਘ ਹੁੰਦਲ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਵਿੱਚ ਨਸ਼ਿਆਂ ਦੀ ਵਧਦੀ ਸਮੱਸਿਆ ਦਰਮਿਆਨ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਰਾਜਪੁਰ ਤੋਂ ਇੱਕ ਬੇਹੱਦ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ । ਇੱਥੇ 10 ਤੇ 13 ਸਾਲ ਦੇ ਦੋ ਨਾਬਾਲਗ ਭਰਾਵਾਂ ਨੂੰ ਨਸ਼ੇ ਨਾਲ ਸਬੰਧਤ ਸਮੱਸਿਆਵਾਂ ਕਾਰਨ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਦੋਵਾਂ ਦਾ ਇਲਾਜ ਚੱਲ ਰਿਹਾ ਹੈ। ਨਸ਼ਾ ਕਰਦੇ ਹੋਏ ਇੱਕ ਬੱਚੇ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਹਰਕਤ ਵਿੱਚ ਆਈ ਤੇ ਬੱਚਿਆਂ ਨੂੰ ਨਸ਼ਾ ਕਰਵਾਉਣ ਦੇ ਦੋਸ਼ ਹੇਠ ਇੱਕ ਮੁਲਜ਼ਮ ਨੂੰ ਕਾਬੂ ਕਰ ਲਿਆ। ਜਾਣਕਾਰੀ ਅਨੁਸਾਰ, ਇਹ ਮਾਮਲਾ ਉਸ ਸਮੇਂ ਚਰਚਾ ਵਿੱਚ ਆਇਆ ਜਦੋਂ ਸੋਸ਼ਲ ਮੀਡੀਆ ’ਤੇ ਇੱਕ ਬੱਚੇ ਦੀ ਕਥਿਤ ਤੌਰ ’ਤੇ ਨਸ਼ਾ ਕਰਦੇ ਹੋਏ ਦੀ ਵੀਡੀਓ ਵਾਇਰਲ ਹੋਈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਦੋਵਾਂ ਬੱਚਿਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ। ਇਸ ਘਟਨਾ ਨੇ ਛੋਟੀ ਉਮਰ ਦੇ ਬੱਚਿਆਂ ਤੱਕ ਨਸ਼ਿਆਂ ਦੀ ਪਹੁੰਚ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਬੱਚਿਆਂ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ, ਜਦਕਿ ਉਨ੍ਹਾਂ ਦੀ ਮਾਂ ਮਜ਼ਦੂਰੀ ਕਰਕੇ ਪਰਿਵਾਰ ਦਾ ਗੁਜ਼ਾਰਾ ਕਰਦੀ ਹੈ। ਅਜਿਹੇ ਹਾਲਾਤ ਵਿੱਚ ਘੱਟ ਉਮਰ ਦੇ ਬੱਚਿਆਂ ਦਾ ਨਸ਼ੇ ਦੀ ਲਤ ਦਾ ਸ਼ਿਕਾਰ ਹੋਣਾ ਪਰਿਵਾਰ ਦੇ ਨਾਲ-ਨਾਲ ਪੂਰੇ ਸਮਾਜ ਲਈ ਚਿੰਤਾ ਦਾ ਵਿਸ਼ਾ ਹੈ । ਪੁਲਿਸ ਵੱਲੋਂ ਬੱਚਿਆਂ ਤੱਕ ਨਸ਼ਾ ਪਹੁੰਚਾਉਣ ਵਾਲੇ ਵਿਅਕਤੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦਾ ਭਰੋਸਾ ਦਿੱਤਾ ਗਿਆ ਹੈ। ਜਾਂਚ ਦੌਰਾਨ ਇਹ ਪਤਾ ਲਗਾਉਣਾ ਅਹਿਮ ਹੋਵੇਗਾ ਕਿ ਬੱਚਿਆਂ ਨੂੰ ਨਸ਼ੇ ਦੀ ਲਤ ਕਿਵੇਂ ਲੱਗੀ ਤੇ ਉਨ੍ਹਾਂ ਨੂੰ ਨਸ਼ੀਲੇ ਪਦਾਰਥ ਮੁਹੱਈਆ ਕਰਵਾਉਣ ਵਿੱਚ ਕਿਹੜੇ ਵਿਅਕਤੀ ਸ਼ਾਮਲ ਸਨ। ਇਸ ਸਬੰਧੀ ਥਾਣਾ ਸੁਭਾਨਪੁਰ ਦੇ ਐੱਸਐੱਚਓ ਅਮਨਦੀਪ ਨੇ ਦੱਸਿਆ ਕਿ ਨਾਬਾਲਗ ਬੱਚਿਆਂ ਨੂੰ ਨਸ਼ਾ ਕਰਵਾਉਣ ਦੇ ਦੋਸ਼ ਹੇਠ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਪਰਮਜੀਤ ਸਿੰਘ ਪੁੱਤਰ ਅਵਤਾਰ ਸਿੰਘ, ਵਾਸੀ ਨਿਊ ਸ਼ਾਂਤੀ ਨਗਰ, ਹੁਸ਼ਿਆਰਪੁਰ ਵਜੋਂ ਹੋਈ ਹੈ। ਐੱਸਐੱਚਓ ਅਨੁਸਾਰ, ਮੁਲਜ਼ਮ ਦੇ ਮੋਬਾਈਲ ਫ਼ੋਨ ਵਿੱਚੋਂ ਮਾਮਲੇ ਨਾਲ ਸਬੰਧਤ ਤੱਥ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਹੀ ਬੱਚਿਆਂ ਨੂੰ ਨਸ਼ਾ ਦੇ ਕੇ ਉਨ੍ਹਾਂ ਦੀ ਨਸ਼ਾ ਕਰਦੇ ਹੋਏ ਦੀ ਵੀਡੀਓ ਬਣਾਈ ਤੇ ਉਸ ਨੂੰ ਵਾਇਰਲ ਕੀਤਾ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।