ਵਿਸਾਖੀ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
ਨਡਾਲਾ ’ਚ ਵਿਸਾਖੀ ਅਤੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੋ ਦਿਨਾਂ ਵਿਸ਼ਾਲ ਧਾਰਮਿਕ ਸਮਾਗਮ ਸਮਾਪਤ
Publish Date: Sun, 19 Apr 2026 07:55 PM (IST)
Updated Date: Sun, 19 Apr 2026 07:57 PM (IST)

ਚੰਨਪ੍ਰੀਤ ਸਿੰਘ ਕੰਗ, ਪੰਜਾਬੀ ਜਾਗਰਣ ਨਡਾਲਾ : ਵਿਸਾਖੀ ਦੇ ਪਾਵਨ ਤਿਉਹਾਰ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪਰਮੇਸ਼ਰ ਦੁਆਰ ਨਡਾਲਾ ਵਿਖੇ ਦੋ ਦਿਨਾਂ ਵਿਸ਼ਾਲ ਧਾਰਮਿਕ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਦੌਰਾਨ ਇਲਾਕੇ ਭਰ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਨਾਲ ਹੋਈ, ਜਿਨ੍ਹਾਂ ਦੇ ਭੋਗ ਉਪਰੰਤ ਰਾਗੀ ਜਥਿਆਂ ਵੱਲੋਂ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮੌਕੇ ਪ੍ਰਸਿੱਧ ਕਥਾਵਾਚਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਦੋਵੇਂ ਦਿਨ ਕਥਾ ਕੀਰਤਨ ਕਰਦਿਆਂ ਸੰਗਤ ਨੂੰ ਗੁਰੂ ਸਾਹਿਬਾਨ ਦੀ ਬਾਣੀ ਨਾਲ ਜੋੜਿਆ ਅਤੇ ਨਾਮ ਸਿਮਰਨ ਤੇ ਗੁਰਮਤਿ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਸਾਖੀ ਦੇ ਇਤਿਹਾਸਕ ਮਹੱਤਵ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਖਾਲਸਾ ਪੰਥ ਦੀ ਸਿਰਜਣਾ ਦੀ ਯਾਦ ਤਾਜ਼ਾ ਕਰਵਾਈ ਅਤੇ ਨੌਜਵਾਨ ਪੀੜ੍ਹੀ ਨੂੰ ਗੁਰੂ ਦੀਆਂ ਸਿੱਖਿਆਵਾਂ ਨਾਲ ਜੁੜਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਧਰਮ ਪਰਿਵਰਤਨ ਦੀ ਲਹਿਰ ਨੂੰ ਰੋਕਣ ਲਈ ਸਿੱਖੀ ਸਿਧਾਂਤਾਂ ’ਤੇ ਡੱਟ ਕੇ ਪਹਿਰਾ ਦੇਣਾ ਲਾਜ਼ਮੀ ਹੈ। ਇਸ ਦੌਰਾਨ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ, ਜਿਸ ਵਿੱਚ ਕਈ ਸੰਗਤਾਂ ਨੇ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲਾ ਜੀਵਨ ਅਪਣਾਇਆ। ਸਮਾਗਮ ਦੌਰਾਨ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ, ਜਿਸ ਵਿੱਚ ਸੰਗਤਾਂ ਨੇ ਬੜੇ ਪ੍ਰੇਮ ਅਤੇ ਸਤਿਕਾਰ ਨਾਲ ਹਿੱਸਾ ਲਿਆ। ਇਸ ਮੌਕੇ ਭੁਲੱਥ ਤੋਂ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵੀ ਖ਼ਾਸ ਤੌਰ ’ਤੇ ਪਹੁੰਚੇ ਅਤੇ ਨਾਮ ਬਾਣੀ ਦਾ ਉਪਦੇਸ਼ ਪ੍ਰਾਪਤ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ, ਬਾਬਾ ਕੁਲਬੀਰ ਸਿੰਘ, ਬਾਬਾ ਮਹਿੰਦਰ ਸਿੰਘ, ਰਿਟਾਇਰਡ ਡੀਐੱਸਪੀ ਲਖਵਿੰਦਰ ਸਿੰਘ ਇਬਰਾਹਿਮਵਾਲ, ਜੋਗਾ ਸਿੰਘ ਇਬਰਾਹਿਮਵਾਲ, ਨਿਸ਼ਾਨ ਸਿੰਘ ਇਬਰਾਹਿਮਵਾਲ, ਨੰਬਰਦਾਰ ਦਲਜਿੰਦਰ ਸਿੰਘ, ਸੰਦੀਪ ਕੁਮਾਰ ਟੋਨੀ, ਸੰਦੀਪ ਸੈਣੀ, ਸੰਦੀਪ ਕੁਮਾਰ ਲੈਬ ਵਾਲੇ, ਸੰਨੀ ਨਡਾਲਾ, ਲੱਖਾ ਲਹੌਰੀਆ, ਹੈਪੀ ਖੱਖ ਸਮੇਤ ਹੋਰ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।