- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬ੍ਰਿਟਿਸ਼ ਸਿੱਖ ਸਕੂਲ ਖੋਜੇਵਾਲ ਦਾ ਦੋ ਰੋਜ਼ਾ ਖੇਡ ਸਮਾਰੋਹ ਸ਼ਾਨੋ-ਸ਼ੌਕਤ ਨਾਲ ਸੰਪੰਨ

--ਖੇਡਾਂ ਮਨੁੱਖੀ ਜੀਵਨ ’ਚ ਅਨੁਸ਼ਾਸਨ, ਆਤਮ-ਵਿਸ਼ਵਾਸ ਤੇ ਸ਼ਖ਼ਸੀਅਤ ਦੇ ਵਿਕਾਸ ਦਾ ਮਜ਼ਬੂਤ ਆਧਾਰ ਹਨ : ਪ੍ਰੋ. ਡਾ. ਅਮਰੀਕ ਸਿੰਘ
ਰੌਸ਼ਨ ਖੈੜਾ, ਪੰਜਾਬੀ ਜਾਗਰਣ
ਕਪੂਰਥਲਾ : ਬ੍ਰਿਟਿਸ਼ ਸਿੱਖ ਸਕੂਲ ਖੋਜੇਵਾਲ ਵਿਖੇ ਪ੍ਰਿੰਸੀਪਲ ਹਰਦੀਪ ਕੌਰ ਦੀ ਯੋਗ ਅਗਵਾਈ ਹੇਠ 23 ਤੇ 24 ਅਕਤੂਬਰ ਨੂੰ ਕਰਵਾਇਆ ਗਿਆ ਦੋ ਰੋਜ਼ਾ ਸਾਲਾਨਾ ਖੇਡ ਸਮਾਰੋਹ ਬੜੀ ਸ਼ਾਨੋ-ਸ਼ੌਕਤ, ਉਤਸ਼ਾਹ ਤੇ ਖੇਡ ਭਾਵਨਾ ਨਾਲ ਸੰਪੰਨ ਹੋਇਆ। ਇਸ ਖੇਡ ਸਮਾਰੋਹ ਵਿੱਚ ਅੰਤਰਰਾਸ਼ਟਰੀ ਕਬੱਡੀ ਅਧਿਕਾਰੀ ਤੇ ਪ੍ਰਸਿੱਧ ਖੇਡ ਸ਼ਖ਼ਸੀਅਤ ਪ੍ਰੋਫੈਸਰ ਡਾ. ਅਮਰੀਕ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਰੋਹ ਦੀ ਸ਼ੁਰੂਆਤ ਸ਼ਬਦ ਗਾਇਨ ਤੇ ਪਰਮਾਤਮਾ ਦਾ ਸ਼ੁਕਰਾਨਾ ਕਰਨ ਨਾਲ ਕੀਤੀ ਗਈ। ਵਿਦਿਆਰਥੀਆਂ ਵੱਲੋਂ ਕੀਤੇ ਗਏ ਸ਼ਾਨਦਾਰ ਮਾਰਚ ਪਾਸਟ ਨੇ ਸਮਾਰੋਹ ਨੂੰ ਵਿਸ਼ੇਸ਼ ਆਕਰਸ਼ਣ ਪ੍ਰਦਾਨ ਕੀਤਾ। ਵਿਦਿਆਰਥੀਆਂ ਨੇ ਮੁੱਖ ਮਹਿਮਾਨ ਪ੍ਰੋ. ਡਾ. ਅਮਰੀਕ ਸਿੰਘ ਨੂੰ ਸਲਾਮੀ ਦਿੱਤੀ ਤੇ ਖੇਡਾਂ ਦੀ ਮਰਿਆਦਾ ਕਾਇਮ ਰੱਖਣ, ਨਿਯਮਾਂ ਦੀ ਪਾਲਣਾ ਕਰਨ, ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਹਿੱਸਾ ਲੈਣ ਤੇ ਆਪਣੇ ਸਕੂਲ ਦਾ ਨਾਮ ਰੌਸ਼ਨ ਕਰਨ ਦੀ ਸਹੁੰ ਚੁੱਕੀ। ਇਨ੍ਹਾਂ ਦੋ ਰੋਜ਼ਾ ਖੇਡਾਂ ਦੌਰਾਨ ਵਿਦਿਆਰਥੀਆਂ ਲਈ 100 ਮੀਟਰ ਦੌੜ, 200 ਮੀਟਰ ਦੌੜ, ਲੰਬੀ ਛਾਲ, ਉੱਚੀ ਛਾਲ ਤੇ ਗੋਲਾ ਸੁੱਟਣ ਸਮੇਤ ਵੱਖ-ਵੱਖ ਅਥਲੈਟਿਕਸ ਮੁਕਾਬਲੇ ਕਰਵਾਏ ਗਏ। ਨੰਨ੍ਹੇ-ਮੁੰਨ੍ਹੇ ਬੱਚਿਆਂ ਲਈ ਮਨੋਰੰਜਨ ਭਰਪੂਰ ਖੇਡ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਰੱਸਾਕਸ਼ੀ (ਟੱਗ ਆਫ਼ ਵਾਰ) ਦੇ ਬੇਹੱਦ ਦਿਲਚਸਪ ਮੁਕਾਬਲੇ ਵੀ ਕਰਵਾਏ ਗਏ। ਸਕੂਲ ਦੇ ਸਟਾਫ਼ ਮੈਂਬਰਾਂ, ਕਰਮਚਾਰੀਆਂ ਤੇ ਡਰਾਈਵਰਾਂ ਵਿਚਕਾਰ ਹੋਏ ਰੱਸਾਕਸ਼ੀ ਦੇ ਮੁਕਾਬਲੇ ਸਮਾਰੋਹ ਦਾ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਇਸ ਮੌਕੇ ਮੁੱਖ ਮਹਿਮਾਨ ਪ੍ਰੋ. ਡਾ. ਅਮਰੀਕ ਸਿੰਘ ਨੇ ਆਪਣੇ ਪ੍ਰਭਾਵਸ਼ਾਲੀ ਸੰਬੋਧਨ ਵਿੱਚ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਦਾ ਅਟੁੱਟ ਅੰਗ ਹਨ। ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਹਿਣਸ਼ੀਲਤਾ, ਟੀਮ ਭਾਵਨਾ, ਅਗਵਾਈ ਕਰਨ ਦੀ ਯੋਗਤਾ ਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਬ੍ਰਿਟਿਸ਼ ਸਿੱਖ ਸਕੂਲ ਦੀ ਮੈਨੇਜਮੈਂਟ ਕਮੇਟੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਸਥਾ ਵੱਲੋਂ ਇਲਾਕੇ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਤੇ ਖੇਡਾਂ ਦੇ ਉਚਿਤ ਮੌਕੇ ਪ੍ਰਦਾਨ ਕਰਨ ਲਈ ਕੀਤਾ ਜਾ ਰਿਹਾ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ।
ਇਸ ਮੌਕੇ ਪ੍ਰਿੰਸੀਪਲ ਹਰਦੀਪ ਕੌਰ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਅਕਾਦਮਿਕ ਸਿੱਖਿਆ ਤੱਕ ਸੀਮਤ ਰੱਖਣਾ ਨਹੀਂ, ਸਗੋਂ ਉਨ੍ਹਾਂ ਦਾ ਸਰਬਪੱਖੀ ਵਿਕਾਸ ਕਰਨਾ ਵੀ ਹੈ। ਉਨ੍ਹਾਂ ਸਮਾਰੋਹ ਨੂੰ ਸਫ਼ਲ ਬਣਾਉਣ ਲਈ ਅਧਿਆਪਕਾਂ, ਕੋਚਾਂ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਸਮਾਰੋਹ ਦੇ ਅੰਤਿਮ ਪੜਾਅ ਵਿੱਚ ਵੱਖ-ਵੱਖ ਖੇਡ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਪ੍ਰੋ. ਡਾ. ਅਮਰੀਕ ਸਿੰਘ ਤੇ ਸਕੂਲ ਪ੍ਰਬੰਧਕਾਂ ਵੱਲੋਂ ਮੈਡਲ, ਟਰਾਫੀਆਂ ਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।