ਐੱਸਡੀਐੱਮ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਕੀਤਾ ਜਾਗਰੂਕ ਐਸ.ਡੀ.ਐਮ. ਦੀ ਅਗਵਾਈ ਹੇਠ ਸਬ-ਡਵੀਜਨ ਦੇ ਪਿੰਡਾਂ ‘ਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਕੀਤਾ ਜਾਗਰੁਕ
Publish Date: Thu, 12 Nov 2026 07:29 PM (IST)
Updated Date: Thu, 12 Nov 2026 07:30 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ, ਮਨੁੱਖੀ ਸਿਹਤ ਤੇ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਦੇਖਦਿਆਂ ਮਾਣਯੋਗ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨਜੀਟੀ) ਤੇ ਸਰਕਾਰ ਵੱਲੋਂ ਪਰਾਲੀ ਸਾੜਨ ’ਤੇ ਪਾਬੰਦੀ ਸਬੰਧੀ ਜਾਰੀ ਕੀਤੀਆਂ ਸਖ਼ਤ ਹਦਾਇਤਾਂ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਸਬ-ਡਿਵੀਜ਼ਨ ਫਗਵਾੜਾ ਦੇ ਵੱਖ-ਵੱਖ ਪਿੰਡਾਂ ਤੇ ਖੇਤਾਂ ‘ਚ ਐੱਸਡੀਐੱਮ ਡਾ. ਨਵਜੋਤ ਸ਼ਰਮਾ ਦੀ ਅਗਵਾਈ ਹੇਠ ਟੀਮਾਂ ਵੱਲੋਂ ਜਾਗਰੁਕਤਾ ਮੁਹਿੰਮ ਚਲਾਈ ਗਈ। ਇਸ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਤੇ ਸਰਕਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਐੱਸਡੀਐੱਮ ਡਾ. ਨਵਜੋਤ ਸ਼ਰਮਾ ਵੱਲੋਂ ਖੁਦ ਵੀ ਵੱਖ-ਵੱਖ ਪਿੰਡਾਂ ਦੇ ਦੌਰੇ ਕੀਤੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਵਿਗਿਆਨਕ ਤੇ ਵਾਤਾਵਰਣ ਪੱਖੀ ਤਰੀਕਿਆਂ ਨਾਲ ਨਿਪਟਾਰਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਡਾ. ਨਵਜੋਤ ਸ਼ਰਮਾ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਨਿਕਲਣ ਵਾਲਾ ਧੂੰਆਂ ਹਵਾ ਨੂੰ ਪ੍ਰਦੂਸ਼ਿਤ ਕਰਦਾ ਹੈ, ਜਿਸ ਨਾਲ ਬੱਚਿਆਂ, ਬਜ਼ੁਰਗਾਂ ਤੇ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਵਿਸ਼ੇਸ਼ ਤੌਰ ’ਤੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਅੱਗ ਕਾਰਨ ਜ਼ਮੀਨ ਵਿੱਚ ਮੌਜੂਦ ਲਾਭਦਾਇਕ ਜੀਵਾਣੂ ਤੇ ਹੋਰ ਪੌਸ਼ਟਿਕ ਤੱਤ ਵੀ ਪ੍ਰਭਾਵਿਤ ਹੁੰਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਦੀ ਸੁਰੱਖਿਆ ਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਬਿਹਤਰ ਭਵਿੱਖ ਲਈ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ। ਉਨ੍ਹਾਂ ਦੱਸਿਆ ਕਿ ਸਰਕਾਰੀ ਹਦਾਇਤਾਂ ਅਨੁਸਾਰ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਜ਼ਮੀਨ ਦੀ ਮਾਲਕੀ ਦੇ ਰਕਬੇ ਮੁਤਾਬਕ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ। ਦੋ ਏਕੜ ਤੱਕ ਜ਼ਮੀਨ ਵਾਲੇ ਕਿਸਾਨ ਨੂੰ 5 ਹਜ਼ਾਰ ਰੁਪਏ, ਦੋ ਤੋਂ ਪੰਜ ਏਕੜ ਤੱਕ ਜ਼ਮੀਨ ਵਾਲੇ ਕਿਸਾਨ ਨੂੰ 10 ਹਜ਼ਾਰ ਰੁਪਏ ਤੇ ਪੰਜ ਏਕੜ ਤੋਂ ਵੱਧ ਜ਼ਮੀਨ ਵਾਲੇ ਕਿਸਾਨ ਨੂੰ 30 ਹਜ਼ਾਰ ਰੁਪਏ ਤੱਕ ਜੁਰਮਾਨਾ ਲਗਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਉਲੰਘਣਾ ਕਰਨ ਵਾਲਿਆਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕਰਨ ਤੇ ਐੱਫਆਈਆਰ ਦਰਜ ਕਰਨ ਦੀ ਕਾਰਵਾਈ ਵੀ ਨਿਯਮਾਂ ਅਨੁਸਾਰ ਅਮਲ ਵਿੱਚ ਲਿਆਂਦੀ ਜਾ ਸਕਦੀ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵੀ ਅਜਿਹੇ ਮਾਮਲਿਆਂ ਵਿੱਚ ਕਾਨੂੰਨੀ ਕਾਰਵਾਈ ਤੇ ਚਲਾਨ ਕਰਨ ਦੀ ਵਿਵਸਥਾ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਐੱਸਡੀਐੱਮ ਨੇ ਸਪੱਸ਼ਟ ਕੀਤਾ ਕਿ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਪ੍ਰਸ਼ਾਸਨ ਦਾ ਸਹਿਯੋਗ ਕਰਨ ਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸਰਕਾਰੀ ਵਿਭਾਗਾਂ ਤੇ ਸਹਿਕਾਰੀ ਸੰਸਥਾਵਾਂ ਰਾਹੀਂ ਉਪਲਬਧ ਮਸ਼ੀਨਰੀ ਤੇ ਆਧੁਨਿਕ ਖੇਤੀ ਤਕਨੀਕਾਂ ਦੀ ਵਰਤੋਂ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਖੇਤੀ ਬਾੜੀ ਅਫਸਰ ਪਰਮਜੀਤ ਰਾਮ, ਸੁਲੱਖਣ ਸਿੰਘ ਟੀਸੀ ਬੀਡੀਪੀਓ ਵਿਭਾਗ, ਵਾਟਰ ਸਪਲਾਈ ਵਿਭਾਗ ਦੇ ਗੌਰਵ ਸ਼ਰਮਾ, ਸੁਦੀਸ਼ ਕੁਮਾਰ, ਸੰਜੀਵ ਕੁਮਾਰ, ਸੁਖਦੇਵ ਸਿੰਘ ਬਾਂਸਲ, ਸੁਖਜਿੰਦਰ ਸਿੰਘ ਸਾਹਨੀ, ਅਮਰੀਕ ਸਿੰਘ ਮੀਕਾ, ਬਿੰਦਰ ਸਿੰਘ ਆਦਿ ਹਾਜ਼ਰ ਸਨ।