ਅਕਾਲੀ ਦਲ ਨੇ ਚੋਣ ਮੈਨੀਫੈਸਟੋ ਲਈ ਮੰਗੇ ਸੁਝਾਅ : ਖੁਰਾਣਾ ਸ. ਰਣਜੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਲੋਕ ਪੱਖੀ ਚੋਣ ਮੈਨੀਫੈਸਟੋ ਲਈ ਸੁਝਾਅ ਲੈਣ ਦੀ ਮੁਹਿੰਮ ਕੀਤੀ ਸ਼ੁਰੂ
Publish Date: Fri, 09 Oct 2026 07:46 PM (IST)
Updated Date: Fri, 09 Oct 2026 07:47 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕਾ ਫਗਵਾੜਾ (ਸ਼ਹਿਰੀ) ਇੰਚਾਰਜ ਰਣਜੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਪਾਰਟੀ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਲੋਕ ਪੱਖੀ ਚੋਣ ਮੈਨੀਫੈਸਟੋ ਪੱਤਰ ਤਿਆਰ ਕਰਨ ਲਈ ਲੋਕਾਂ ਦੇ ਸੁਝਾਅ ਲੈਣ ਦੀ ਮੁਹਿੰਮ ਅੱਜ ਸਰਕਲ ਸਤਨਾਮਪੁਰਾ ਜ਼ੋਨ ਨੰਬਰ 4, ਮੁਹੱਲਾ ਪ੍ਰੀਤ ਨਗਰ ਤੋਂ ਸ਼ੁਰੂ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਰਨੈਲ ਸਿੰਘ ਵਾਹਦ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਪਾਰਟੀ ਆਗੂਆਂ ਨੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਲੋੜਾਂ ਤੇ ਸੁਝਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪੀਏਸੀ ਮੈਂਬਰ ਗੁਰਮੀਤ ਸਿੰਘ ਬਡਵਾਲ, ਜਥੇਦਾਰ ਬਹਾਦਰ ਸਿੰਘ ਸੰਗਤਪੁਰ, ਬੀਬੀ ਸਰਬਜੀਤ ਕੌਰ ਸਾਬਕਾ ਕੌਂਸਲਰ, ਪ੍ਰਿਤਪਾਲ ਸਿੰਘ ਮੰਗਾ ਕੌਂਸਲਰ ਵੀ ਉਚੇਰੇ ਤੌਰ ’ਤੇ ਮੌਜੂਦ ਸਨ। ਜਰਨੈਲ ਸਿੰਘ ਵਾਹਦ ਤੇ ਰਣਜੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਵੱਡੇ ਪੱਧਰ ’ਤੇ ਲੋਕਾਂ ਤੱਕ ਪਹੁੰਚ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਦੀ ਅਸਲ ਆਵਾਜ਼ ਨੂੰ ਚੋਣ ਮਨੋਰਥ ਪੱਤਰ ਦਾ ਹਿੱਸਾ ਬਣਾਇਆ ਜਾ ਸਕੇ। ਹਲਕਾ ਇੰਚਾਰਜ ਖੁਰਾਣਾ ਨੇ ਦੱਸਿਆ ਕਿ ਪਾਰਟੀ ਦਾ ਉਦੇਸ਼ ਰਵਾਇਤੀ ਚੋਣ ਵਾਅਦਿਆਂ ਤੱਕ ਸੀਮਿਤ ਰਹਿਣ ਦੀ ਬਜਾਏ ਲੋਕਾਂ ਦੀਆਂ ਲੋੜਾਂ ਤੇ ਉਮੀਦਾਂ ’ਤੇ ਆਧਾਰਿਤ ਮਨੋਰਥ ਪੱਤਰ ਤਿਆਰ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਤੋਂ ਪ੍ਰਾਪਤ ਸੁਝਾਵਾਂ ਦੇ ਆਧਾਰ ’ਤੇ ਸਿਹਤ, ਸਿੱਖਿਆ, ਰੁਜ਼ਗਾਰ, ਕਿਸਾਨਾਂ, ਵਪਾਰੀਆਂ, ਨੌਜਵਾਨਾਂ ਤੇ ਹੋਰਨਾਂ ਵਰਗਾਂ ਨਾਲ ਸਬੰਧਤ ਮੁੱਦਿਆਂ ਨੂੰ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਕੀਤਾ ਜਾਵੇਗਾ। ਪਾਰਟੀ ਵੱਲੋਂ ਪਹਿਲੀ ਨਵੰਬਰ ਨੂੰ ਪੰਜਾਬ ਦਿਵਸ ਮੌਕੇ ਚੋਣ ਮਨੋਰਥ ਪੱਤਰ ਜਾਰੀ ਕਰਨ ਦੀ ਯੋਜਨਾ ਤਹਿਤ ਇਸ ਨੂੰ ਲੋਕਾਂ ਦੀਆਂ ਅਸਲ ਸਮੱਸਿਆਵਾਂ ਨਾਲ ਜੋੜਨ ਲਈ ਸੁਝਾਅ ਇਕੱਠੇ ਕੀਤੇ ਜਾ ਰਹੇ ਹਨ। ਇਸ ਦੌਰਾਨ ਪਾਰਟੀ ਆਗੂਆਂ ਨੇ ਪੰਜਾਬ ਦੀ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ, ਭ੍ਰਿਸ਼ਟਾਚਾਰ ਦੇ ਦੋਸ਼ਾਂ, ਚੋਣ ਵਾਅਦਿਆਂ ਤੇ ਲੋਕਾਂ ਨਾਲ ਜੁੜੇ ਹੋਰ ਮੁੱਦਿਆਂ ਬਾਰੇ ਵੀ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਲੋਕਾਂ ਨੂੰ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਰਾਏ ਨੂੰ ਵੀ ਤਰਜੀਹ ਦੇਣਗੇ। ਇਸ ਮੌਕੇ ਲੋਕਾਂ ਤੋਂ ਉਨ੍ਹਾਂ ਦੀਆਂ ਮੰਗਾਂ ਤੇ ਸੁਝਾਵਾਂ ਸਬੰਧੀ ਫਾਰਮ ਵੀ ਭਰਵਾਏ ਗਏ। ਇਸ ਮੌਕੇ ਸਰਬਜੀਤ ਸਿੰਘ ਕਾਕਾ, ਜਸਵਿੰਦਰ ਸਿੰਘ ਭਗਤਪੁਰਾ, ਗਿਆਨ ਸਿੰਘ ਚਾਨਾ, ਦਵਿੰਦਰ ਸਿੰਘ, ਹੇਮਰਾਜ ਸੋਨੂੰ, ਨਿੱਕੀ, ਸੁਰਿੰਦਰ ਸਿੰਘ, ਸਨੀ, ਜੋਤੀ, ਸਤਨਾਮ ਸਿੰਘ, ਜਰੀਨਾ, ਸੰਤੋਸ਼ ਕੁਮਾਰੀ, ਮਲਕੀਤ ਸਿੰਘ ਸੋਢੀ, ਡਾ. ਜਗਜੀਤ ਸਿੰਘ, ਜਗਤਾਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਤੇ ਸਮਰਥਕ ਹਾਜ਼ਰ ਸਨ।