ਨਸ਼ਾ ਪ੍ਰਭਾਵਿਤ ਪਿੰਡਾਂ ਲਈ ਬਹੁਪੱਖੀ ਉਪਰਾਲੇ ਕੀਤੇ ਜਾ ਰਹੇ : ਡੀਸੀ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਪ੍ਰਭਾਵਿਤ ਪਿੰਡਾਂ ਦੀ ਕਾਇਆ-ਕਲਪ ਲਈ ਬਹੁਪੱਖੀ ਉਪਰਾਲੇ ਕੀਤੇ ਜਾ ਰਹੇ ਹਨ: ਡਿਪਟੀ ਕਮਿਸ਼ਨਰ
Publish Date: Thu, 19 Nov 2026 08:37 PM (IST)
Updated Date: Thu, 19 Nov 2026 08:39 PM (IST)
ਖੇਡ ਮੈਦਾਨਾਂ, ਰੁਜ਼ਗਾਰ, ਹੁਨਰ ਵਿਕਾਸ, ਸਿਹਤ ਸਹੂਲਤਾਂ ਤੇ ਸਖ਼ਤ ਪੁਲਿਸ ਕਾਰਵਾਈ ਰਾਹੀਂ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਿਲੇਗਾ ਹੁਲਾਰਾ ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹੇ ਦੇ ਨਸ਼ਾ ਪ੍ਰਭਾਵਿਤ ਪਿੰਡਾਂ ਨੂੰ ਨਸ਼ਾ ਮੁਕਤ ਤੇ ਆਦਰਸ਼ ਪਿੰਡਾਂ ਵਿੱਚ ਤਬਦੀਲ ਕਰਨ ਦੇ ਮਕਸਦ ਨਾਲ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਗਤੀ ਦਾ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਜਾਇਜ਼ਾ ਲਿਆ। ਇਸ ਸਬੰਧੀ ਸਿਹਤ, ਪੁਲਿਸ, ਖੇਡਾਂ, ਰੁਜ਼ਗਾਰ ਉਤਪਤੀ, ਪੇਂਡੂ ਵਿਕਾਸ, ਪੰਚਾਇਤਾਂ, ਸਿੱਖਿਆ ਤੇ ਪੀਐੱਸਪੀਸੀਐੱਲ ਸਮੇਤ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ। ਸਮੂਹ ਐੱਸਡੀਐੱਮਜ਼, ਡੀਐੱਸਪੀਜ਼ ਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਐੱਸਐੱਸਪੀ ਗੌਰਵ ਤੂਰਾ ਦੇ ਨਾਲ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਇਹ ਮੁਹਿੰਮ ਸਰਵਉੱਚ ਤਰਜੀਹ ਹੈ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਠੋਸ ਨਤੀਜੇ ਪ੍ਰਾਪਤ ਕਰਨ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨ ਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾਉਣ ਲਈ ਖੇਡ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾ ਰਿਹਾ ਹੈ। ਪਿੰਡ ਡੈਡਵਿੰਡ ਵਿਖੇ ਵਾਲੀਬਾਲ ਗਰਾਊਂਡ, ਫੂਲੇਵਾਲ ਵਿਖੇ ਕਬੱਡੀ ਗਰਾਊਂਡ ਤੇ ਨਵਾਂ ਪਿੰਡ ਭੱਠੇ ਵਿਖੇ ਫੁੱਟਬਾਲ/ਵਾਲੀਬਾਲ ਗਰਾਊਂਡ ਬਣਾਇਆ ਜਾਵੇਗਾ। ਇਨ੍ਹਾਂ ਪ੍ਰੋਜੈਕਟਾਂ ਨੂੰ ਪਹਿਲਾਂ ਹੀ ਮਨਜ਼ੂਰੀ ਮਿਲ ਚੁੱਕੀ ਹੈ ਤੇ ਜਲਦ ਹੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਇਸੇ ਤਰ੍ਹਾਂ ਪਿੰਡ ਬੂਟ ਵਿਖੇ ਵੀ ਨੌਜਵਾਨਾਂ ਨੂੰ ਖੇਡਾਂ ਅਤੇ ਸਰੀਰਕ ਤੰਦਰੁਸਤੀ ਵੱਲ ਉਤਸ਼ਾਹਿਤ ਕਰਨ ਲਈ ਵਾਲੀਬਾਲ ਗਰਾਊਂਡ ਦੇ ਨਾਲ ਟਰੈਕ ਵੀ ਵਿਕਸਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਖੁਖਰੈਣ ਵਿਖੇ ਔਰਤਾਂ ਲਈ ਸਿਲਾਈ ਕੋਰਸ ਅਗਲੇ ਹਫ਼ਤੇ ਤੋਂ ਸ਼ੁਰੂ ਕੀਤੇ ਜਾਣਗੇ, ਤਾਂ ਜੋ ਉਨ੍ਹਾਂ ਨੂੰ ਹੁਨਰਮੰਦ ਬਣਾਉਣ ਦੇ ਨਾਲ-ਨਾਲ ਸਵੈ-ਨਿਰਭਰਤਾ ਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਸਕਣ। ਇਸ ਪਿੰਡ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਆਮ ਆਦਮੀ ਪੇਂਡੂ ਕਲੀਨਿਕ ਵੀ ਸਥਾਪਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਯੋਗ ਲਾਭਪਾਤਰੀਆਂ ਨੂੰ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਦਿਵਾਉਣ ਲਈ ਕਿਰਤ ਵਿਭਾਗ ਵੱਲੋਂ ਪਿੰਡ ਹਮੀਰਾ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਨੂੰ ਪ੍ਰੇਰਿਤ ਕਰਕੇ ਉਨ੍ਹਾਂ ਦਾ ਢੁੱਕਵਾਂ ਇਲਾਜ ਤੇ ਕਾਊਂਸਲਿੰਗ ਕਰਵਾਉਣ ਲਈ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਵਿੱਚ ਲਿਜਾਇਆ ਜਾ ਰਿਹਾ ਹੈ। ਰੁਜ਼ਗਾਰ ਮੁਖੀ ਉਪਰਾਲਿਆਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਸ਼ਾ ਪ੍ਰਭਾਵਿਤ ਪਿੰਡਾਂ ਦੇ ਨੌਜਵਾਨਾਂ ਵੱਲੋਂ ਆਪਣੇ ਛੋਟੇ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ੇ ਵਾਸਤੇ 62 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਹ ਸਾਰੀਆਂ ਅਰਜ਼ੀਆਂ ਵਿਚਾਰ ਅਧੀਨ ਹਨ ਤੇ ਲੋੜੀਂਦੀਆਂ ਰਸਮਾਂ ਮੁਕੰਮਲ ਹੋਣ ਦੇ ਅਧਾਰ ’ਤੇ ਅਗਲੇ ਹਫ਼ਤੇ ਤੱਕ ਇਨ੍ਹਾਂ ਦਾ ਨਿਪਟਾਰਾ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਤੇ ਨੌਜਵਾਨਾਂ ਨੂੰ ਸਿਹਤਮੰਦ ਤੇ ਸਕਾਰਾਤਮਕ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ ਨਸ਼ਾ ਪ੍ਰਭਾਵਿਤ ਪਿੰਡਾਂ ਵਿੱਚ ਨਿਯਮਤ ਤੌਰ ’ਤੇ ਖੇਡ ਮੁਕਾਬਲੇ ਤੇ ਹੋਰ ਨੌਜਵਾਨ ਪੱਖੀ ਗਤੀਵਿਧੀਆਂ ਵੀ ਕਰਵਾਈਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਤੇ ਨੌਜਵਾਨਾਂ ਦੇ ਸੁਰੱਖਿਅਤ, ਸਿਹਤਮੰਦ ਤੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪੂਰੀ ਗੰਭੀਰਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਸਾਰੇ ਪ੍ਰੋਜੈਕਟ ਸਮੇਂ ਸਿਰ ਮੁਕੰਮਲ ਕੀਤੇ ਜਾਣ ਤੇ ਲੋੜੀਂਦੇ ਨਤੀਜੇ ਪ੍ਰਾਪਤ ਕਰਨ ਲਈ ਪਿੰਡਾਂ ਦੀਆਂ ਪੰਚਾਇਤਾਂ ਤੇ ਵਸਨੀਕਾਂ ਨਾਲ ਨਜ਼ਦੀਕੀ ਤਾਲਮੇਲ ਬਣਾਈ ਰੱਖਿਆ ਜਾਵੇ। ਇਸ ਮੌਕੇ ਐੱਸਐੱਸਪੀ ਗੌਰਵ ਤੂਰਾ ਨੇ ਦੱਸਿਆ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਤੇ ਨਸ਼ਾ ਪ੍ਰਭਾਵਿਤ ਪਿੰਡਾਂ ਵਿੱਚ ਪੁਲਿਸ ਦੀ ਗਸ਼ਤ ਤੇ ਨਾਕਾਬੰਦੀ ਹੋਰ ਤੇਜ਼ ਕੀਤੀ ਗਈ ਹੈ। ਇਸ ਤੋਂ ਇਲਾਵਾ ਨਿਗਰਾਨੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਤੇ ਨਸ਼ਾ ਤਸਕਰੀ ਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ’ਤੇ ਰੋਕ ਲਗਾਉਣ ਲਈ ਅਹਿਮ ਥਾਵਾਂ ’ਤੇ ਸੀਸੀਟੀਵੀ ਕੈਮਰੇ ਵੀ ਲਗਾਏ ਜਾ ਰਹੇ ਹਨ।