ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ
ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਹੋਈ ਮੌਤ
Publish Date: Fri, 27 Nov 2026 08:48 PM (IST)
Updated Date: Fri, 27 Nov 2026 08:49 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿੱਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਬਾਹਰ ਟੈਕਸੀ ਸਟੈਂਡ ਨੇੜੇ ਮਿਲੇ ਇੱਕ ਅਣਪਛਾਤੇ ਵਿਅਕਤੀ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ। ਜਾਣਕਾਰੀ ਅਨੁਸਾਰ, ਇਹ ਵਿਅਕਤੀ 13 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਬਾਹਰ ਟੈਕਸੀ ਸਟੈਂਡ ਨੇੜੇ ਬਹੁਤ ਗੰਭੀਰ ਹਾਲਤ ਵਿੱਚ ਮਿਲਿਆ ਸੀ। ਉੱਥੇ ਮੌਜੂਦ ਲੋਕਾਂ ਨੇ ਉਸਨੂੰ ਇਲਾਜ ਲਈ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਪਹੁੰਚਾਇਆ। ਹਾਲਤ ਗੰਭੀਰ ਹੋਣ ਕਾਰਨ, ਉੱਥੋਂ ਦੇ ਡਾਕਟਰਾਂ ਨੇ ਉਸਨੂੰ ਕਪੂਰਥਲਾ ਦੇ ਸਿਵਲ ਹਸਪਤਾਲ ਲਈ ਰੈਫਰ ਕਰ ਦਿੱਤਾ। ਕਪੂਰਥਲਾ ਵਿੱਚ ਵੀ ਸਿਹਤ ਵਿੱਚ ਕੋਈ ਸੁਧਾਰ ਨਾ ਹੋਣ ਤੇ, ਉਸਨੂੰ ਜਲੰਧਰ ਦੇ ਗੁਰੂ ਨਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਏਐੱਸਆਈ ਹਰੀਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ ਲਗਭਗ 25 ਸਾਲ ਜਾਪਦੀ ਹੈ, ਪਰ ਉਸਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਛਾਣ ਲਈ ਲਾਸ਼ ਨੂੰ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ 72 ਘੰਟਿਆਂ ਲਈ ਰੱਖਿਆ ਗਿਆ ਹੈ। ਇਹ ਸਮਾਂ-ਸੀਮਾ ਪੂਰੀ ਹੋਣ ਤੋਂ ਬਾਅਦ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।