ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕੇਂਦਰੀ ਖੇਤੀਬਾੜੀ ਮੰਤਰੀ ਨਤਮਸਤਕ ਹੋਏ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਤਮਸਤਕ ਹੋਏ
Publish Date: Tue, 24 Nov 2026 08:01 PM (IST)
Updated Date: Wed, 25 Nov 2026 04:08 AM (IST)
ਕੈਪਸ਼ਨ : 24ਕੇਪੀਟੀ60 ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਨਤਮਸਤਕ ਹੋਣ ਮੌਕੇ ਸਨਮਾਨ ਕਰਦੇ ਹੋਏ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਮੈਨੇਜਰ ਭਗਵੰਤ ਸਿੰਘ ਕਾਹਲਵਾਂ ਤੇ ਹੋਰ। ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਵਿਖੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ’ਚ ਸੰਗਤ ਨਤਮਸਤਕ ਹੋਣ ਲਈ ਪੁੱਜ ਰਹੀ ਹੈ। ਇਸੇ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਮੱਥਾ ਟੇਕਣ ਉਪਰੰਤ ਉਨ੍ਹਾਂ ਪ੍ਰੈੱਸ ਕਾਨਫਰੰਸ ਕੀਤੀ, ਜਿਸ ਦੌਰਾਨ ਪੰਜਾਬ ਦੀ ਸਿਆਸਤ, ਅਕਾਲੀ-ਭਾਜਪਾ ਗੱਠਜੋੜ, ਸਮਾਰਟ ਸਿਟੀ ਪ੍ਰੋਜੈਕਟ, ਕਿਸਾਨਾਂ ਨੂੰ ਖਾਦ ਦੀ ਸਪਲਾਈ ਤੇ ਸੂਬੇ ਦੇ ਵਿਕਾਸ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਆਪਣਾ ਪੱਖ ਰੱਖਿਆ ਗਿਆ। ਅਕਾਲੀ ਦਲ ਅਤੇ ਭਾਜਪਾ ਵਿਚਕਾਰ ਮੁੜ ਗੱਠਜੋੜ ਹੋਣ ਦੀਆਂ ਸੰਭਾਵਨਾਵਾਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਹਾਲੇ ਉਡੀਕ ਕਰੋ, ਇਸ ਤੋਂ ਬਾਅਦ ਸਭ ਕੁਝ ਠੀਕ ਹੋ ਜਾਵੇਗਾ। ਗੱਠਜੋੜ ਵਿੱਚ ਵੱਡੇ ਭਰਾ ਅਤੇ ਛੋਟੇ ਭਰਾ ਦੀ ਭੂਮਿਕਾ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਆਪਣੇ ਅੰਦਾਜ਼ ਵਿੱਚ ਕਿਹਾ ਕਿ ਭਰਾ ਤਾਂ ਭਰਾ ਹੁੰਦਾ ਹੈ, ਵੱਡਾ ਜਾਂ ਛੋਟਾ ਹੋਣ ਨਾਲ ਕੋਈ ਖਾਸ ਫਰਕ ਨਹੀਂ ਪੈਂਦਾ। ਪੰਜਾਬ ਵਿੱਚ ਖਾਦ ਦੀ ਕਮੀ ਦੇ ਮੁੱਦੇ ’ਤੇ ਵੀ ਦਿੱਤਾ ਜਵਾਬ ਪੰਜਾਬ ਵਿੱਚ ਕਿਸਾਨਾਂ ਨੂੰ ਖਾਦ ਦੀ ਕਿੱਲਤ ਆਉਣ ਸਬੰਧੀ ਸਵਾਲ ’ਤੇ ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਖਾਦ ਦੀ ਕਮੀ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ, ਪਰ ਕੇਂਦਰ ਸਰਕਾਰ ਕੋਲ ਖਾਦ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।