ਅਕਾਲੀ ਦਲ-ਭਾਜਪਾ ਗਠਜੋੜ ਦੌਰਾਨ ਪਹੁੰਚੇ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ; ਸੰਗਤ 'ਚ ਬੈਠ ਕੇ ਕੀਤੀ ਗੁਰੂ ਘਰ ਦੀ ਸੇਵਾ
ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਮੰਗਲਵਾਰ ਸਵੇਰੇ ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਸਥਿਤ ਇਸ ਪਵਿੱਤਰ ਗੁਰਦੁਆਰਾ ਸਾਹਿਬ ਪਹੁੰਚੇ। ਗੁਰੂ ਨਾਨਕ ਜਯੰਤੀ ਦੇ ਵਿਸ਼ੇਸ਼ ਦਿਹਾੜੇ 'ਤੇ ਗੁਰਦੁਆਰਾ ਸਾਹਿਬ ਦੇ ਪਰਿਸਰ 'ਚ ਦਾਖ਼ਲ ਹੋਣ ਤੋਂ ਬਾਅਦ ਉਨ੍ਹਾਂ ਨੇ ਪੂਰੀ ਸ਼ਰਧਾ ਅਤੇ ਆਸਥਾ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਿਆ ਅਤੇ ਸੰਗਤ 'ਚ ਬੈਠ ਕੇ ਪਵਿੱਤਰ ਗੁਰਬਾਣੀ ਦਾ ਸਰਵਣ ਕੀਤਾ।
Publish Date: Tue, 24 Nov 2026 01:58 PM (IST)
Updated Date: Tue, 24 Nov 2026 02:05 PM (IST)
ਸਟੇਟ ਬਿਊਰੋ, ਜਾਗਰਣ ਸੁਲਤਾਨਪੁਰ ਲੋਧੀ : ਗੁਰੂ ਨਾਨਕ ਜਯੰਤੀ ਅਤੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਪੰਜਾਬ ਦੌਰੇ ਦੌਰਾਨ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਪਵਿੱਤਰ ਮੌਕੇ ਉਨ੍ਹਾਂ ਨੇ ਗੁਰੂ ਘਰ 'ਚ ਅਰਦਾਸ ਕਰ ਕੇ ਦੇਸ਼ ਵਾਸੀਆਂ ਦੀ ਸੁੱਖ-ਸਮ੍ਰਿੱਧੀ, ਸ਼ਾਂਤੀ ਅਤੇ ਖ਼ੁਸ਼ਹਾਲੀ ਦੀ ਕਾਮਨਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਸੰਗਤ ਨਾਲ ਮਿਲ ਕੇ ਸੇਵਾ ਕਾਰਜਾਂ 'ਚ ਵੀ ਹਿੱਸਾ ਲਿਆ।
ਨਿਰਧਾਰਤ ਪ੍ਰੋਗਰਾਮ ਅਨੁਸਾਰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਮੰਗਲਵਾਰ ਸਵੇਰੇ ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਸਥਿਤ ਇਸ ਪਵਿੱਤਰ ਗੁਰਦੁਆਰਾ ਸਾਹਿਬ ਪਹੁੰਚੇ। ਗੁਰੂ ਨਾਨਕ ਜਯੰਤੀ ਦੇ ਵਿਸ਼ੇਸ਼ ਦਿਹਾੜੇ 'ਤੇ ਗੁਰਦੁਆਰਾ ਸਾਹਿਬ ਦੇ ਪਰਿਸਰ 'ਚ ਦਾਖ਼ਲ ਹੋਣ ਤੋਂ ਬਾਅਦ ਉਨ੍ਹਾਂ ਨੇ ਪੂਰੀ ਸ਼ਰਧਾ ਅਤੇ ਆਸਥਾ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਿਆ ਅਤੇ ਸੰਗਤ 'ਚ ਬੈਠ ਕੇ ਪਵਿੱਤਰ ਗੁਰਬਾਣੀ ਦਾ ਸਰਵਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਿੱਖ ਪਰੰਪਰਾ ਅਤੇ ਮਰਿਆਦਾ ਅਨੁਸਾਰ ਗੁਰੂ ਘਰ ਦੀ ਸੇਵਾ 'ਚ ਆਪਣਾ ਯੋਗਦਾਨ ਪਾਇਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੇਂਦਰੀ ਮੰਤਰੀ ਨੂੰ ਰਵਾਇਤੀ ਤੌਰ 'ਤੇ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ।
ਦਰਸ਼ਨ ਅਤੇ ਸੇਵਾ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਆਪਣੇ ਅਧਿਆਤਮਿਕ ਅਨੁਭਵ ਸਾਂਝੇ ਕੀਤੇ। ਆਪਣੇ ਸੰਬੋਧਨ ਦੀ ਸ਼ੁਰੂਆਤ 'ਸਤਿਨਾਮ ਵਾਹਿਗੁਰੂ, ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ' ਦੇ ਜੈਕਾਰਿਆਂ ਨਾਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਬੇਹੱਦ ਖ਼ੁਸ਼ਕਿਸਮਤ ਸਮਝਦੇ ਹਨ। ਉਨ੍ਹਾਂ ਦੱਸਿਆ ਕਿ ਕਾਫ਼ੀ ਸਮੇਂ ਤੋਂ ਉਨ੍ਹਾਂ ਦੀ ਇੱਛਾ ਸੀ ਕਿ ਉਹ ਸੁਲਤਾਨਪੁਰ ਲੋਧੀ ਦੀ ਉਸ ਪਵਿੱਤਰ ਧਰਤੀ ਦੇ ਦਰਸ਼ਨ ਕਰਨ, ਜਿੱਥੇ ਬਾਬਾ ਗੁਰੂ ਨਾਨਕ ਦੇਵ ਜੀ ਨੇ 14 ਸਾਲ, 9 ਮਹੀਨੇ ਅਤੇ 13 ਦਿਨ ਤਪੱਸਿਆ ਕੀਤੀ ਸੀ। ਇਸੇ ਧਰਤੀ 'ਤੇ ਉਹ ਪਵਿੱਤਰ ਵੇਈਂ ਨਦੀ 'ਚ ਅਲੋਪ ਹੋ ਕੇ ਮੁੜ ਪ੍ਰਗਟ ਹੋਏ ਸਨ ਅਤੇ ਮਨੁੱਖਤਾ ਨੂੰ 'ਇਕ ਓਅੰਕਾਰ' ਦਾ ਸੰਦੇਸ਼ ਦਿੱਤਾ ਸੀ। ਅੱਜ ਉਨ੍ਹਾਂ ਦੀ ਇਹ ਇੱਛਾ ਪੂਰੀ ਹੋ ਗਈ ਹੈ ਅਤੇ ਉਹ ਆਪਣੇ ਆਪ ਨੂੰ ਧੰਨ ਮਹਿਸੂਸ ਕਰ ਰਹੇ ਹਨ।
ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦਾ ਜ਼ਿਕਰ ਕਰਦਿਆਂ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਬਾਬਾ ਗੁਰੂ ਨਾਨਕ ਦੇਵ ਜੀ ਨੇ 'ਇਕ ਓਅੰਕਾਰ' ਰਾਹੀਂ ਇਹ ਸੰਦੇਸ਼ ਦਿੱਤਾ ਹੈ ਕਿ ਪਰਮਾਤਮਾ ਇਕ ਹੈ ਅਤੇ ਅਸੀਂ ਸਾਰੇ ਉਸ ਦੀ ਸੰਤਾਨ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਤਿੰਨ ਮੁੱਖ ਸੰਦੇਸ਼ਾਂ- 'ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ' ਨਾਲ ਜੁੜਨਾ ਚਾਹੀਦਾ ਹੈ। ਇਸ ਦਾ ਅਰਥ ਹੈ ਕਿ ਅਸੀਂ ਇਮਾਨਦਾਰੀ ਨਾਲ ਮਿਹਨਤ ਕਰ ਕੇ ਆਪਣੀ ਰੋਜ਼ੀ-ਰੋਟੀ ਕਮਾਈਏ, ਜੋ ਕੁਝ ਵੀ ਸਾਡੇ ਕੋਲ ਹੈ, ਉਸ ਨੂੰ ਮਿਲ-ਵੰਡ ਕੇ ਛਕੀਏ, ਆਪਸ 'ਚ ਪਿਆਰ, ਸਨੇਹ ਅਤੇ ਭਾਈਚਾਰਾ ਬਣਾਈ ਰੱਖੀਏ ਅਤੇ ਮਾਂ, ਭੈਣ ਤੇ ਧੀ ਦਾ ਹਮੇਸ਼ਾ ਸਤਿਕਾਰ ਕਰੀਏ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਬਾਬਾ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਚ ਹੀ ਦੁਨੀਆ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਮੌਜੂਦ ਹੈ ਅਤੇ ਸਾਨੂੰ ਉਨ੍ਹਾਂ ਦੇ ਦਿਖਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸਿੱਖ ਧਰਮ ਦੇ ਬੇਹੱਦ ਪਵਿੱਤਰ ਅਤੇ ਇਤਿਹਾਸਕ ਅਸਥਾਨਾਂ 'ਚੋਂ ਇਕ ਹੈ। ਧਾਰਮਿਕ ਮਾਨਤਾਵਾਂ ਅਤੇ ਇਤਿਹਾਸ ਅਨੁਸਾਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਇਸੇ ਪਵਿੱਤਰ ਧਰਤੀ 'ਤੇ ਸਥਿਤ ਬੇਰ ਦੇ ਰੁੱਖ ਹੇਠ ਬੈਠ ਕੇ ਪਰਮਾਤਮਾ ਦੀ ਅਰਾਧਨਾ ਕੀਤੀ ਸੀ। ਇੱਥੇ ਹੀ ਉਨ੍ਹਾਂ ਨੂੰ ਆਤਮਿਕ ਗਿਆਨ ਦੀ ਪ੍ਰਾਪਤੀ ਹੋਈ ਸੀ ਅਤੇ ਇੱਥੋਂ ਹੀ ਉਨ੍ਹਾਂ ਨੇ ਸਮੁੱਚੀ ਮਨੁੱਖਤਾ ਨੂੰ ਜੋੜਨ ਵਾਲੇ 'ਮੂਲ ਮੰਤਰ' ਦਾ ਪਹਿਲੀ ਵਾਰ ਉਚਾਰਨ ਕੀਤਾ ਸੀ। ਗੁਰੂ ਨਾਨਕ ਜਯੰਤੀ ਅਤੇ ਪ੍ਰਕਾਸ਼ ਪੁਰਬ ਦੇ ਇਸ ਸ਼ੁਭ ਮੌਕੇ 'ਤੇ ਤਪੋਭੂਮੀ ਪਹੁੰਚ ਕੇ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਗੁਰੂ ਸਾਹਿਬ ਦੇ ਮਨੁੱਖਤਾ, ਆਪਸੀ ਭਾਈਚਾਰੇ ਅਤੇ ਨਿਸ਼ਕਾਮ ਸੇਵਾ ਦੇ ਸੰਦੇਸ਼ਾਂ ਨੂੰ ਨਮਨ ਕੀਤਾ। ਇਸ ਮੌਕੇ ਸਥਾਨਕ ਜਨ ਪ੍ਰਤੀਨਿਧੀ, ਪ੍ਰਸ਼ਾਸਨਿਕ ਅਧਿਕਾਰੀ ਅਤੇ ਵੱਡੀ ਗਿਣਤੀ 'ਚ ਸ਼ਰਧਾਲੂ ਮੌਜੂਦ ਸਨ।