ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀਆਂ ਤਨਖਾਹਾਂ ’ਚ ਕੀਤਾ ਅਥਾਹ ਵਾਧਾ : ਪੱਡਾ ਮਾਨ ਸਰਕਾਰ ਦਾ ਬੇਮਿਸਾਲ ਕਦਮ, ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ 120 ਫੀਸਦੀ ਤੋਂ ਵੱਧ ਵਾਧਾ : ਪੱਡਾ
Publish Date: Sun, 30 Aug 2026 07:59 PM (IST)
Updated Date: Sun, 30 Aug 2026 08:01 PM (IST)
ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਮੁੱਖ ਮੰਤਰੀ ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀਆਂ ਤਨਖਾਹਾਂ ’ਚ 120 ਫੀਸਦੀ ਤੋਂ ਵੱਧ ਵਾਧਾ ਕਰਨ ਨੂੰ ਇਤਿਹਾਸਕ ਤੇ ਸ਼ਲਾਘਾਯੋਗ ਫੈਸਲਾ ਕਰਾਰ ਦਿੰਦੇ ਹੋਏ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੋਆਬਾ ਜ਼ੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ ਨੇ ਕਿਹਾ ਕਿ ਇਸ ਫੈਸਲੇ ਨਾਲ ਲੰਮੇ ਸਮੇਂ ਤੋਂ ਘੱਟ ਤਨਖਾਹਾਂ ’ਤੇ ਸੇਵਾਵਾਂ ਨਿਭਾ ਰਹੇ ਲਗਭਗ 1,100 ਅਧਿਆਪਕਾਂ ਨੂੰ ਵੱਡੀ ਰਾਹਤ ਮਿਲੇਗੀ। ਪੱਡਾ ਨੇ ਕਿਹਾ ਕਿ ਆਦਰਸ਼ ਸਕੂਲਾਂ ਦੇ ਅਧਿਆਪਕ ਪਿਛਲੇ ਲਗਭਗ ਦੋ ਦਹਾਕਿਆਂ ਤੋਂ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਇਸ ਦੇ ਬਾਵਜੂਦ ਉਨ੍ਹਾਂ ਨੂੰ ਮਿਲਣ ਵਾਲੀ ਤਨਖਾਹ ਉਨ੍ਹਾਂ ਦੀ ਮਿਹਨਤ ਤੇ ਜ਼ਿੰਮੇਵਾਰੀਆਂ ਦੇ ਮੁਕਾਬਲੇ ਬਹੁਤ ਘੱਟ ਸੀ। ਉਨ੍ਹਾਂ ਕਿਹਾ ਕਿ ਹੁਣ ਤਨਖਾਹ 10 ਹਜ਼ਾਰ ਤੋਂ ਵਧ ਕੇ 22 ਹਜ਼ਾਰ ਰੁਪਏ ਤੋਂ ਵੱਧ ਹੋਣ ਨਾਲ ਅਧਿਆਪਕਾਂ ਨੂੰ ਆਰਥਿਕ ਤੌਰ ’ਤੇ ਵੱਡਾ ਸਹਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਅਧਿਆਪਕ ਕਿਸੇ ਵੀ ਸਮਾਜ ਦੀ ਨੀਂਹ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਜਦੋਂ ਅਧਿਆਪਕ ਆਰਥਿਕ ਤੇ ਸਮਾਜਿਕ ਤੌਰ ’ਤੇ ਮਜ਼ਬੂਤ ਹੋਵੇਗਾ ਤਾਂ ਉਹ ਹੋਰ ਵਧੇਰੇ ਉਤਸ਼ਾਹ ਤੇ ਸਮਰਪਣ ਨਾਲ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰ ਸਕੇਗਾ। ਇਸ ਲਈ ਸਰਕਾਰ ਵੱਲੋਂ ਅਧਿਆਪਕਾਂ ਦੀ ਭਲਾਈ ਲਈ ਲਿਆ ਗਿਆ ਇਹ ਫੈਸਲਾ ਸਿੱਖਿਆ ਦੇ ਖੇਤਰ ’ਚ ਵੀ ਸਾਕਾਰਾਤਮਕ ਪ੍ਰਭਾਵ ਪੈਦਾ ਕਰੇਗਾ। ਪੱਡਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਭਵਿੱਖ ਨੂੰ ਬਣਾਉਣ ਵਿੱਚ ਅਧਿਆਪਕਾਂ ਦੀ ਅਹਿਮ ਭੂਮਿਕਾ ਦੇ ਬਾਵਜੂਦ ਅਧਿਆਪਕ ਭਾਈਚਾਰੇ ਦੀ ਅਣਦੇਖੀ ਕੀਤੀ ਸੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਉਨ੍ਹਾਂ ਦੀਆਂ ਤਨਖਾਹਾਂ ਵਿੱਚ 120 ਫੀਸਦ ਤੋਂ ਵੱਧ ਵਾਧਾ ਕਰਕੇ ਇਸ ਲੰਬੇ ਸਮੇਂ ਤੋਂ ਚੱਲੇ ਆ ਰਹੇ ਅਨਿਆਂ ਨੂੰ ਦੂਰ ਕਰਨ ਦਾ ਫ਼ੈਸਲਾ ਕੀਤਾ ਹੈ। ਪੱਡਾ ਨੇ ਕਿਹਾ ਕਿ ਅਧਿਆਪਕਾਂ ਨੂੰ ਨਾ ਸਿਰਫ਼ ਵਧੀ ਹੋਈ ਤਨਖਾਹ ਮਿਲੇਗੀ, ਸਗੋਂ ਕੇਂਦਰੀ ਵਿਦਿਆਲਿਆ ਸਕੂਲ ਦੀ ਤਰਜ਼ ’ਤੇ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ, ਜਿਸ ਨਾਲ ਉਨ੍ਹਾਂ ਦੀਆਂ ਸੇਵਾ ਸ਼ਰਤਾਂ ਵਿੱਚ ਸੁਧਾਰ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਵੇਲੇ ਸੀਬੀਐੱਸਈ ਤੋਂ ਮਾਨਤਾ ਪ੍ਰਾਪਤ ਇਨ੍ਹਾਂ ਆਦਰਸ਼ ਸਕੂਲਾਂ ਵਿੱਚ 15,000 ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ ਤੇ ਸੂਬਾ ਸਰਕਾਰ ਵਿਦਿਆਰਥੀਆਂ ਤੇ ਅਧਿਆਪਕਾਂ ਦੋਵਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਜਦੋਂ ਅਧਿਆਪਕ ਸੁਰੱਖਿਅਤ ਤੇ ਸਤਿਕਾਰਤ ਮਹਿਸੂਸ ਕਰਦੇ ਹਨ ਤਾਂ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਮਿਲਦੀ ਹੈ। ਸਾਡੀ ਤਰਜੀਹ ਅਧਿਆਪਕਾਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ,ਤਾਂ ਜੋ ਇਨ੍ਹਾਂ ਸਕੂਲਾਂ ਵਿੱਚ ਪੜ੍ਹਦੇ ਹਰ ਬੱਚੇ ਦਾ ਭਵਿੱਖ ਸੁਰੱਖਿਅਤ ਰਹੇ। ਅੰਤ ’ਚ ਪੱਡਾ ਨੇ ਇਸ ਫੈਸਲੇ ਲਈ ਮੁੱਖ ਮੰਤਰੀ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਅਧਿਆਪਕਾਂ ਨੂੰ ਦਿੱਤੀ ਗਈ ਇਹ ਰਾਹਤ ਉਨ੍ਹਾਂ ਦੀ ਲੰਮੇ ਸਮੇਂ ਦੀ ਮਿਹਨਤ ਦਾ ਸਨਮਾਨ ਹੈ।