ਨੌਜਵਾਨਾਂ ਦੇ ਮੋਢਿਆਂ ’ਤੇ ਬੰਦੂਕ ਰੱਖ ਕੇ ਸਿਆਸੀ ਰੋਟੀਆਂ ਸੇਕਣਾ ਨਿੰਦਣਯੋਗ : ਠਾਕੁਰ ਨੌਜਵਾਨਾਂ ਦੇ ਮੋਢਿਆਂ ’ਤੇ ਬੰਦੂਕ ਰੱਖ ਕੇ ਸਿਆਸੀ ਰੋਟੀਆਂ ਸੇਕਣਾ ਨਿੰਦਣਯੋਗ: ਬਲਵਿੰਦਰ ਠਾਕੁਰ
Publish Date: Sun, 11 Oct 2026 07:09 PM (IST)
Updated Date: Sun, 11 Oct 2026 07:11 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਭਾਰਤੀ ਜਨਤਾ ਪਾਰਟੀ ਦੇ ਭਾਜਪਾ ਦੇ ਸੀਨੀਅਰ ਆਗੂ ਆਸ਼ੂ ਸਾਂਪਲਾ, ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਠਾਕੁਰ ਤੇ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਜਨਰਲ ਸਕੱਤਰ ਲੋਕੇਸ਼ ਬਾਲੀ ਨੇ ਕਾਂਗਰਸ ਤੇ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਨੌਜਵਾਨਾਂ ਨੂੰ ਸਿਆਸੀ ਹਿੱਤਾਂ ਲਈ ਮੋਹਰਾ ਬਣਾਉਣਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਮਜ਼ਬੂਤ ਵਿਰੋਧੀ ਧਿਰ ਦਾ ਹੋਣਾ ਜ਼ਰੂਰੀ ਹੈ, ਪਰ ਸਿਆਸੀ ਵਿਰੋਧ ਦੇ ਨਾਮ ’ਤੇ ਨੌਜਵਾਨਾਂ ਨੂੰ ਅੱਗੇ ਕਰਕੇ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨਾਂ ਲਈ ਉਕਸਾਉਣਾ ਠੀਕ ਨਹੀਂ ਹੈ। ਉਕਤ ਭਾਜਪਾ ਆਗੂਆਂ ਨੇ ਦੋਸ਼ ਲਾਇਆ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਵਿੱਚ ਨੌਜਵਾਨਾਂ ਨੂੰ ਕੇਂਦਰ ਸਰਕਾਰ ਵਿਰੁੱਧ ਖੜ੍ਹਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁਝ ਮਹੀਨੇ ਪਹਿਲਾਂ ਦਿੱਲੀ ਵਿੱਚ ਵਾਪਰੇ ਘਟਨਾਕ੍ਰਮ ਤੋਂ ਬਾਅਦ ਮੁੜ ਨੌਜਵਾਨਾਂ ਨੂੰ ਸਿਆਸੀ ਲੜਾਈ ਵਿੱਚ ਮੋਹਰਾ ਬਣਾਉਣਾ ਗਲਤ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਿੱਖਿਆ ਮੰਤਰੀ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਹੋਏ ਪ੍ਰਦਰਸ਼ਨਾਂ ਪਿੱਛੇ ਵੀ ਕਾਂਗਰਸ ਤੇ ‘ਆਪ’ ਦੀ ਸਿਆਸੀ ਰਣਨੀਤੀ ਸੀ ਤੇ ਹੁਣ ਚੋਣ ਅਧਿਕਾਰੀ ਗਿਆਨੇਸ਼ ਕੁਮਾਰ ਨੂੰ ਹਟਾਉਣ ਦੀ ਮੰਗ ਦੇ ਮਾਮਲੇ ਵਿੱਚ ਵੀ ਨੌਜਵਾਨਾਂ ਨੂੰ ਅੱਗੇ ਕੀਤਾ ਜਾ ਰਿਹਾ ਹੈ। ਭਾਜਪਾ ਆਗੂਆਂ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਤੇ ਉਨ੍ਹਾਂ ਦੀ ਊਰਜਾ ਨੂੰ ਦੇਸ਼ ਦੀ ਤਰੱਕੀ, ਸਿੱਖਿਆ, ਰੁਜ਼ਗਾਰ ਤੇ ਸਮਾਜ ਦੀ ਬਿਹਤਰੀ ਲਈ ਵਰਤਿਆ ਜਾਣਾ ਚਾਹੀਦਾ ਹੈ, ਨਾ ਕਿ ਸਿਆਸੀ ਮੰਤਵਾਂ ਲਈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿੱਚ ਹੋ ਰਹੇ ਵਿਕਾਸ ਕਾਰਜਾਂ ਦਾ ਵਿਰੋਧੀ ਪਾਰਟੀਆਂ ਕੋਲ ਕੋਈ ਠੋਸ ਬਦਲ ਨਹੀਂ ਹੈ, ਜਿਸ ਕਾਰਨ ਉਹ ਲੋਕਾਂ ਤੇ ਨੌਜਵਾਨਾਂ ਨੂੰ ਗੁਮਰਾਹ ਕਰਕੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਾਂਗਰਸ ਦੀ ਸਿਆਸਤ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਪਾਰਟੀ ਦੀ ਨੀਤੀ ਹਮੇਸ਼ਾ ਫੁੱਟ ਪਾਓ ਤੇ ਰਾਜ ਕਰੋ ਵਾਲੀ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਮੇਂ ਵਿੱਚ ਵੀ ਨੌਜਵਾਨਾਂ ਨੂੰ ਵਰਗਲਾ ਕੇ ਦਿੱਲੀ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਭਾਜਪਾ ਆਗੂਆਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਸਿਆਸੀ ਪਾਰਟੀ ਦੇ ਬਹਿਕਾਵੇ ਵਿੱਚ ਆਉਣ ਦੀ ਬਜਾਏ ਮਾਮਲਿਆਂ ਦੀ ਸੱਚਾਈ ਨੂੰ ਸਮਝਣ ਤੇ ਦੇਸ਼ ਦੇ ਵਿਕਾਸ ਵਿੱਚ ਆਪਣੀ ਸਰਗਰਮ ਭੂਮਿਕਾ ਨਿਭਾਉਣ।