ਖੈੜਾ ਇੰਟਰਨੈਸ਼ਨਲ ਸਕੂਲ ਵਿਚ ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਮਨਾਇਆ
ਖੈੜਾ ਇੰਟਰਨੈਸ਼ਨਲ ਸਕੂਲ ਵਿਚ ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਮਨਾਇਆ
Publish Date: Mon, 13 Apr 2026 07:18 PM (IST)
Updated Date: Mon, 13 Apr 2026 07:22 PM (IST)

ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ, ਕਪੂਰਥਲਾ : ਖੈੜਾ ਇੰਟਰਨੈਸ਼ਨਲ ਪਬਲਿਕ ਹਾਈ ਸਕੂਲ ਵਿੱਚ ਪ੍ਰਿੰਸੀਪਲ ਮੰਜੂ ਸ਼ਰਮਾ ਦੀ ਅਗਵਾਈ ਹੇਠ ਈਸਟ ਹਾਊਸ ਵੱਲੋਂ ਖਾਲਸਾ ਪੰਥ ਦਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਤਿਉਹਾਰ ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਵਿਸ਼ੇਸ਼ ਸਮਾਗਮ ਵਿੱਚ ਸਕੂਲ ਦੇ ਡਾਇਰੈਕਟਰ ਅਮਰੀਕ ਸਿੰਘ ਖੈੜਾ ਅਤੇ ਸ੍ਰੀਮਤੀ ਸੁਰਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਵਿਦਿਆਰਥੀਆਂ ਦਾ ਹੌਸਲਾ ਵਧਾਇਆ । ਸਮਾਗਮ ਦੀ ਸ਼ੁਰੂਆਤ ਧਾਰਮਿਕ ਅਤੇ ਰਵਾਇਤੀ ਮਾਹੌਲ ਵਿੱਚ ਕੀਤੀ ਗਈ, ਜਿਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ । ਬੱਚਿਆਂ ਨੇ ਗਿੱਧਾ, ਭੰਗੜਾ, ਕਵਿਤਾਵਾਂ, ਗੀਤਾਂ ਅਤੇ ਨਾਟਕਾਂ ਰਾਹੀਂ ਵਿਸਾਖੀ ਦੇ ਮਹੱਤਵ ਅਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਦਾ ਇਤਿਹਾਸ ਬਹੁਤ ਹੀ ਸੁੰਦਰ ਢੰਗ ਨਾਲ ਦਰਸਾਇਆ। ਇਸ ਮੌਕੇ ਮੁੱਖ ਮਹਿਮਾਨਾਂ ਨੇ ਨਵੇਂ ਸੈਸ਼ਨ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦਾ ਤਹਿ ਦਿਲੋਂ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਿੱਖਿਆ ਦੇ ਨਾਲ-ਨਾਲ ਸੱਭਿਆਚਾਰਕ ਅਤੇ ਨੈਤਿਕ ਮੁੱਲਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਬੱਚਿਆਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਦੇ ਹਨ ਅਤੇ ਉਨ੍ਹਾਂ ਨੂੰ ਆਪਣੀ ਸੰਸਕ੍ਰਿਤੀ ਨਾਲ ਜੋੜ ਕੇ ਰੱਖਦੇ ਹਨ। ਅੰਤ ਵਿੱਚ ਸੱਭਿਆਚਾਰਕ ਪ੍ਰੋਗਰਾਮ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਿੰਸੀਪਲ ਮੰਜੂ ਸ਼ਰਮਾ ਨੇ ਸਮਾਗਮ ਦੀ ਸਫਲਤਾ ਲਈ ਸਟਾਫ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਉਣ ਦਾ ਭਰੋਸਾ ਦਿੱਤਾ।