ਯੂਨੀਵਰਸਿਟੀ ਕਾਲਜ ਫੱਤੂਢੀਂਗਾ ’ਚ ਅਧਿਆਪਕ ਦਿਵਸ ਮਨਾਇਆ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਵਿਖੇ ਅਧਿਆਪਕ ਦਿਵਸ ਮੌਕੇ ਕਰਵਾਏ ਗਏ ਵੱਖ-ਵੱਖ ਮੁਕਾਬਲੇ
Publish Date: Mon, 07 Sep 2026 08:57 PM (IST)
Updated Date: Mon, 07 Sep 2026 08:58 PM (IST)
ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਂਗਾ : ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ) ਫੱਤੂਢੀਂਗਾ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਤੇ ਸਨੇਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਦੀ ਰਚਨਾਤਮਕਤਾ, ਕਲਾਤਮਕ ਹੁਨਰ ਤੇ ਅਧਿਆਪਕਾਂ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਪ੍ਰਗਟ ਕਰਨ ਲਈ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਕਲਾਸਰੂਮ ਸਜਾਵਟ, ਗ੍ਰੀਨ ਬੋਰਡ ਡੈਕੋਰੇਸ਼ਨ ਤੇ ਗ੍ਰੀਟਿੰਗ ਕਾਰਡ ਮੇਕਿੰਗ ਦੇ ਮੁਕਾਬਲੇ ਕਰਵਾਏ ਗਏ। ਵਿਦਿਆਰਥਣਾਂ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਸਿਰਜਣਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਦੇ ਨਤੀਜਿਆਂ ਵਿੱਚ ਬੀਕਾਮ ਭਾਗ ਦੂਜਾ ਨੇ ਪਹਿਲਾ ਸਥਾਨ ਹਾਸਲ ਕੀਤਾ। ਬੀਕਾਮ ਭਾਗ ਤੀਜਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਬੀਏ ਭਾਗ ਦੂਜਾ, ਬੀਸੀਏ ਭਾਗ ਤੀਜਾ ਤੇ ਬੀਐੱਸਸੀ ਫੈਸ਼ਨ ਡਿਜ਼ਾਈਨਿੰਗ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਜੀ ਦੁਆਰਾ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਜੇਤੂ ਵਿਦਿਆਰਥਣਾਂ ਨੂੰ ਸਨਮਾਨਤ ਕੀਤਾ ਗਿਆ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕ ਸਿਰਫ਼ ਵਿਦਿਆਰਥੀਆਂ ਨੂੰ ਵਿੱਦਿਅਕ ਗਿਆਨ ਹੀ ਨਹੀਂ ਦਿੰਦੇ, ਸਗੋਂ ਉਨ੍ਹਾਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ।